365 ਬੱਚਿਆਂ ਤੇ 74 ਗਰਭਵਤੀਆਂ ਦਾ ਕੀਤਾ ਟੀਕਾਕਰਨ
365 ਬੱਚਿਆਂ ਅਤੇ 74 ਗਰਭਵਤੀ ਮਹਿਲਾਵਾਂ ਦਾ ਕੀਤਾ ਗਿਆ ਟੀਕਾਕਰਨ
Publish Date: Sun, 15 Feb 2026 03:56 PM (IST)
Updated Date: Sun, 15 Feb 2026 03:57 PM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ: ਸਿਹਤ ਵਿਭਾਗ ਰੂਪਨਗਰ ਵੱਲੋਂ ਮਾਂ-ਬੱਚੇ ਦੀ ਸਿਹਤ ਨੂੰ ਸੁਰੱਖਿਅਤ ਰੱਖਣ ਦੇ ਉਦੇਸ਼ ਨਾਲ ਚਲਾਏ ਗਏ ਵਿਸ਼ੇਸ਼ ਟੀਕਾਕਰਨ ਹਫ਼ਤੇ ਦੇ ਸਬੰਧ ਵਿਚ ਸਿਵਲ ਸਰਜਨ ਡਾ. ਨਵਰੂਪ ਕੌਰ ਨੇ ਅਹਿਮ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦੌਰਾਨ ਜ਼ਿਲ੍ਹੇ ਵਿਚ ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਨੂੰ ਕਵਰ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ। ਡਾ. ਨਵਰੂਪ ਕੌਰ ਨੇ ਦੱਸਿਆ ਕਿ ਇਸ ਹਫ਼ਤੇ ਦੌਰਾਨ ਸਿਹਤ ਟੀਮਾਂ ਵੱਲੋਂ ਪੂਰੀ ਤਨਦੇਹੀ ਨਾਲ ਕੰਮ ਕਰਦਿਆਂ ਕੁੱਲ 365 ਬੱਚਿਆਂ ਦਾ ਟੀਕਾਕਰਨ ਕੀਤਾ ਗਿਆ, ਜੋ ਕਿ ਕਿਸੇ ਕਾਰਨ ਆਪਣੇ ਰੂਟੀਨ ਟੀਕਿਆਂ ਤੋਂ ਖੁੰਝ ਗਏ ਸਨ। ਉਨ੍ਹਾਂ ਦੱਸਿਆ ਕਿ ਕੁੱਲ 74 ਗਰਭਵਤੀ ਮਹਿਲਾਵਾਂ ਨੂੰ ਜਾਨਲੇਵਾ ਬਿਮਾਰੀਆਂ ਤੋਂ ਬਚਾਉਣ ਲਈ ਲੋੜੀਂਦੇ ਟੀਕੇ ਲਗਾਏ ਗਏ। ਸਿਵਲ ਸਰਜਨ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਨਿਸ਼ਾਨਾ ਉਨ੍ਹਾਂ ਖੇਤਰਾਂ (ਜਿਵੇਂ ਕਿ ਸਲੱਮ ਬਸਤੀਆਂ, ਭੱਠੇ ਅਤੇ ਦੂਰ-ਦਰਾਡੇ ਦੇ ਪਿੰਡ) ਤੱਕ ਪਹੁੰਚ ਕਰਨਾ ਸੀ, ਜਿੱਥੇ ਲੋਕ ਜਾਗਰੂਕਤਾ ਦੀ ਘਾਟ ਕਾਰਨ ਟੀਕਾਕਰਨ ਨਹੀਂ ਕਰਵਾ ਪਾਉਂਦੇ। ਉਨ੍ਹਾਂ ਕਿਹਾ ਕਿ ਟੀਕਾਕਰਨ ਬੱਚਿਆਂ ਨੂੰ 12 ਘਾਤਕ ਬਿਮਾਰੀਆਂ ਤੋਂ ਬਚਾਉਣ ਦਾ ਸਭ ਤੋਂ ਪ੍ਰਭਾਵਸ਼ਾਲੀ ਤਰੀਕਾ ਹੈ। ਸਾਡਾ ਟੀਚਾ ਜ਼ੀਰੋ ਡੋਜ਼ ਵਾਲੇ ਬੱਚਿਆਂ ਨੂੰ ਲੱਭ ਕੇ ਉਨ੍ਹਾਂ ਦਾ ਮੁਕੰਮਲ ਟੀਕਾਕਰਨ ਯਕੀਨੀ ਬਣਾਉਣਾ ਹੈ ਤਾਂ ਜੋ ਆਉਣ ਵਾਲੀ ਨਸਲ ਸਿਹਤਮੰਦ ਹੋਵੇ। ਉਨ੍ਹਾਂ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੇ ਟੀਕਾਕਰਨ ਕਾਰਡ (ਮਮਤਾ ਕਾਰਡ) ਨੂੰ ਅਪਡੇਟ ਰੱਖਣ ਅਤੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਮੁਫ਼ਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਗਰਭਵਤੀ ਮਹਿਲਾਵਾਂ ਲਈ ਸਮੇਂ ਸਿਰ ਟੀਕਾਕਰਨ ਨਾ ਸਿਰਫ਼ ਮਾਂ ਦੀ ਸਿਹਤ ਲਈ ਜ਼ਰੂਰੀ ਹੈ, ਸਗੋਂ ਹੋਣ ਵਾਲੇ ਬੱਚੇ ਦੀ ਸੁਰੱਖਿਆ ਲਈ ਵੀ ਲਾਜ਼ਮੀ ਹੈ।