ਗਣਤੰਤਰ ਦਿਵਸ ਦੇ ਮੱਦੇਨਜ਼ਰ ਤੇ ਲੋਕਾਂ ਦੀ ਸੁਰੱਖਿਆ ਪੁਲਿਸ ਮੁਸਤੈਦ : ਐੱਸਐੱਸਪੀ
ਗਣਤੰਤਰ ਦਿਵਸ ਦੇ ਮੱਦੇਨਜ਼ਰ ਤੇ ਲੋਕਾਂ ਦੀ ਸੁਰੱਖਿਆ ਲਈ ਰੂਪਨਗਰ ਪੁਲਿਸ ਪੂਰੀ ਤਰ੍ਹਾਂ ਨਾਲ ਮੁਸ਼ਤੈਦ - ਐੱਸਐੱਸਪੀ
Publish Date: Sun, 25 Jan 2026 06:32 PM (IST)
Updated Date: Mon, 26 Jan 2026 04:11 AM (IST)

ਰੂਪਨਗਰ ਸ਼ਹਿਰ ਸਮੇਤ ਪੂਰੇ ਜ਼ਿਲ੍ਹੇ ’ਚ ਕੱਢੇ ਫਲੈਗ ਮਾਰਚ। ਲਖਵੀਰ ਖਾਬੜਾ, ਪੰਜਾਬੀ ਜਾਗਰਣ, ਰੂਪਨਗਰ : ਗਣਤੰਤਰ ਦਿਵਸ ਦੇ ਮੱਦੇਨਜ਼ਰ ਤੇ ਲੋਕਾਂ ਦੀ ਸੁਰੱਖਿਆ ਲਈ ਰੂਪਨਗਰ ਪੁਲਿਸ ਪੂਰੀ ਤਰ੍ਹਾਂ ਨਾਲ ਮੁਸ਼ਤੈਦ ਹੈ। ਇਹ ਪ੍ਰਗਟਾਵਾ ਜ਼ਿਲ੍ਹਾ ਪੁਲਿਸ ਮੁਖੀ ਰੂਪਨਗਰ ਮਨਿੰਦਰ ਸਿੰਘ ਨੇ ਕੀਤਾ। ਐਤਵਾਰ ਨੂੰ ਰੂਪਨਗਰ ਸ਼ਹਿਰ ਵਿਚ ਕੱਢੇ ਗਏ ਫਲੈਗ ਮਾਰਚ ਦੀ ਅਗਵਾਈ ਕਰਦਿਆਂ ਬੇਲਾ ਚੌਕ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸਐੱਸਪੀ ਮਨਿੰਦਰ ਸਿੰਘ ਨੇ ਕਿਹਾ ਕਿ ਗਣਤੰਤਰ ਦਿਵਸ ਦੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਮੁੱਖ ਰੱਖਦਿਆਂ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਤੇ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ 26 ਜਨਵਰੀ ਨੂੰ ਰੂਪਨਗਰ ਦੇ ਨਹਿਰੂ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਅਮਨ-ਅਮਾਨ ਨਾਲ ਨੇਪਰੇ ਚਾੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅੱਜ ਪੁਲਿਸ ਵੱਲੋਂ ਪੂਰੇ ਜ਼ਿਲ੍ਹੇ ਵਿਚ ਫਲੈਗ ਮਾਰਚ ਕੱਢੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਗਣਤੰਤਰ ਦਿਵਸ ਦੇ ਮੱਦੇਨਜ਼ਰ ਵਿਸ਼ੇਸ਼ ਪੁਲਿਸ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜਿਨ੍ਹਾਂ ਵੱਲੋਂ ਹਰ ਭੀੜ-ਭੜੱਕੇ ਵਾਲੀ ਜਗ੍ਹਾ ਜਿਵੇਂ ਕਿ ਰੇਲਵੇ ਸਟੇਸ਼ਨ, ਬੱਸ ਸਟੈਂਡ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਵਿਸ਼ੇਸ਼ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਸ਼ਰਾਰਤੀ ਵਿਅਕਤੀ ਮਹੌਲ ਨੂੰ ਖਰਾਬ ਨਾ ਕਰ ਸਕੇ। ਇਸ ਦੌਰਾਨ ਮਨਿੰਦਰ ਸਿੰਘ ਨੇ ਕਿਹਾ ਕਿ ਸੁਰੱਖਿਆ ਦੇ ਮਕਸਦ ਤਹਿਤ ਸ਼ਹਿਰ ਦੀਆਂ ਵੱਖ-ਵੱਖ ਸਰ੍ਹਾਵਾਂ, ਹੋਟਲਾਂ ਅਤੇ ਢਾਬਿਆਂ ਦੀ ਚੈਕਿੰਗ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਫਲੈਗ ਮਾਰਚ ਦਾ ਮੁੱਖ ਮੰਤਵ ਆਮ ਲੋਕਾਂ ਦੇ ਲਈ ਸੁਖਾਵਾਂ ਮਾਹੌਲ, ਲੋਕਾਂ ਵਿਚ ਸਹੀ ਸੋਚ ਅਤੇ ਉਸਾਰੂ ਵਿਸ਼ਵਾਸ ਪੈਦਾ ਕਰਨਾ ਹੈ ਅਤੇ ਨਾਲ ਹੀ ਸ਼ਰਾਰਤੀ ਅਨਸਰਾਂ ’ਤੇ ਨਕੇਲ ਕੱਸਣ ਅਤੇ ਕਾਬੂ ਕਰਨ ਲਈ ਇਹ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਅਪਰਾਧਿਕ ਸੋਚ ਵਾਲੇ ਗੈਰਸਮਾਜੀ ਤੱਤਾਂ ਵਾਲੇ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਨਾ ਦੇ ਸਕਣ। ਇਸ ਮੌਕੇ ਐੱਸਪੀ ਅਰਵਿੰਦ ਮੀਨਾ ,ਡੀਐੱਸਪੀ ਰਾਜਪਾਲ ਸਿੰਘ ਗਿੱਲ, ਐੱਸਐੱਚਓ ਪਵਨ ਚੌਧਰੀ ਅਤੇ ਪੁਲਿਸ ਵਿਭਾਗ ਦੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।