ਸੱਜਣ ਕੁਮਾਰ ਨੂੰ ਰਿਹਾਈ ਪਰ ਬੰਦੀ ਸਿੰਘਾਂ ਨੂੰ ਨਹੀਂ : ਪੁਰਖਾਲੀ
ਸੱਜਣ ਕੁਮਾਰ ਵਰਗੇ ਕਾਤਲਾਂ ਨੂੰ ਰਿਹਾਅ ਕੀਤਾ ਜਾ ਰਿਹਾ ਪ੍ਰੰਤੂ ਬੰਦੀ ਸਿੰਘਾਂ ਨੂੰ ਨਹੀਂ:ਗ
Publish Date: Sat, 24 Jan 2026 03:11 PM (IST)
Updated Date: Sat, 24 Jan 2026 03:13 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਬਹੁਜਨ ਸਮਾਜ ਪਾਰਟੀ ਰੂਪਨਗਰ ਦੇ ਨੌਜਵਾਨ ਆਗੂ ਗੋਲਡੀ ਪੁਰਖਾਲੀ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਾਲ 1984 ਵਿਚ ਸਿੱਖ ਨਸਲਕੁਸ਼ੀ ਦੌਰਾਨ ਸਿੱਖਾਂ ਦੇ ਕਾਤਲ ਸੱਜਣ ਕੁਮਾਰ ਨੂੰ ਅਦਾਲਤ ਵਲੋਂ ਬਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਇਸ ਦੀ ਸਖਤ ਸ਼ਬਦਾਂ ਵਿਚ ਨਿੰਦਾ ਕਰਦੇ ਕਿਹਾ ਕਿ ਸੱਜਣ ਕੁਮਾਰ ਵੱਲੋਂ ਉਸ ਸਮੇਂ ਕੀਤੇ ਗਏ ਕਤਲੇਆਮ ਦੀਆਂ ਗਵਾਹ ਬਜ਼ੁਰਗ ਬੀਬੀਆਂ ਹੁਣ ਵੀ ਸੋਸ਼ਲ ਮੀਡੀਆ ’ਤੇ ਗਵਾਹੀਆਂ ਦੇ ਰਹੀਆਂ ਹਨ ਕਿ ਸੱਜਣ ਕੁਮਾਰ ਹੀ ਦਿੱਲੀ ਸਿੱਖ ਕਤਲੇਆਮ ਦੀ ਅਗਵਾਈ ਕਰ ਰਿਹਾ ਸੀ। ਇਸ ਦੇ ਬਾਵਜੂਦ ਉਸ ਨੂੰ ਬਰੀ ਕਰਨ ਨਾਲ ਦੇਸ਼ ਦੀ ਕਾਨੂੰਨ ਵਿਵਸਥਾ ਸਵਾਲਾਂ ਦੇ ਘੇਰੇ ਵਿਚ ਆ ਗਈ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਸਿੱਖ ਨਸਲਕੁਸ਼ੀ ਦਾ ਸ਼ਿਕਾਰ ਹੋ ਕੇ ਆਪਣਾ ਸਭ ਕੁੱਝ ਗਵਾਉਣ ਵਾਲਿਆਂ ਸਮੇਤ ਸਮੂਹ ਸਿੱਖਾਂ ਦੇ ਮਨਾਂ ਨੂੰ ਡੂੰਘੀ ਸੱਟ ਵੱਜੀ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਸਮੇਂ ਦੀਆਂ ਸਰਕਾਰਾਂ ਅਤੇ ਕਾਨੂੰਨ ਦੇ ਰਾਖਿਆਂ ਦਾ ਦਾ ਦੋਗਲਾ ਚਿਹਰਾ ਸਭ ਦੇ ਸਾਹਮਣੇ ਨੰਗਾ ਹੋ ਗਿਆ ਹੈ। ਉਨ੍ਹਾਂ ਸੱਜਣ ਕੁਮਾਰ ਨੂੰ ਬਰੀ ਕਰਨ ਦਾ ਸਖਤ ਵਿਰੋਧ ਕੀਤਾ ਹੈ ਤੇ ਇਸ ਫੈਸਲੇ ਨੂੰ ਸਿੱਖ ਵਿਰੋਧੀ ਗਰਦਾਨਿਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਫੈਸਲਿਆਂ ਨਾਲ 84 ਦੌਰਾਨ ਨਸਲਕੁਸ਼ੀ ਦਾ ਸ਼ਿਕਾਰ ਹੋਏ ਸਿੱਖਾਂ ਦੇ ਮਨਾਂ ਵਿਚ ਦੇਸ਼ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਵੀ ਸਵਾਲ ਉੱਠ ਰਹੇ ਹਨ ਅਤੇ ਉਨ੍ਹਾਂ ਦੇ ਭਰੋਸੇ ਨੂੰ ਵੀ ਡੂੰਘੀ ਠੇਸ ਪਹੁੰਚੀ ਹੈ। ਗੋਲਡੀ ਨੇ ਕਿਹਾ ਕਿ ਇਸ ਦੇ ਉਲਟ ਸਿੱਖਾਂ ਨੂੰ ਨਜਾਇਜ਼ ਢੰਗ ਨਾਲ ਗਿਣੀ ਮਿੱਥੀ ਸਾਜ਼ਿਸ਼ ਦੇ ਤਹਿਤ ਐੱਨਐੱਸਏ ਵਰਗੀਆਂ ਧਾਰਾਵਾਂ ਲਗਾ ਕੇ ਜੇਲ੍ਹਾਂ ਵਿਚ ਨਜ਼ਰਬੰਦ ਕੀਤਾ ਗਿਆ ਹੈ। ਇਸ ਦੇ ਇਲਾਵਾ ਸਜ਼ਾ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਵੀ ਜੇਲ੍ਹਾਂ ਵਿੱਚੋਂ ਰਿਹਾਅ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਅਪੀਲ ਕੀਤੀ ਕਿ ਭਾਰਤ ਸਰਕਾਰ ਨੂੰ ਚਾਹੀਦਾ ਹੈ ਕਿ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਅਤੇ ਨਜਾਇਜ ਨਜ਼ਰਬੰਦ ਕੀਤੇ ਸਿੱਖਾਂ ਤੇ ਉਨ੍ਹਾਂ ਸਾਥੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਾਤਲਾਂ ਤੱਕ ਨੂੰ ਰਿਹਾਅ ਕਰ ਦਿੱਤਾ ਗਿਆ ਹੈ ਪ੍ਰੰਤੂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਤੇ ਨਜ਼ਰਬੰਦ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿੱਖਾਂ ਪ੍ਰਤੀ ਖੁੱਲੇਆਮ ਦੋਹਰੀ ਨੀਤੀ ਅਪਣਾਈ ਜਾ ਰਹੀ ਹੈ। ਉਨ੍ਹਾਂ ਸਰਕਾਰ ਦੀ ਨੀਤੀਆਂ ਦੀ ਸਖਤ ਨਿਖੇਧੀ ਕਰਦੇ ਹੋਏ ਬੰਦੀ ਤੇ ਨਜ਼ਰਬੰਦ ਸਿੰਘਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਹੈ।