ਯੂਨੀਅਨ ਵੱਲੋਂ ਕਿਸਾਨਾਂ ’ਤੇ ਪੁਲਿਸ ਜਬਰ ਦੀ ਨਿਖੇਧੀ
ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਵੱਲੋਂ ਕਿਸਾਨ ਆਗੂਆਂ ’ਤੇ ਪੁਲਿਸ
Publish Date: Wed, 18 Feb 2026 05:50 PM (IST)
Updated Date: Wed, 18 Feb 2026 05:51 PM (IST)

ਅਮਰਜੀਤ ਧੀਮਾਨ,ਪੰਜਾਬੀ ਜਾਗਰਣ ਮੋਰਿੰਡਾ : ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ ਅਤੇ ਸੂਬਾ ਜਰਨਲ ਸਕੱਤਰ ਰਜੇਸ਼ ਕੁਮਾਰ ਮੌੜ ਨੇ ਸਾਂਝੇ ਤੌਰ ’ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕਿਸਾਨੀ ਮੰਗਾਂ ਤੇ ਸਮੂਹ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ੍ਹ ਕਰਵਾਉਣ ਲਈ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਦੇ ਖਿਲਾਫ ਸੰਘਰਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿਲੱਗਭੱਗ 8-9 ਮਹੀਨਿਆਂ ਤੋਂ ਜੱਥੇਬੰਦੀ ਦੇ ਆਗੂਆਂ ’ਤੇ ਝੂਠੇ ਪਰਚੇ ਦਰਜ ਕਰਕੇ ਜੇਲ੍ਹ ਵਿਚ ਬੰਦ ਕੀਤਾ ਹੋਇਆ ਹੈ ਅਤੇ ਜੱਥੇਬੰਦੀ ਵੱਲੋਂ ਲੰਮੇ ਸਮੇਂ ਇਨ੍ਹਾਂ ਆਗੂਆਂ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 6 ਫਰਵਰੀ ਨੂੰ ਪੁਲਿਸ ਪ੍ਰਸ਼ਾਸਨ ਨੇ ਆਗੂਆਂ ਨੂੰ ਰਿਹਾਅ ਕਰਨ ਲਈ ਦੋ ਦਿਨ ਦਾ ਸਮਾਂ ਲਿਆ ਸੀ ਪ੍ਰੰਤੂ ਆਗੂਆਂ ਨੂੰ ਰਿਹਾਅ ਨਹੀਂ ਕੀਤਾ ਗਿਆ। ਹੁਣ ਜਦੋਂ ਕਿਸਾਨ ਜੱਥੇਬੰਦੀ ਵੱਲੋਂ ਦਿੱਤੇ ਸਮੇਂ ਵਿਚ ਆਗੂਆਂ ਨੂੰ ਰਿਹਾਅ ਨਾ ਕਰਨ ’ਤੇ ਬਠਿੰਡਾ ਡੀਸੀ ਦਫਤਰ ਅੱਗੇ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ ਗਿਆ ਤਾਂ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਭਾਰੀ ਪੁਲਿਸ ਫੋਰਸ ਨਾਲ ਪਿੰਡਾਂ ਨੂੰ ਘੇਰ ਕੇ ਕਿਸਾਨਾਂ ’ਤੇ ਅੰਨ੍ਹਾ ਤਸ਼ੱਦਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਸੰਘਰਸ਼ ਕਰਨ ਵਾਲੀਆਂ ਜੱਥੇਬੰਦੀਆਂ ’ਤੇ ਤਾਨਾਸ਼ਾਹੀ ਕਾਰਵਾਈ ਕਰਕੇ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ। ਟੈਕਨੀਕਲ ਸਰਵਿਸਜ਼ ਯੂਨੀਅਨ ਵੱਲੋਂ ਸਰਕਾਰ ਦੀ ਇਸ ਜ਼ਬਰ ਦੀ ਕਾਰਵਾਈ ਦੀ ਪੁਰਜ਼ੋਰ ਨਿਖੇਧੀ ਕੀਤੀ ਗਈ। ਉਨ੍ਹਾਂ ਸਮੂਹ ਸੰਘਰਸਸ਼ੀਲ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਹਿੱਤਾਂ ਦੀ ਰਾਖੀ ਲਈ ਸਾਂਝੇ ਸੰਘਰਸ਼ਾਂ ਦੇ ਤੌਰ ’ਤੇ ਇਕੱਠੇ ਹੋ ਕੇ ਪੰਜਾਬ ਸਰਕਾਰ ਦੇ ਖਿਲਾਫ ਇੱਕ ਵੱਡੀ ਲਹਿਰ ਖੜੀ ਕਰਨੀ ਚਾਹੀਦੀ ਹੈ। ਪਾਵਰਕਾਮ ਐਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਆਪਣਾ ਤਾਨਾਸ਼ਾਹੀ ਰਵਈਆ ਛੱਡ ਕੇ ਜੱਥੇਬੰਦੀ ਨੂੰ ਮੀਟਿੰਗ ਦਾ ਸਮਾਂ ਦੇ ਕੇ ਕਿਸਾਨਾਂ ਦੀਆਂ ਮੰਗਾਂ ਦਾ ਹੱਲ੍ਹ ਕੀਤਾ ਜਾਵੇ।