ਕਰਮਚਾਰੀਆਂ ਦੀ ਤਨਖਾਹ ’ਚ ਕਟੌਤੀ ਦੀ ਜੀਟੀਯੂ ਵੱਲੋਂ ਨਿਖੇਧੀ
ਸਿੱਖਿਆ ਵਿਭਾਗ ਦੇ ਦਫਤਰੀ ਕਰਮਚਾਰੀਆਂ ਦੀ ਤਨਖਾਹ ’ਚ ਕਟੌਤੀ ਦੀ ਜੀਟੀਯੂ ਵੱਲੋਂ ਨਿ
Publish Date: Fri, 27 Feb 2026 04:59 PM (IST)
Updated Date: Fri, 27 Feb 2026 05:01 PM (IST)

ਰਾਜਵੀਰ ਸਿੰਘ ਚੌਂਤਾ, ਪੰਜਾਬੀ ਜਾਗਰਣ ਸ਼੍ਰੀ ਚਮਕੌਰ ਸਾਹਿਬ : ਗੌਰਮਿੰਟ ਟੀਚਰਜ਼ ਯੂਨੀਅਨ (ਜੀਟੀਯੂ) ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜਨਰਲ ਸਕੱਤਰ ਗੁਰਬਿੰਦਰ ਸਿੰਘ ਸਸਕੌਰ, ਵਿੱਤ ਸਕੱਤਰ ਮਨੋਹਰ ਲਾਲ ਸ਼ਰਮਾ, ਪ੍ਰੈਸ ਸਕੱਤਰ ਧਰਮਿੰਦਰ ਸਿੰਘ ਭੰਗੂ ਅਤੇ ਕਰਨੈਲ ਫਿਲੌਰ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਿੱਖਿਆ ਵਿਭਾਗ ਦੇ ਦਫਤਰੀ ਕਰਮਚਾਰੀਆ ਦੀ ਤਨਖਾਹ ’ਤੇ 31,000 ਰੁਪਏ ਪ੍ਰਤੀ ਮਹੀਨਾ ਕੱਟ ਲਗਾਉਣਾ ਗੈਰ ਵਾਜਿਬ ਹੈ, ਜਿਸਦੀ ਜੀਟੀਯੂ ਪੰਜਾਬ ਸਖਤ ਨਿਖੇਧੀ ਕਰਦੀ ਹੈ। ਇਸ ਦੇ ਰੋਸ ਵਜੋਂ ਸਿੱਖਿਆ ਵਿਭਾਗ ਦੇ ਦਫਤਰੀ ਕਰਮਚਾਰੀਆ ਨੇ ਵਿਭਾਗ ਦਾ ਕੰਮ ਮੁਕੰਮਲ ਰੂਪ ਵਚ ਬੰਦ ਕਰਨ ਦਾ ਐਲਾਨ ਕਰ ਦਿੱਤਾ ਹੈ। ਆਗੂਆਂ ਨੇ ਦੱਸਿਆ ਕਿ ਤਨਖਾਹ ’ਚ ਕਟੌਤੀ ਨੂੰ ਲੈ ਕੇ ਮੁਲਾਜ਼ਮਾਂ ਵੱਲੋਂ 17 ਫਰਵਰੀ ਨੂੰ ਮੋਹਾਲੀ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ। ਇਸ ਦੌਰਾਨ ਸਿੱਖਿਆ ਵਿਭਾਗ ਦੇ ਅਧਿਕਾਰੀਆ ਵੱਲੋਂ ਕਰਮਚਾਰੀਆਂ ਦੀ ਤਨਖਾਹ ’ਚ ਕਟੌਤੀ ਨਾ ਕਰਨ ਅਤੇ 1 ਅਪ੍ਰੈਲ,2018 ਤੋਂ ਰੈਗੂਲਰ ਕਰਨ ਦਾ ਆਰਡਰ ਦੇਣ ਅਤੇ ਤਨਖਾਹਾਂ ਵਿਚ ਕਟੌਤੀ ਨਾ ਕਰਨ ਸਬੰਧੀ ਫਾਈਲ 2 ਦਿਨ ਵਿਚ ਵਿੱਤ ਵਿਭਾਗ ਨੂੰ ਭੇਜਣ ਦਾ ਵਾਅਦਾ ਕੀਤਾ ਸੀ ਪ੍ਰੰਤੂ ਕਰਮਚਾਰੀਆਂ ਦੀ ਫਾਈਲ 6 ਦਿਨ ਬੀਤਣ ਬਾਅਦ ਵੀ ਸਿੱਖਿਆ ਵਿਭਾਗ ਵਿਚ ਹੀ ਘੁੰਮ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਫਾਈਲ 10 ਅਕਤੂਬਰ ਨੂੰ ਸਿੱਖਿਆ ਵਿਭਾਗ ਨੂੰ ਸੌਂਪੀ ਗਈ ਸੀ ਜੋ ਕਿ ਵਿੱਤ ਵਿਭਾਗ ਨੂੰ ਨਹੀਂ ਭੇਜੀ ਗਈ। ਇਸ ਦੇ ਕਾਰਨ ਸਮੂਹ ਮੁਲਾਜ਼ਮਾਂ ਵਿਚ ਰੋਸ ਹੈ। ਇਸ ਸਬੰਧੀ ਮੁਲਾਜ਼ਮਾਂ ਨੇ ਕਿਹਾ ਕਿ ਉਨ੍ਹਾਂ ਵਿਭਾਗ ਨੂੰ 15-20 ਸਾਲ ਦਿੱਤੇ ਹਨ ਪ੍ਰੰਤੂ ਹੁਣ ਉਨ੍ਹਾਂ ਦੇ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਦੇ ਪਰਿਵਾਰਾਂ ਦਾ ਜੀਵਨ ਰੋਲਣ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ 8 ਸਤੰਬਰ, 2025 ਦੀ ਕੈਬਨਿਟ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਅਧਿਕਾਰੀਆ ਕਈ ਬਾਰ ਤਨਖਾਹਾਂ ਵਿਚ ਕਟੌਤੀ ਨਾ ਕਰਨ ਅਤੇ ਠੋਸ ਫੈਸਲਾ ਲੈਣ ਦੀ ਹਦਾਇਤ ਕੀਤੀ ਪ੍ਰੰਤੂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਸਰਕਾਰ ਦੇ ਹੁਕਮਾਂ ਨੂੰ ਅਣਗੌਲਿਆ ਕੀਤਾ ਗਿਆ। ਜੀਟੀਯੂ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਤੀਰਥ ਸਿੰਘ ਬਾਸੀ, ਗੁਰਪ੍ਰੀਤ ਸਿੰਘ ਅਮੀਵਾਲ, ਕੁਲਦੀਪ ਪੁਰੋਵਾਲ ਅਤੇ ਮੀਤ ਪ੍ਰਧਾਨ ਹਰਿੰਦਰ ਮੱਲੀਆਂ, ਰਛਪਾਲ ਸਿੰਘ ਵੜੈਚ ਅਤੇ ਗੁਰਦੀਪ ਬਾਜਵਾ ਨੇ ਕਿਹਾ ਦਫਤਰੀ ਕਰਮਚਾਰੀ 25 ਫਰਵਰੀ ਨੂੰ ਸਮੂਹਿਕ ਛੁੱਟੀ ਲੈ ਕੇ ਮੁੱਖ ਮੰਤਰੀ ਦੇ ਸ਼ਹਿਰ ਵਿਖੇ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਵੱਲ ਮਾਰਚ ਕਰਨਗੇ, ਜਿਸ ਵਿਚ ਜੀਟੀਯੂ ਪੰਜਾਬ ਦਫਤਰੀ ਕਰਮਚਾਰੀਆਂ ਦੇ ਸੰਘਰਸ਼ ਵਿਚ ਉਨ੍ਹਾਂ ਦਾ ਡੱਟ ਕੇ ਸਾਥ ਦੇਵੇਗੀ।