ਡੀਸੀ ਨੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਡੀਸੀ ਨੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਪ੍ਰਗਤੀ ਦਾ ਲਿਆ ਜਾਇਜ਼ਾ
Publish Date: Sat, 31 Jan 2026 04:44 PM (IST)
Updated Date: Sat, 31 Jan 2026 04:46 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਦੇ ਕਮੇਟੀ ਰੂਮ ਵਿਖੇ ਡਿਪਟੀ ਕਮਿਸ਼ਨਰ ਅਦਿੱਤਿਆ ਡਚਲਵਾਲ ਵੱਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਸਬੰਧੀ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਡੀਸੀ ਅਦਿੱਤਿਆ ਡਚਲਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਨਾਗਰਿਕਾਂ ਲਈ 22 ਜਨਵਰੀ ਨੂੰ ਮੋਹਾਲੀ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਕੀਤੀ ਗਈ, ਜਿਸ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ ਤੇ ਹਰੇਕ ਨਾਗਰਿਕ ਨੂੰ ਕਵਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ “ਵੱਡੀਆਂ ਅਤੇ ਛੋਟੀਆਂ ਬਿਮਾਰੀਆਂ ਲਈ 10 ਲੱਖ ਰੁਪਏ ਤੱਕ ਦੀਆਂ ਸਾਰੀਆਂ ਦਵਾਈਆਂ ਅਤੇ ਟੈਸਟ ਮੁਫ਼ਤ ਹੋਣਗੇ। ਇਸ ਸਕੀਮ ਵਿਚ 2,356 ਤੋਂ ਵੱਧ ਇਲਾਜ ਪੈਕੇਜ ਸ਼ਾਮਲ ਕੀਤੇ ਗਏ ਹਨ ਜਦੋਂ ਕਿ ਪਹਿਲਾਂ ਇਹ ਪੈਕੇਜ ਸਿਰਫ 1,600 ਸਨ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਅਧੀਨ ਆਰਥੋਪੈਡਿਕਸ, ਜਨਰਲ ਮੈਡੀਸਨ, ਕਾਰਡੀਓਲੌਜੀ, ਨਿਊਰੋਲੌਜੀ, ਨੈਫਰੋਲੌਜੀ, ਯੂਰੋਲੌਜੀ, ਓਨਕੋਲੌਜੀ ਸਮੇਤ ਹੋਰ ਵਿਸ਼ੇਸ਼ ਇਲਾਜ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਦਿਲ ਨਾਲ ਸਬੰਧਤ ਅਤੇ ਕੈਂਸਰ ਦੇ ਇਲਾਜ, ਕਿਡਨੀ ਡਾਇਲਸਿਸ ਅਤੇ ਟ੍ਰਾਂਸਪਲਾਂਟ, ਦਿਮਾਗ ਅਤੇ ਰੀੜ੍ਹ ਦੀ ਹੱਡੀ ਦੀਆਂ ਸਰਜਰੀਆਂ, ਜਣੇਪਾ ਅਤੇ ਨਵਜੰਮੇ ਬੱਚਿਆਂ ਦੀ ਦੇਖਭਾਲ, ਦੁਰਘਟਨਾ ਤੇ ਐਮਰਜੈਂਸੀ, ਗੋਡੇ ਅਤੇ ਚੂਲੇ ਦੀਆਂ ਸਰਜਰੀਆਂ, ਮੋਤੀਆਬਿੰਦ ਸਰਜਰੀ ਅਤੇ ਹੋਰ ਇਲਾਜ ਸੇਵਾਵਾਂ ਵੀ ਇਸ ਯੋਜਨਾ ਵਿਚ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਹਸਪਤਾਲ ਦੇ ਖਰਚਿਆਂ ਦੇ ਨਾਲ-ਨਾਲ ਡਾਇਗਨੌਸਟਿਕ ਸੇਵਾਵਾਂ ਨੂੰ ਵੀ ਇਸ ਸਕੀਮ ਅਧੀਨ ਸ਼ਾਮਲ ਕੀਤਾ ਗਿਆ ਹੈ। ਇਨ੍ਹਾਂ ਹਸਪਤਾਲਾਂ ਨੂੰ ਇਲਾਜ ਤੋਂ ਬਾਅਦ 15 ਦਿਨਾਂ ਦੇ ਅੰਦਰ ਇਲਾਜ ਦੀ ਲਾਗਤ ਦਾ ਭੁਗਤਾਨ ਕਰ ਦਿੱਤਾ ਜਾਵੇਗਾ ਅਤੇ ਰਾਜ ਸਰਕਾਰ ਪਹਿਲਾਂ ਹੀ ਬੀਮਾ ਕੰਪਨੀ ਨੂੰ ਐਡਵਾਂਸ ਪ੍ਰੀਮੀਅਮ ਅਦਾ ਕਰ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਸਿਹਤ ਬੀਮਾ ਕਾਰਡ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਸ ਦੇ ਨਾਲ ਹੀ ਇੰਪੈਨਲਡ ਹਸਪਤਾਲਾਂ ਵਿਚ ਲਾਭਪਾਤਰੀ ਅਪਣਾ ਇਲਾਜ ਕਰਵਾ ਕੇ ਇਸ ਦਾ ਲਾਭ ਪ੍ਰਾਪਤ ਕਰ ਸਕਦੇ ਹਨ। ਇਹ ਕਾਰਡ ਬਣਾਉਣ ਲਈ ਹਰ ਪਿੰਡ ’ਚ ਕੈਂਪ ਲਾਏ ਜਾਣਗੇ ਤੇ ਕਾਮਨ ਸਰਵਿਸ ਸੈਂਟਰਾਂ ’ਤੇ ਵੀ ਬਿਨਾਂ ਕਿਸੇ ਫੀਸ ਦੇ ਕਾਰਡ ਬਣਾਏ ਜਾਣਗੇ। ਰਜਿਸਟ੍ਰੇਸ਼ਨ ਲਈ 18 ਸਾਲ ਤੋਂ ਵੱਧ ਉਮਰ ਵਾਲਿਆਂ ਲਈ ਆਧਾਰ ਕਾਰਡ ਤੇ ਵੋਟਰ ਕਾਰਡ ਜਦਕਿ 18 ਸਾਲ ਤੋਂ ਘੱਟ ਉਮਰ ਵਾਲਿਆਂ ਲਈ ਆਧਾਰ ਕਾਰਡ, ਜਨਮ ਸਰਟੀਫਿਕੇਟ ਤੇ ਮਾਤਾ ਜਾਂ ਪਿਤਾ ਦਾ ਵੋਟਰ ਕਾਰਡ ਲਾਜ਼ਮੀ ਹੋਵੇਗਾ। ਇਸ ਮੀਟਿੰਗ ਵਿਚ ਏਡੀਸੀ (ਜ) ਅਵਿਕੇਸ਼ ਗੁਪਤਾ, ਏਡੀਸੀ (ਪੇਵਿ) ਚੰਦਰਜਯੋਤੀ ਸਿੰਘ, ਸਹਾਇਕ ਕਮਿਸ਼ਨਰ (ਜ) ਅਰਵਿੰਦਰਪਾਲ ਸਿੰਘ ਸੋਮਲ, ਐੱਸਡੀਐੱਮ ਰੂਪਨਗਰ ਬਲਜਿੰਦਰ ਸਿੰਘ ਢਿੱਲੋਂ, ਐੱਸਡੀਐੱਮ ਸ਼੍ਰੀ ਅਨੰਦਪੁਰ ਸਾਹਿਬ ਜਸਪ੍ਰੀਤ ਸਿੰਘ, ਐੱਸਡੀਐੱਮ ਸ਼੍ਰੀ ਚਮਕੌਰ ਸਾਹਿਬ ਅਮਰੀਕ ਸਿੰਘ ਸਿੱਧੂ, ਐੱਸਡੀਐੱਮ ਮੋਰਿੰਡਾ ਗੁਰਦੇਵ ਸਿੰਘ ਧੰਮ, ਐੱਸਡੀਐਮ ਨੰਗਲ ਸਚਿਨ ਪਾਠਕ, ਜ਼ਿਲ੍ਹਾ ਮਾਲ ਅਫ਼ਸਰ ਬਾਦਲਦੀਨ, ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਡਾ.ਸੰਜੀਵ ਗੌਤਮ, ਯੂਥ ਪ੍ਰਧਾਨ ਚੇਤਨ ਕਾਲੀਆ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।