ਅਧਿਆਪਕ ਯੂਨੀਅਨ ਵੱਲੋਂ ਸਿੱਖਿਆ ਮੰਤਰੀ ਦੇ ਹਲਕੇ ’ਚ ਰੋਸ ਰੈਲੀ ਕੱਲ੍ਹ
ਅਧਿਆਪਕ ਯੂਨੀਅਨ ਵੱਲੋਂ ਸਿੱਖਿਆ ਮੰਤਰੀ ਦੇ ਹਲਕੇ ’ਚ ਰੋਸ ਰੈਲੀ ਕੱਲ੍ਹ
Publish Date: Mon, 09 Mar 2026 04:07 PM (IST)
Updated Date: Mon, 09 Mar 2026 04:09 PM (IST)

ਜੌਲੀ ਸੂਦ, ਪੰਜਾਬੀ ਜਾਗਰਣ ਮੋਰਿੰਡਾ : ਸਿੱਖਿਆ ਮੰਤਰੀ ਪੰਜਾਬ ਹਰਜੋਤ ਬੈਂਸ ਦੇ ਹਲਕੇ ਸ਼੍ਰੀ ਅਨੰਦਪੁਰ ਸਾਹਿਬ ਵਿਚ ਸਰਕਾਰ ਦੇ ਭੰਡੀ ਪ੍ਰਚਾਰ ਦੀ ਪੋਲ ਖੋਲਣ ਅਤੇ ਵਾਰ-ਵਾਰ ਮੀਟਿੰਗ ਦਾ ਸਮਾਂ ਦੇ ਕੇ ਮੀਟਿੰਗ ਨਾ ਕਰਨ ਅਤੇ ਮੁੱਖ ਮੰਤਰੀ ਦੇ ਕਹਿਣ ਦੇ ਬਾਵਜੂਦ ਵੀ ਸਿੱਖਿਆ ਮੰਤਰੀ ਵੱਲੋਂ ਕੰਮ ਨਾ ਕਰਨ ਦੇ ਰਵੱਈਏ ਨੂੰ ਲੈ ਕੇ 11 ਮਾਰਚ ਨੂੰ ਰੋਸ ਰੈਲੀ ਤੇ ਪ੍ਰਚਾਰ ਕੀਤਾ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਵਿਕਾਸ ਸਾਹਨੀ ਨੇ ਇੱਕ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਆਪਣੀ ਬਹਾਲੀ ਨੂੰ ਲੈ ਕੇ ਕਾਫੀ ਲੰਬੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ ਪ੍ਰੰਤੂ ਆਪਣੇ ਆਪ ਨੂੰ ਆਮ ਲੋਕਾਂ ਦੇ ਮੁੱਖ ਮੰਤਰੀ ਕਹਿਣ ਵਾਲੇ ਭਗਵੰਤ ਸਿੰਘ ਮਾਨ ਦੀ ਪੰਜਾਬ ਸਰਕਾਰ ਵੱਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਕੀਤੇ ਵਾਅਦੇ ਮੁਤਾਬਿਕ ਉਨ੍ਹਾਂ ਨੂੰ ਬਿਨ੍ਹਾਂ ਕਿਸੇ ਸ਼ਰਤ ਬਹਾਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਲੁਧਿਆਣਾ ਜ਼ਿਮਨੀ ਚੋਣ ਦੌਰਾਨ 15 ਜੂਨ ਨੂੰ ਪੁਲਿਸ ਅਕੈਡਮੀ ਫਿਲੌਰ ਵਿਖੇ ਕੀਤੀ ਗਈ ਮੀਟਿੰਗ ਵਿਚ ਵੀ ਉਨ੍ਹਾਂ ਦੀ ਜਥੇਬੰਦੀ ਦੇ ਸਮੂਹ ਸਾਥੀਆਂ ਨੂੰ ਜਲਦ ਹੀ ਬਿਨ੍ਹਾਂ ਕਿਸੇ ਦੇਰੀ ਤੋਂ ਬਹਾਲ ਕਰਨ ਦੇ ਹੁਕਮ ਦਿੱਤੇ ਸਨ ਅਤੇ 15 ਦਿਨਾਂ ਦੇ ਅੰਦਰ-ਅੰਦਰ ਬਹਾਲੀ ਸਬੰਧੀ ਕਾਰਵਾਈ ਪੂਰੀ ਕਰਨ ਲਈ ਕਿਹਾ ਗਿਆ ਸੀ। ਉਨ੍ਹਾਂ ਕਿਹਾ ਕਿ ਅੱਜ ਪੂਰੇ 9 ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਸਿੱਖਿਆ ਮੰਤਰੀ ਵੱਲੋਂ ਉਨ੍ਹਾਂ ਦੀ ਬਹਾਲੀ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਮੁੱਖ ਮੰਤਰੀ ਦੇ ਹੁਕਮਾਂ ਨੂੰ ਟਿੱਚ ਸਮਝ ਕੇ ਟਾਈਮ ਟਪਾ ਰਹੇ ਹਨ। ਉਨ੍ਹਾਂ ਯੂਨੀਅਨ ਵੱਲੋਂ ਵੱਧ ਤੋਂ ਵੱਧ ਸਾਥੀਆਂ ਨੂੰ 11 ਮਾਰਚ ਨੂੰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜਣ ਦੀ ਅਪੀਲ ਕੀਤੀ। ਇਸ ਮੌਕੇ ਲਖਵਿੰਦਰ ਕੌਰ, ਅਮਨਦੀਪ ਧਾਲੀਵਾਲ, ਵਰੁਣ ਖੇੜਾ, ਜਸਵਿੰਦਰ ਕੌਰ, ਰੁਪਿੰਦਰ ਕੌਰ, ਗੁਰਪ੍ਰੀਤ ਸਿੰਘ, ਨਵਦੀਪ ਸਿੰਘ, ਮਨਿੰਦਰ ਮਾਨਸਾ, ਗੁਰਸੇਵਕ ਸਿੰਘ, ਅਮਰਜੀਤ ਕੌਰ, ਕਾਤਾਂ ਰਾਣੀ, ਕਰਮਜੀਤ ਔਰ, ਜਰਨੈਲ ਸਿੰਘ ਕਾਹਨਗੜ, ਸੁਖਦਰਸ਼ਨ ਸਿੰਘ ਕੁਲਰੀਆਂ, ਪ੍ਰੀਤਮ ਸਿੰਘ, ਪਰਮਜੀਤ ਕੌਰ, ਬਲਵਿੰਦਰ ਕੌਰ, ਵਜ਼ੀਰ ਸਿੰਘ, ਵੀਰਪਾਲ ਕੌਰ ਆਦਿ ਹਾਜ਼ਰ ਸਨ।