ਆਪਰੇਸ਼ਨ ਪ੍ਰਹਾਰ-2 ਦੌਰਾਨ ਕੋਰਟ ਕੰਪਲੈਕਸ ਦੀ ਚੈਕਿੰਗ
ਆਪਰੇਸ਼ਨ ਪ੍ਰਹਾਰ-2: ਰੂਪਨਗਰ ਪੁਲਿਸ ਨੇ ਜ਼ਿਲ੍ਹਾ ਕੋਰਟ ਕੰਪਲੈਕਸ ਦੀ ਕੀਤੀ ਚੈਕਿੰਗ
Publish Date: Tue, 10 Feb 2026 05:22 PM (IST)
Updated Date: Tue, 10 Feb 2026 05:23 PM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਗੈਂਗਸਟਰਾਂ ‘ਤੇ ਵਾਰ ਆਪਰੇਸ਼ਨ ਪ੍ਰਹਾਰ-2 ਤਹਿਤ ਮੰਗਲਵਾਰ ਨੂੰ ਰੂਪਨਗਰ ਪੁਲਿਸ ਵੱਲੋਂ ਜ਼ਿਲ੍ਹਾ ਕੋਰਟ ਕੰਪਲੈਕਸ ਦੀ ਚੈਕਿੰਗ ਕੀਤੀ ਗਈ, ਇਸ ਮੁਹਿੰਮ ਦੀ ਅਗਵਾਈ ਡੀਆਈਜੀ ਰੂਪਨਗਰ ਰੇਂਜ ਨਾਨਕ ਸਿੰਘ ਵਲੋਂ ਕੀਤੀ ਗਈ। ਮੀਡੀਆ ਨਾਲ ਗੱਲਬਾਤ ਕਰਦਿਆਂ ਡੀਆਈਜੀ ਰੂਪਨਗਰ ਰੇਂਜ ਨਾਨਕ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਾ ਮੁਕਤ ਅਤੇ ਅਪਰਾਧ ਮੁਕਤ ਪੰਜਾਬ ਬਣਾਉਣ ਲਈ ਲਗਾਤਾਰ ਸਖ਼ਤ ਫ਼ੈਸਲੇ ਲਏ ਜਾ ਰਹੇ ਹਨ। ਉਨ੍ਹਾਂ ਦੀ ਦੂਰਦਰਸ਼ੀ ਸੋਚ ਅਤੇ ਸਖ਼ਤ ਨੀਤੀ ਦਾ ਨਤੀਜਾ ਹੈ ਕਿ ਪੁਲਿਸ ਹੁਣ ਪੂਰੇ ਜੋਸ਼ ਨਾਲ ਮੈਦਾਨ ਵਿਚ ਉਤਰ ਕੇ ਅਪਰਾਧੀਆਂ ਖ਼ਿਲਾਫ਼ ਕਾਰਵਾਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਪਰੇਸ਼ਨ ਪ੍ਰਹਾਰ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਗੈਂਗਸਟਰਾਂ, ਸਹਿਯੋਗੀਆਂ, ਘੋਸ਼ਿਤ ਅਪਰਾਧੀਆਂ ਅਤੇ ਸ਼ਰਾਰਤੀ ਅਨਸਰਾਂ ਦੇ ਟਿਕਾਣਿਆਂ ‘ਤੇ ਰੇਡਾਂ ਕਰਕੇ, ਅਜਿਹੇ ਅਪਰਾਧੀਆਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ੱਕੀ ਵਿਅਕਤੀਆਂ ਦੀ ਪੁੱਛਗਿੱਛ, ਸਮਾਨ ਦੀ ਜਾਂਚ ਅਤੇ ਆਉਣ-ਜਾਣ ਵਾਲੇ ਵਾਹਨਾਂ ਦੀ ਗਹਿਰਾਈ ਨਾਲ ਤਲਾਸ਼ੀ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਅਪਰਾਧਿਕ ਤੱਤ ਨੂੰ ਕਾਨੂੰਨ ਤੋਂ ਬਚਣ ਦਾ ਮੌਕਾ ਨਾ ਮਿਲੇ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਪੀਏਆਈਐਸ ਐਪ ਰਾਹੀਂ ਵਿਅਕਤੀਆਂ ਦੀ ਪਹਿਚਾਣ ਦੀ ਪੁਸ਼ਟੀ ਕੀਤੀ ਜਾ ਰਹੀ ਹੈ ਅਤੇ ਵਹੀਕਲ ਐਪ ਦੇ ਜ਼ਰੀਏ ਵਾਹਨਾਂ ਦੀ ਜਾਂਚ ਕਰਕੇ ਉਨ੍ਹਾਂ ਦੇ ਮਾਲਕਾਂ ਦਾ ਅਪਰਾਧਿਕ ਰਿਕਾਰਡ ਵੀ ਚੈੱਕ ਕੀਤਾ ਜਾ ਰਿਹਾ ਹੈ ਤਾਂ ਜੋ ਕਿਸੇ ਵੀ ਅਪਰਾਧੀ ਤੱਤ ਨੂੰ ਬਚਣ ਦਾ ਮੌਕਾ ਨਾ ਮਿਲੇ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹੇ ਵਿਚ ਕਾਨੂੰਨ ਦੀ ਸਥਿਤੀ ਬਣਾਏ ਰੱਖਣ, ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ’ਤੇ ਪੂਰੀ ਤਰ੍ਹਾਂ ਰੋਕ ਲਗਾਉਣ ਲਈ ਅਜਿਹੀਆਂ ਖੁਫੀਆ ਜਾਣਕਾਰੀ ਆਧਾਰਿਤ ਮੁਹਿੰਮਾਂ ਅੱਗੇ ਵੀ ਨਿਰੰਤਰ ਜਾਰੀ ਰਹਿਣਗੀਆਂ। ਇਸ ਮੌਕੇ ਐੱਸਪੀ ਅਰਵਿੰਦ ਮੀਨਾ, ਡੀਐਸਪੀ ਰਾਜਪਾਲ ਸਿੰਘ ਗਿੱਲ, ਐੱਸਐੱਚਓ ਪਵਨ ਚੌਧਰੀ, ਐੱਸਐੱਚਓ ਸੰਨੀ ਖੰਨਾ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।