ਨਵੇਂ ਚੁਣੇ ਗਏ ਮੈਂਬਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ
ਜ਼ਿਲ੍ਹਾ ਰੂਪਨਗਰ ਦੇ ਨਵੇਂ ਚੁਣੇ ਗਏ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤੀ ਸੰਮਤੀ ਮੈਂਬਰਾਂ ਨੂੰ ਅਹੁਦੇ ਦੀ ਚੁਕਾਈ ਸਹੁੰ
Publish Date: Fri, 27 Feb 2026 04:58 PM (IST)
Updated Date: Fri, 27 Feb 2026 05:01 PM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਜ਼ਿਲ੍ਹਾ ਰੂਪਨਗਰ ਦੇ ਨਵੇਂ ਚੁਣੇ ਗਏ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤੀ ਸੰਮਤੀ ਮੈਂਬਰਾਂ ਨੂੰ ਸ਼ੁੱਕਰਵਾਰ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਵੱਲੋਂ ਸਰਕਾਰੀ ਕਾਲਜ ਰੋਪੜ ਵਿਖੇ ਅਹੁਦੇ ਦੀ ਸਹੁੰ ਚੁਕਾਈ ਗਈ। ਇਹ ਰਸਮ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਚੰਦਰਜਯੋਤੀ ਸਿੰਘ ਵੱਲੋਂ ਨਿਭਾਈ ਗਈ। ਇਸ ਮੌਕੇ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਦਿਨੇਸ਼ ਚੱਢਾ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਜ਼ਿਲ੍ਹੇ ਦੀਆਂ ਪੰਚਾਇਤੀ ਸੰਮਤੀਆਂ ਦੇ ਨਵੇਂ ਚੁਣੇ ਗਏ ਮੈਂਬਰਾਂ ਨੂੰ ਪਿੰਡਾਂ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨਾਲ ਮਿਲ ਕੇ ਕੰਮ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਵੀ ਉਤਸ਼ਾਹਿਤ ਕੀਤਾ ਜਾਵੇ। ਉਨ੍ਹਾਂ ਨੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਆਪਣਾ ਪੂਰਾ ਸਮਰਥਨ ਦੇਣ ਦਾ ਵਾਅਦਾ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਦੀਆਂ ਵਿਕਾਸ ਵਾਲੀਆਂ ਪਹਿਲਕਦਮੀਆਂ ਸਥਾਨਕ ਪ੍ਰਤੀਨਿਧੀਆਂ ਦੇ ਸਰਗਰਮ ਯੋਗਦਾਨ ਨਾਲ ਹੀ ਸਫਲ ਹੋਣਗੀਆਂ। ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਸਿਹਤ ਖੇਤਰਾ ਵਿੱਚ ਵੱਡੇ ਸੁਧਾਰ ਸ਼ਾਮਲ ਹਨ ਜਿਵੇਂ ਕਿ ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਵਿੱਚ ਗੁਣਵੱਤਾ ਵਾਲੀਆਂ ਸੇਵਾਵਾਂ ਪ੍ਰਦਾਨ ਕਰਨ ਲਈ ਅਤਿ-ਆਧੁਨਿਕ ਬੁਨਿਆਦੀ ਢਾਂਚਾ ਸਥਾਪਤ ਕਰਨਾ ਸ਼ਾਮਲ ਹੈ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਹਰਿਮੰਦਰ ਸਿੰਘ ਢਾਹੇ, ਚੇਅਰਮੈਨ ਇੰਮਪਰੁਵਮੈਂਟ ਟਰੱਸਟ ਸ਼ਿਵ ਕੁਮਾਰ ਲਾਲਪੁਰਾ ਅਤੇ ਚੇਅਰਮੈਨ ਮਾਰਕੀਟ ਕਮੇਟੀ ਰੂਪਨਗਰ ਭਾਗ ਸਿੰਘ ਮਦਾਨ ਨੇ ਵੀ ਇਕੱਠ ਨੂੰ ਸੰਬੋਧਨ ਕਰਦਿਆਂ ਨਵੇਂ ਮੈਂਬਰਾਂ ਨੂੰ ਪਿੰਡਾਂ ਦੇ ਸੰਪੂਰਨ ਵਿਕਾਸ ਲਈ ਆਪਣੇ ਆਪ ਨੂੰ ਸਮਰਪਿਤ ਕਰਨ ਲਈ ਉਤਸ਼ਾਹਿਤ ਕੀਤਾ। ਇਸ ਮੀਟਿੰਗ ਵਿਚ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਬਲਜਿੰਦਰ ਸਿੰਘ ਗਰੇਵਾਲ, ਸਿਵਲ ਸਰਜਨ ਡਾ. ਨਵਰੂਪ ਕੌਰ, ਡੀਐਸਪੀ ਕੁਲਭੂਸ਼ਣ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਬੀਡੀਪੀਓ ਰੂਪਨਗਰ ਅਮਿਤ ਸ਼ਰਮਾ, ਬੀਡੀਪੀਓ ਸ੍ਰੀ ਚਮਕੌਰ ਸਾਹਿਬ ਅਜੈਬ ਸਿੰਘ, ਬੀਡੀਪੀਓ ਮੋਰਿੰਡਾ ਹਰਕੀਰਤ ਸਿੰਘ, ਬੀਡੀਪੀਓ ਸ੍ਰੀ ਅਨੰਦਪੁਰ ਸਾਹਿਬ ਇਸ਼ਾਨ ਚੌਧਰੀ, ਬੀਡੀਪੀਓ ਨੂਰਪੁਰ ਬੇਦੀ ਅਮਰੀਕ ਸਿੰਘ, ਐੱਸਐੱਚਓ ਪਵਨ ਚੌਧਰੀ ਅਤੇ ਹੋਰ ਉੱਚ ਅਧਿਕਾਰੀਆਂ ਤੋਂ ਇਲਾਵਾ ਜ਼ਿਲ੍ਹੇ ਦੇ ਸਾਰੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਮੈਂਬਰ ਤੇ ਉਨ੍ਹਾਂ ਨਾਲ ਆਏ ਪਤਵੰਤੇ ਸੱਜਣ ਹਾਜ਼ਰ ਸਨ।