ਵਿਧਾਇਕ ਨੇ ਪਿੰਡਾਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ
ਵਿਧਾਇਕ ਡਾ.ਚਰਨਜੀਤ ਸਿੰਘ ਨੇ ਹਲਕੇ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ
Publish Date: Thu, 26 Feb 2026 03:43 PM (IST)
Updated Date: Thu, 26 Feb 2026 03:46 PM (IST)

ਅਮਰਜੀਤ ਧੀਮਾਨ, ਪੰਜਾਬੀ ਜਾਗਰਣ ਮੋਰਿੰਡਾ : ਹਲਕਾ ਸ਼੍ਰੀ ਚਮਕੌਰ ਸਾਹਿਬ ਦੇ ਵਿਧਾਇਕ ਡਾ.ਚਰਨਜੀਤ ਸਿੰਘ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਵਿਕਾਸ ਕਾਰਜਾਂ ’ਤੇ ਤਸੱਲੀ ਪ੍ਰਗਟ ਕਰਦਿਆਂ ਹੋਰ ਤੇਜ਼ੀ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਹਲਕੇ ਦੇ ਪਿੰਡਾਂ ਚਤਾਮਲੀ, ਧਿਆਨਪੁਰਾ, ਬਹਿਡਾਲੀ, ਭਾਗੋਵਾਲ ਆਦਿ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਨੂੰ ਆਧੁਨਿਕ ਅਤੇ ਖੁਸ਼ਹਾਲ ਬਣਾਉਣ ਦਾ ਸੰਕਲਪ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਵਿਚ ਕਰੋੜਾਂ ਰੁਪਏ ਨਾਲ ਵਿਕਾਸ ਪ੍ਰੋਜੈਕਟ ਮੁਕੰਮਲ ਕੀਤੇ ਗਏ ਹਨ। ਇਨ੍ਹਾਂ ਵਿਚ ਸੜਕਾਂ ਦਾ ਜਾਲ, ਗਲੀਆਂ-ਕੂਚਿਆਂ ਨੂੰ ਪੱਕਾ ਕਰਨ ਅਤੇ ਪੀਣ ਵਾਲੇ ਸਾਫ ਪਾਣੀ ਦੀ ਸਪਾਈ, ਟ੍ਰਾਂਸਫਾਰਮਰਾਂ ਦੀ ਕਪੈਸਿਟੀ ਵਧਾਉਣ, ਪਿੰਡਾਂ ਵਿਚ ਮਿੰਨੀ ਖੇਡ ਸਟੇਡੀਅਮਾਂ ਦਾ ਨਿਰਮਾਣ, ਕੂੜੇ ਕਰਕਟ ਦੀ ਸੰਭਾਲ ਅਤੇ ਪ੍ਰੋਸੈਸਿੰਗ ਆਦਿ ਦੇ ਕੰਮ ਸ਼ਾਮਲ ਹਨ। ਇਸ ਦੇ ਇਲਾਵਾ ਪੰਚਾਇਤ ਭਵਨਾਂ ਦਾ ਨਿਰਮਾਣ, ਖੇਤੀਬਾੜੀ ਲਾਭਕਾਰੀ ਯੋਜਨਾਵਾਂ ਅਤੇ ਹਾਈਵੇ ਨਾਲ ਜੁੜਨ ਵਾਲੀਆਂ ਸੜਕਾਂ ਦੇ ਵਿਕਾਸ ਕਾਰਜ ਵੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਪਿੰਡਾਂ ਤੇ ਸ਼ਹਿਰਾਂ ਵਿਚ ਸੀਵਰੇਜ, ਡਰੇਨੇਜ ਸਿਸਟਮ ਅਤੇ ਰੌਸ਼ਨੀ ਦੇ ਪ੍ਰਬੰਧ ਆਦਿ ਵਿਕਾਸ ਕਾਰਜ ਨੇਪਰੇ ਚਾੜ੍ਹੇ ਜਾਣਗੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਪੂਰਨ ਸਹਿਯੋਗ ਦੇ ਰਹੀ ਹੈ। ਉਨਾਂ ਅਧਿਕਾਰੀਆਂ ਨੂੰ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਆਪ ਦੀ ਪੰਜਾਬ ਸਰਕਾਰ ਨੌਜਵਾਨਾਂ ਤੇ ਮਹਿਲਾਵਾਂ ਸਮੇਤ ਅਤੇ ਹਰ ਵਰਗ ਦੇ ਕੰਮ ਲਈ ਸੰਜੀਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਪਿੰਡ ਵਿਚ ਪੇਸ਼ ਆਉਂਦੀ ਸਮੱਸਿਆ ਸਬੰਧੀ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਸਮੱਸਿਆ ਦਾ ਹੱਲ੍ਹ ਕੀਤਾ ਜਾ ਸਕੇ। ਇਸ ਮੌਕੇ ਸਿਆਸੀ ਸਕੱਤਰ ਸਲਾਹਕਾਰ ਜਗਤਾਰ ਸਿੰਘ ਘੜੂੰਆਂ, ਪੀਏ ਸ਼੍ਰੀਚੰਦ, ਪੱਪੀ ਚਤਾਮਲੀ, ਵੱਖ ਵੱਖ ਪਿੰਡਾਂ ਦੇ ਸਰਪੰਚਾਂ-ਪੰਚਾਂ ਸਮੇਤ ਆਪ ਵਰਕਰ ਅਤੇ ਇਲਾਕਾ ਵਾਸੀ ਹਾਜ਼ਰ ਸਨ।