ਡੀਸੀ ਨੇ ਸਿਹਤ ਸੁਸਾਇਟੀ ਦੇ ਕੰਮਾਂ ਦੀ ਕੀਤੀ ਸਮੀਖਿਆ
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿਹਤ ਸੁਸਾਇਟੀ ਦੇ ਕੰਮਾਂ ਦੀ ਕੀਤੀ ਸਮੀਖਿਆ
Publish Date: Fri, 27 Feb 2026 02:53 PM (IST)
Updated Date: Fri, 27 Feb 2026 02:55 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਦੌਰਾਨ ਸਿਹਤ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਜ਼ਿਲ੍ਹੇ ਵਿਚ ਨਵੇਂ ਬਣ ਰਹੇ 5 ਆਮ ਆਦਮੀ ਕਲੀਨਿਕਾਂ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ। ਉਨ੍ਹਾਂ ਲੋਕ ਨਿਰਮਾਣ ਵਿਭਾਗ ਤੇ ਪੰਚਾਇਤੀ ਰਾਜ ਵਿਭਾਗ ਦੇ ਅਧਿਕਾਰੀਆਂ ਨੂੰ ਨਵੇਂ ਬਣ ਰਹੇ ਆਮ ਆਦਮੀ ਕਲੀਨਿਕਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਜ਼ਰੂਰੀ ਹੈ ਕਿ ਕੰਮ ਨੂੰ ਸਮਾਂਬੱਧ ਤਰੀਕੇ ਨਾਲ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਲਈ ਲੋੜੀਂਦੇ ਯਤਨ ਕੀਤੇ ਜਾਣ। ਉਨ੍ਹਾਂ ਕਿਹਾ ਕਿ ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਬੀਮਾਰੀਆਂ ਤੋਂ ਸੁਰੱਖਿਅਤ ਰੱਖਣ ਲਈ 100 ਫੀਸਦੀ ਟੀਕਾਕਰਨ ਯਕੀਨੀ ਬਣਾਉਣ, ਮਾਂ ਅਤੇ ਬਾਲ ਮੌਤ ਦਰ ਘਟਾਉਣ, ਲਿੰਗ ਅਨੁਪਾਤ ਵਿਚ ਸੁਧਾਰ ਕਰਨ, ਪਰਿਵਾਰ ਨਿਯੋਜਨ ਸੇਵਾਵਾਂ ਨੂੰ ਪ੍ਰਭਾਵਸ਼ਾਲੀ ਬਣਾਉਣ ਅਤੇ ਗਰਭਵਤੀ ਔਰਤਾਂ ਦੇ ਮਾਸਿਕ ਚੈੱਕਅਪ ਅਤੇ ਸੰਸਥਾਗਤ ਜਣੇਪੇ ਨੂੰ ਤਰਜੀਹ ਦੇਣ। ਮਾਹਿਰ ਡਾਕਟਰਾਂ ਵੱਲੋਂ ਉੱਚ-ਜ਼ੋਖਮ ਵਾਲੇ ਮਾਮਲਿਆਂ ਦੀ ਵਿਸ਼ੇਸ਼ ਨਿਗਰਾਨੀ ਤੇ ਵੀ ਜ਼ੋਰ ਦਿੱਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਸਿਹਤ ਪ੍ਰੋਗਰਾਮਾਂ ਦੀ ਸਮੀਖਿਆ ਕੀਤੀ ਅਤੇ ਸਰਕਾਰ ਵੱਲੋਂ ਮਿੱਥੇ ਟੀਚਿਆਂ ਨੂੰ ਨਿਰਧਾਰਤ ਸਮੇਂ ਅੰਦਰ ਪੂਰਾ ਕਰਨ ਦੀ ਹਦਾਇਤ ਕੀਤੀ। ਇਸ ਮੀਟਿੰਗ ਵਿਚ ਏਡੀਸੀ (ਪੇਂਡੂ ਵਿਕਾਸ) ਚੰਦਰਜਯੋਤੀ ਸਿੰਘ, ਸੀਐੱਮਐੱਫਓ ਅਭਿਮੰਨਿਊ ਮਲਿਕ, ਕਾਰਜਕਾਰੀ ਸਿਵਲ ਸਰਜਨ ਡਾ.ਨਵਰੂਪ ਕੌਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਬਲਜਿੰਦਰ ਸਿੰਘ ਗਰੇਵਾਲ, ਐਕਸੀਅਨ ਪੰਚਾਇਤੀ ਰਾਜ ਅਵਤਾਰ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫਸਰ ਡੌਲੀ ਸਿੰਗਲਾ, ਜ਼ਿਲ੍ਹਾ ਪਰਿਵਾਰ ਤੇ ਭਲਾਈ ਅਫਸਰ ਡਾ.ਅੰਜਲੀ ਚੌਧਰੀ, ਐੱਸਐੱਮਓ ਡਾ.ਅਮਰਜੀਤ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।