12 ਨੂੰ ਕੇਂਦਰ ਸਰਕਾਰ ਵਿਰੁੱਧ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ
12 ਫਰਵਰੀ ਨੂੰ ਕੇਂਦਰ ਸਰਕਾਰ ਵਿਰੁੱਧ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ
Publish Date: Sat, 07 Feb 2026 05:03 PM (IST)
Updated Date: Sat, 07 Feb 2026 05:05 PM (IST)

ਰਾਜਵੀਰ ਸਿੰਘ ਚੌਂਤਾ, ਪੰਜਾਬੀ ਜਾਗਰਣ ਸ਼੍ਰੀ ਚਮਕੌਰ ਸਾਹਿਬ : ਸ਼੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਸਬੰਧਿਤ ਇਫਟੂ ਬਲਾਕ ਸ਼੍ਰੀ ਚਮਕੌਰ ਸਾਹਿਬ ਦੀ ਮੀਟਿੰਗ ਪ੍ਰਧਾਨ ਬਲਵਿੰਦਰ ਸਿੰਘ ਭੈਰੋਮਾਜਰਾ ਦੀ ਪ੍ਰਧਾਨਗੀ ਹੇਠ ਹੋਈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜਨਰਲ ਸਕੱਤਰ ਮਨਮੋਹਣ ਸਿੰਘ ਕਾਲਾ ਨੇ ਦੱਸਿਆ ਕਿ ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ ’ਤੇ ਕੇਂਦਰ ਸਰਕਾਰ ਵੱਲੋਂ ਕਾਰਪੋਰੇਟ ਪੱਖੀ ਲਿਆਂਦੇ ਗਏ ਚਾਰ ਲੇਬਰ ਕੋਡ, ਮਨਰੇਗਾ ਨੂੰ ਖਤਮ ਕਰਨ, ਬੀਜ-ਬਿਜਲੀ ਬਿਲ-2025 ਆਦਿ ਦੇ ਵਿਰੋਧ ਅਤੇ ਹੋਰ ਮਜ਼ਦੂਰਾਂ, ਮੁਲਾਜ਼ਮਾਂ ਤੇ ਕਿਸਾਨਾਂ ਦੀਆਂ ਮੰਗਾਂ ਸਬੰਧੀ 12 ਫਰਵਰੀ ਨੂੰ ਦੇਸ਼ ਵਿਆਪੀ ਹੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਯੂਨੀਅਨ ਵੱਲੋਂ ਇਸ ਹੜਤਾਲ੍ਹ ਦੀ ਜ਼ੋਰਦਾਰ ਹਮਾਇਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 12 ਫਰਵਰੀ ਨੂੰ ਬਲਾਕ ਸ਼੍ਰੀ ਚਮਕੌਰ ਸਾਹਿਬ ਦੇ ਲੇਬਰ ਚੌਂਕ ਵਿਖੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਬੁਨਿਆਦੀ ਸਹੂਲਤਾਂ ਸਮੇਤ ਹੋਰ ਮੰਗਾਂ ਸਬੰਧੀ ਐੱਸਡੀਐੱਮ ਸ਼੍ਰੀ ਚਮਕੌਰ ਸਾਹਿਬ ਨੂੰ ਮੰਗ ਪੱਤਰ ਦਿੱਤਾ ਜਾਵੇਗਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਥਾਨਕ ਪੱਧਰ ਦੀਆਂ ਮੰਗਾਂ ਦਾ ਨਿਪਟਾਰਾ ਨਾ ਕੀਤਾ ਗਿਆ ਤਾਂ ਛੇਤੀ ਹੀ ਅਗਲੇ ਸੰਘਰਸ਼ਾਂ ਦਾ ਐਲਾਨ ਕੀਤਾ ਜਾਵੇਗਾ। ਇਸ ਮੌਕੇ ਆਗੂਆਂ ਵੱਲੋਂ ਸਰਕਾਰ ਵੱਲੋਂ ਬਠਿੰਡਾ ਵਿਖੇ ਕਿਸਾਨਾਂ ’ਤੇ ਕੀਤੇ ਜਾ ਰਹੇ ਜਬਰ ਦੀ ਜ਼ੋਰਦਾਰ ਨਿਖੇਧੀ ਕੀਤੀ ਗਈ ਤੇ ਗ੍ਰਿਫਤਾਰ ਕੀਤੇ ਕਿਸਾਨਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਮਲਾਗਰ ਸਿੰਘ, ਦਲਵੀਰ ਸਿੰਘ ਜਟਾਣਾ, ਸਤਵਿੰਦਰ ਸਿੰਘ ਨੀਟਾ, ਜਸਵੀਰ ਸਿੰਘ ਪਲੰਬਰ, ਜਗਮੀਤ ਸਿੰਘ, ਸੁਰਿੰਦਰ ਸਿੰਘ, ਰਮੇਸ਼ ਕੁਮਾਰ ਕਾਕਾ, ਦਵਿੰਦਰ ਸਿੰਘ ਰਾਜੂ, ਗੁਲਾਬ ਚੰਦ ਚੌਹਾਨ, ਗੁਰਮੇਲ ਸਿੰਘ, ਅਜੈਬ ਸਿੰਘ ਸਮਾਣਾ, ਰਘਬੀਰ ਸਿੰਘ, ਜੀਵਨ ਸਿੰਘ, ਕਮਲਜੀਤ ਸਿੰਘ, ਓਂਕਾਰ ਸਿੰਘ, ਬਹਾਦਰ ਸਿੰਘ ਆਦਿ ਹਾਜ਼ਰ ਸਨ।