ਚੱਲ ਰਹੇ ਪ੍ਰੋਜੈਕਟ ਸਮੇਂ ’ਤੇ ਮੁਕੰਮਲ ਕੀਤੇ ਜਾਣ : ਡੀਸੀ
ਚੱਲ ਰਹੇ ਪ੍ਰੋਜੈਕਟ ਨਿਰਧਾਰਤ ਸਮੇਂ ’ਚ ਮੁਕੰਮਲ ਕੀਤੇ ਜਾਣ:ਅਦਿੱਤਿਆ ਡਚਲਵਾਲ
Publish Date: Wed, 18 Feb 2026 06:07 PM (IST)
Updated Date: Wed, 18 Feb 2026 06:09 PM (IST)

ਰਾਜਵੀਰ ਸਿੰਘ ਚੌਂਤਾ, ਪੰਜਾਬੀ ਜਾਗਰਣ ਸ਼੍ਰੀ ਚਮਕੌਰ ਸਾਹਿਬ : ਸ਼੍ਰੀ ਚਮਕੌਰ ਸਾਹਿਬ ਵਿਖੇ ਬੁੱਧਵਾਰ ਨੂੰ ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਜ਼ਮੀਨੀ ਪੱਧਰ ’ਤੇ ਕਰਨ ਅਤੇ ਬਲਾਕ ਪੱਧਰ ’ਤੇ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਲਈ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਇਸ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡੀਸੀ ਅਦਿੱਤਿਆ ਡਚਲਵਾਲ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਯੋਜਨਾਵਾਂ ਅਧੀਨ ਚੱਲ ਰਹੇ ਸਾਰੇ ਪ੍ਰੋਜੈਕਟ ਨਿਰਧਾਰਤ ਸਮੇਂ ਅੰਦਰ ਅਤੇ ਗੁਣਵੱਤਾ ਮਿਆਰਾਂ ਅਨੁਸਾਰ ਮੁਕੰਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜਿੱਥੇ ਵੀ ਰੁਕਾਵਟਾਂ ਆ ਰਹੀਆਂ ਹਨ ਉਨ੍ਹਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਸੜਕਾਂ ਦੀ ਮੁਰੰਮਤ, ਪੀਣ ਵਾਲੇ ਪਾਣੀ ਦੀ ਸਹੂਲਤ, ਸਫਾਈ ਪ੍ਰਬੰਧ ਅਤੇ ਪੇਂਡੂ ਢਾਂਚਾਗਤ ਵਿਕਾਸ ਨਾਲ ਸਬੰਧਤ ਕਾਰਜਾਂ ਦੀ ਪ੍ਰਗਤੀ ਬਾਰੇ ਜਾਣਕਾਰੀ ਲਈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਸਮੇਂ ਸਿਰ ਮਿਲਣਾ ਯਕੀਨੀ ਬਣਾਇਆ ਜਾਵੇ ਅਤੇ ਜਨਤਕ ਭਲਾਈ ਵਾਲੇ ਪ੍ਰੋਜੈਕਟਾਂ ਵਿਚ ਤੇਜ਼ੀ ਲਿਆਈ ਜਾਵੇ। ਉਨ੍ਹਾਂ ਕਿਹਾ ਕਿ ਪਾਰਦਰਸ਼ਤਾ ਅਤੇ ਜ਼ਿੰਮੇਵਾਰੀ ਨਾਲ ਵਿਕਾਸ ਕਾਰਜਾਂ ਨੂੰ ਅਮਲ ਵਿਚ ਲਿਆਉਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਕੇ ਪਿੰਡਾਂ ਅਤੇ ਸ਼ਹਿਰਾਂ ਨੂੰ ਸੁੰਦਰ, ਸਾਫ਼-ਸੁਥਰਾ ਅਤੇ ਵਿਕਸਿਤ ਬਣਾਉਣ ਵਿਚ ਆਪਣਾ ਯੋਗਦਾਨ ਪਾਉਣ। ਇਸ ਦੇ ਉਨ੍ਹਾਂ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਮੌਕਾ ਦੇਖਿਆ ਗਿਆ ਅਤੇ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ। ਇਸ ਮੀਟਿੰਗ ਵਿਚ ਏਡੀਸੀ (ਜ) ਰੂਪਨਗਰ ਅਵਿਕੇਸ਼ ਗੁਪਤਾ, ਸਬ ਡਵੀਜ਼ਨਲ ਮੈਜਿਸਟ੍ਰੇਟ ਸ਼੍ਰੀ ਚਮਕੌਰ ਸਾਹਿਬ ਅਮਰੀਕ ਸਿੰਘ ਸਿੱਧੂ, ਡੀਐੱਸਪੀ ਸ਼੍ਰੀ ਚਮਕੌਰ ਸਾਹਿਬ ਮਨਜੀਤ ਸਿੰਘ ਔਲਖ, ਨਗਰ ਕੌਂਸਲ ਸ਼੍ਰੀ ਚਮਕੌਰ ਸਾਹਿਬ ਦੇ ਪ੍ਰਧਾਨ ਭੁਪਿੰਦਰ ਸਿੰਘ ਭੂਰਾ, ਬੀਡੀਪੀਓ ਸ਼੍ਰੀ ਚਮਕੌਰ ਸਾਹਿਬ ਅਜੈਬ ਸਿੰਘ, ਤਹਿਸੀਲਦਾਰ ਸ਼੍ਰੀ ਚਮਕੌਰ ਸਾਹਿਬ ਰਮਨ ਕੁਮਾਰ ਸਮੇਤ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਹਾਜ਼ਰ ਸਨ।