ਕੇਂਦਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖਿਲਾਫ ਧਰਨਾ
ਕੇਂਦਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖਿਲਾਫ ਧਰਨਾ, ਆਪ ਆਗੂਆਂ ਨੇ ਕੀਤੀ ਸ਼ਮੂਲੀਅਤ
Publish Date: Thu, 12 Feb 2026 05:28 PM (IST)
Updated Date: Thu, 12 Feb 2026 05:30 PM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਯੂਐਸ ਬਿੱਲ ਅਤੇ ਹੋਰ ਕਿਸਾਨ ਵਿਰੋਧੀ ਨੀਤੀਆਂ ਦੇ ਖਿਲਾਫ ਬੇਲਾ ਚੌਕ ਰੂਪਨਗਰ ਵਿਖੇ ਕਿਸਾਨ ਜਥੇਬੰਦੀਆਂ ਵੱਲੋਂ ਲਗਾਏ ਗਏ ਧਰਨੇ ਵਿਚ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਭਰਪੂਰ ਹਾਜ਼ਰੀ ਭਰੀ। ਹਲਕਾ ਵਿਧਾਇਕ ਦਿਨੇਸ਼ ਚੱਢਾ ਅਤੇ ਜ਼ਿਲ੍ਹਾ ਪ੍ਰਧਾਨ ਡਾ. ਸੰਜੀਵ ਗੌਤਮ ਦੀ ਅਗਵਾਈ ਹੇਠ, ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਅਤੇ ਜ਼ਿਲ੍ਹਾ ਸਿੱਖਿਆ ਇੰਚਾਰਜ ਰਾਜ ਕੁਮਾਰ ਖੋਂਸਲਾ ਦੀ ਦੇਖ-ਰੇਖ ਵਿਚ ਪਾਰਟੀ ਦੀ ਸਮੁੱਚੀ ਟੀਮ ਨੇ ਕਿਸਾਨਾਂ ਨਾਲ ਇਕਜੁੱਟਤਾ ਜਤਾਈ। ਧਰਨੇ ਨੂੰ ਸੰਬੋਧਨ ਕਰਦਿਆਂ ਵਿਧਾਇਕ ਦਿਨੇਸ਼ ਚੱਢਾ ਚੇਅਰਮੈਨ ਸ਼ਿਵ ਕੁਮਾਰ ਲਾਲਪੁਰਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਬਿੱਲ ਅਤੇ ਨੀਤੀਆਂ ਕਿਸਾਨਾਂ ਦੇ ਹਿੱਤਾਂ ਦੇ ਵਿਰੁੱਧ ਹਨ, ਜਿਨ੍ਹਾਂ ਨਾਲ ਖੇਤੀਬਾੜੀ ਖੇਤਰ ਨੂੰ ਗੰਭੀਰ ਨੁਕਸਾਨ ਪਹੁੰਚ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕਿਸਾਨਾਂ ਦੀ ਧਰਤੀ ਹੈ ਅਤੇ ਇੱਥੋਂ ਦੇ ਕਿਸਾਨਾਂ ਦੇ ਅਧਿਕਾਰਾਂ ਨਾਲ ਕਿਸੇ ਵੀ ਕਿਸਮ ਦੀ ਛੇੜਛਾੜ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਆਮ ਆਦਮੀ ਪਾਰਟੀ ਹਮੇਸ਼ਾਂ ਕਿਸਾਨਾਂ ਦੇ ਹੱਕਾਂ ਲਈ ਡੱਟ ਕੇ ਖੜੀ ਰਹੇਗੀ। ਚੇਅਰਮੈਨ ਰਾਮ ਕੁਮਾਰ ਮੁਕਾਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਸੰਵਾਦ ਰਾਹੀਂ ਮਸਲੇ ਹੱਲ ਕਰਨੇ ਚਾਹੀਦੇ ਹਨ ਨਾ ਕਿ ਇਕਪੱਖੀ ਫ਼ੈਸਲੇ ਲਾਗੂ ਕਰਨੇ। ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਅਣਦੇਖੀ ਕਰਨਾ ਦੇਸ਼ ਹਿੱਤ ਵਿਚ ਨਹੀਂ। ਇਸ ਮੌਕੇ ਚੇਅਰਮੈਨ ਭਾਗ ਸਿੰਘ ਮਦਾਨ, ਚੇਅਰਮੈਨ ਰਾਮ ਕੁਮਾਰ ਮੁਕਾਰੀ, ਚੇਅਰਮੈਨ ਸ਼ਿਵ ਕੁਮਾਰ ਲਾਲਪੁਰਾ, ਪਰਮਿੰਦਰ ਸਿੰਘ ਬਾਲਾ ਸਮੇਤ ਹੋਰ ਕਈ ਆਪ ਆਗੂ ਅਤੇ ਵਰਕਰ ਮੌਜੂਦ ਸਨ।