12 ਦੀ ਹੜਤਾਲ ਨੂੰ ਸਫਲ ਬਣਾਉਣ ਲਈ ਮਜ਼ਦੂਰਾਂ ਨੂੰ ਅਪੀਲ ਕੀਤੀ
12 ਤਰੀਕ ਨੂੰ ਦੇਸ਼ ਵਿਆਪੀ ਹੜਤਾਲ ਨੂੰ ਸਫਲ ਬਣਾਉਣ ਲਈ ਮਜ਼ਦੂਰਾਂ ਨੂੰ ਅਪੀਲ ਕੀਤੀ
Publish Date: Tue, 10 Feb 2026 05:57 PM (IST)
Updated Date: Tue, 10 Feb 2026 05:59 PM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਪਾਵਰਕਾਮ ਦੀਆ ਵੱਖ ਵੱਖ ਯੂਨੀਅਨਾਂ ਦੇ ਆਗੂ ਤੇ ਵਰਕਰਾਂ ਨੇ ਆਪਣੀਆ ਮੰਗਾਂ ਨੂੰ ਲੈ ਕੇ ਦਫਤਰ ਸਾਹਮਣੇ ਗੇਟ ਰੈਲੀ ਕੀਤੀ ਅਤੇ 12 ਫਰਵਰੀ ਨੂੰ ਹੋਣ ਵਾਲੀ ਇੱਕ ਰੋਜ਼ਾ ਦੇਸ਼ ਵਿਆਪੀ ਹੜਤਾਲ ਦੀਆਂ ਤਿਆਰੀਆਂ ਨੂੰ ਵੀ ਅੰਤਿਮ ਰੂਪ ਦਿੱਤਾ ਗਿਆ। ਇਸ ਮੌਕੇ ਤੇ ਵੱਖ ਵੱਖ ਆਗੂਆ ਨੇ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੋਵਾਂ ਦੀਆਂ ਮੰਗਾਂ ਨੂੰ ਲਗਾਤਾਰ ਸਰਕਾਰਾਂ ਵੱਲੋਂ ਅਣਗੌਲਿਆ ਕੀਤਾ ਜਾਂਦਾ ਰਿਹਾ ਹੈ, ਜਿਸ ਕਾਰਨ ਮੁਲਾਜ਼ਮਾਂ ਵਿਚ ਰੋਸ ਦੀ ਲਹਿਰ ਹੈ। ਉਨ੍ਹਾਂ ਕਿਹਾਕਿ ਜਿੱਥੇ ਜਥੇਬੰਦੀਆ ਕੇਂਦਰ ਸਰਕਾਰ ਬਿਜਲੀ ਸੋਧ ਐਕਟ 2025 ਅਤੇ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਚਾਰ ਕਿਰਤ ਕੋਡਾਂ ਨੂੰ ਰੱਦ ਕਰਨ ਦੀ ਜ਼ੋਰਦਾਰ ਮੰਗ ਕਰ ਰਹੀ ਹੈ, ਉੱਥੇ ਹੀ ਪੰਜਾਬ ਸਰਕਾਰ ਵੀ ਲੰਬੇ ਸਮੇਂ ਤੋਂ 2004 ਤੋਂ ਬਾਅਦ ਭਰਤੀ ਕੀਤੇ ਗਏ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਪ੍ਰਣਾਲੀ ਅਧੀਨ ਲਿਆਉਣ ਦੀ ਮੰਗ ਕਰ ਰਹੀ ਹੈ। ਉਨ੍ਹਾਂ ਕਿਹਾਕਿ 17 ਜੁਲਾਈ, 2020 ਤੋਂ ਬਾਅਦ ਭਰਤੀ ਕੀਤੇ ਮੁਲਾਜ਼ਮਾਂ ਤੇ ਸੱਤਵੇਂ ਤਨਖਾਹ ਕਮਿਸ਼ਨ ਨੂੰ ਜ਼ਬਰਦਸਤੀ ਲਾਗੂ ਕਰਨਾ, ਮੁਲਾਜ਼ਮਾਂ ਦੇ ਲੰਬਿਤ 16% ਡੀਏ ਅਤੇ ਬਕਾਇਆ ਬਕਾਏ ਦਾ ਭੁਗਤਾਨ ਨਾ ਕਰਨਾ, ਪੈਨਸ਼ਨਰਾਂ ਦੀ 2.59 ਗੁਣਕ ਦੀ ਮੰਗ ਨੂੰ ਪੂਰਾ ਕਰਨ ਵਿੱਚ ਅਸਫਲਤਾ, ਪਾਵਰਕਾਮ ਮੈਨੇਜਮੈਂਟ ਵੱਲੋਂ ਕੀਮਤੀ ਜ਼ਮੀਨ ਨੂੰ ਕੌਡੀਆ ਭਾਅ ਤੇ ਵੇਚਣਾ ਅਤੇ ਪਾਵਰਕਾਮ ਦੇ ਅੰਦਰ ਨਿੱਜੀਕਰਨ ਨੀਤੀਆਂ ਨੂੰ ਉਤਸ਼ਾਹਿਤ ਕਰਨ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ, ਪਰ ਕੇਂਦਰ ਅਤੇ ਪੰਜਾਬ ਸਰਕਾਰਾਂ ਸੁਣਨ ਲਈ ਤਿਆਰ ਨਹੀਂ ਹਨ। ਉਨ੍ਹਾਂ ਕਿਹਾ ਕਿ ਇਸ ਜ਼ੁਲਮ ਦੇ ਵਿਰੋਧ ਵਿਚ ਕੇਂਦਰੀ ਟਰੇਡ ਯੂਨੀਅਨਾਂ ਦੇ ਨਾਲ-ਨਾਲ ਕਿਸਾਨ, ਮਜ਼ਦੂਰ ਅਤੇ ਕਰਮਚਾਰੀ ਪੱਖੀ ਸੰਗਠਨਾਂ, ਜੁਆਇੰਟ ਫੋਰਮ ਪੰਜਾਬ, ਬਿਜਲੀ ਮੁਲਾਜ਼ਿਮ ਏਕਤਾ ਮੰਚ ਪੰਜਾਬ, ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰਜ਼ ਪੰਜਾਬ ਅਤੇ ਗਰਿੱਡ ਸਟਾਫ ਦੇ ਸੱਦੇ ਤੇ 12 ਫਰਵਰੀ ਨੂੰ ਇੱਕ ਰੋਜ਼ਾ ਦੇਸ਼ ਵਿਆਪੀ ਹੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਵਿਸ਼ੇਸ਼ ਤੌਰ ਤੇ ਸਾਰੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਇਸ ਹੜਤਾਲ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਸਬ-ਡਵੀਜ਼ਨ ਰੂਪਨਗਰ ਦੇ ਪ੍ਰਧਾਨ ਕਰਮ ਸਿੰਘ ਦੇ ਨਾਲ ਸੁਖਰਾਮਪੁਰ ਦੇ ਪ੍ਰਧਾਨ ਪਲਵਿੰਦਰ ਸਿੰਘ, ਮੀਆਂਪੁਰ ਦੇ ਪ੍ਰਧਾਨ ਜਸਵਿੰਦਰ ਸਿੰਘ, ਘਨੌਲੀ ਦੇ ਸਕੱਤਰ ਸੰਤੋਸ਼ ਤਿਵਾੜੀ ਨੇ ਮੁੱਖ ਤੌਰ ਤੇ ਇਕੱਠ ਨੂੰ ਸੰਬੋਧਨ ਕੀਤਾ ਜਦੋਂ ਕਿ ਪੈਨਸ਼ਨਰ ਯੂਨੀਅਨ ਪੰਜਾਬ ਦੇ ਪ੍ਰਧਾਨ ਰਾਧੇ ਸ਼ਾਮ ਦੇ ਨਾਲ-ਨਾਲ ਪ੍ਰਧਾਨ ਹਰਜਿੰਦਰ ਸਿੰਘ, ਪ੍ਰਧਾਨ ਕੰਵਲਜੀਤ ਸਿੰਘ ਨੇ ਵੀ ਸਾਰਿਆਂ ਨੂੰ 12 ਫਰਵਰੀ ਦੀ ਹੜਤਾਲ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ।