ਕਰਮਚਾਰੀਆਂ ਦੇ ਹੱਕ ਮੁਹੱਈਆ ਕਰਵਾਉਣਾ ਕਮਿਸ਼ਨ ਦੀ ਜਿੰਮੇਵਾਰੀ : ਕਲਿਆਣ
ਸਫਾਈ ਕਰਮਚਾਰੀਆਂ ਦੇ ਅਧਿਕਾਰਾਂ ਨੂੰ ਮੁਹੱਈਆ ਕਰਵਾਉਣਾ ਸਫਾਈ ਕਰਮਚਾਰੀ ਕਮਿਸ਼ਨ ਦੀ ਪਹਿਲੀ ਜਿੰਮੇਵਾਰੀ: ਸੁਰਿੰਦਰ ਕਲਿਆਣ
Publish Date: Mon, 09 Mar 2026 07:03 PM (IST)
Updated Date: Mon, 09 Mar 2026 07:06 PM (IST)

ਲਖਵੀਰ ਖਾਬੜਾ, ਪੰਜਾਬੀ ਜਾਗਰਣ ਰੂਪਨਗਰ : ਸਫਾਈ ਕਰਮਚਾਰੀਆਂ ਸੰਬੰਧੀ ਆਦੇਸ਼ਾਂ ਦੀ ਪਾਲਣਾ ਨਾ ਕਰਨ ਵਾਲੇ ਅਧਿਕਾਰੀਆਂ ‘ਤੇ ਕਮਿਸ਼ਨ ਵਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ਸਫਾਈ ਕਰਮਚਾਰੀ ਕਮਿਸ਼ਨ ਪੰਜਾਬ ਦੇ ਵਾਈਸ ਚੇਅਰਮੈਨ ਸੁਰਿੰਦਰ ਕਲਿਆਣ ਵੱਲੋਂ ਸੋਮਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਜ਼ਿਲ੍ਹਾ ਰੂਪਨਗਰ ਦੇ ਜ਼ਿਲ੍ਹਾ ਅਧਿਕਾਰੀਆਂ ਅਤੇ ਸਫਾਈ ਕਰਮਚਾਰੀਆਂ ਦੀ ਯੂਨੀਅਨਾਂ ਨਾਲ ਮੀਟਿੰਗ ਕਰਦਿਆਂ ਕੀਤਾ। ਉਨ੍ਹਾਂ ਕਿਹਾਕਿ ਸਫਾਈ ਕਰਮਚਾਰੀਆਂ ਦੇ ਅਧਿਕਾਰਾਂ ਨੂੰ ਮੁਹੱਈਆ ਕਰਵਾਉਣਾ ਸਫਾਈ ਕਰਮਚਾਰੀ ਕਮਿਸ਼ਨ ਦੀ ਪਹਿਲੀ ਜਿੰਮੇਵਾਰੀ ਹੈ। ਉਨ੍ਹਾਂ ਕਿਹਾਕਿ ਸਫ਼ਾਈ ਕਰਮਚਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਸਰਕਾਰ ਵੱਲੋਂ ਬਣਾਏ ਨਿਯਮਾਂ ਅਤੇ ਕਿਰਤ ਕਾਨੂੰਨਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ ਅਤੇ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਸਫਾਈ ਕਰਮਚਾਰੀਆਂ ਨੂੰ ਸਰਕਾਰ ਦੁਆਰਾ ਨਿਸ਼ਚਿਤ ਕੀਤੀਆਂ ਗਈਆਂ ਦਰਾਂ ਅਨੁਸਾਰ ਹੀ ਤਨਖਾਹ ਅਤੇ ਭੱਤੇ ਦਿੱਤੇ ਜਾਣ। ਉਨ੍ਹਾਂ ਸਥਾਨਕ ਸਰਕਾਰਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਫਾਈ ਕਰਮਚਾਰੀਆਂ ਦੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਸਿਹਤ ਸੰਬੰਧੀ ਮੈਡੀਕਲ ਕੈਂਪ ਲਗਾਏ ਜਾਣ ਤੇ ਇਨ੍ਹਾਂ ਦਾ ਸਮੇਂ ਸਮੇਂ ਸਿਰ ਚੈੱਕਅੱਪ ਜ਼ਰੂਰ ਕਰਵਾਇਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਜੇਕਰ ਕਿਸੇ ਥਾਂ ਤੇ ਇਨ੍ਹਾਂ ਮੁਲਾਜ਼ਮਾਂ ਦੀ ਡਿਊਟੀ ਲੱਗਦੀ ਹੈ ਤਾਂ ਇਨ੍ਹਾਂ ਦੇ ਟਰਾਂਸਪੋਰਟ ਦਾ ਪ੍ਰਬੰਧ ਜ਼ਰੂਰ ਕੀਤਾ ਜਾਵੇ। ਵਾਇਸ ਚੇਅਰਮੈਨ ਕਲਿਆਣ ਨੇ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਸ ਗੱਲ ਦਾ ਵਿਸ਼ੇਸ਼ ਤੌਰ ਤੇ ਧਿਆਨ ਰੱਖਿਆ ਜਾਵੇ ਕਿ ਕਿਸੇ ਵੀ ਸਫਾਈ ਕਰਮਚਾਰੀ ਕੋਲੋ ਮੈਨੂਅਲ ਸਫਾਈ ਨਾ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਮਿਸ਼ਨ ਦੇ ਧਿਆਨ ਵਿਚ ਅਜਿਹਾ ਕੋਈ ਮਾਮਲਾ ਆਉਂਦਾ ਹੈ ਤਾਂ ਸਬੰਧਤ ਅਧਿਕਾਰੀ ਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਮਿਸ਼ਨ ਸਫ਼ਾਈ ਕਰਮਚਾਰੀਆਂ ਦੀਆਂ ਮੁਸ਼ਕਲਾਂ ਨੂੰ ਸੁਣ ਕੇ ਸਬੰਧਿਤ ਵਿਭਾਗਾਂ ਕੋਲੋਂ ਉਨ੍ਹਾਂ ਦਾ ਹੱਲ ਕਰਵਾਏਗਾ ਅਤੇ ਜੇਕਰ ਕਿਸੇ ਵੀ ਸਫ਼ਾਈ ਕਰਮਚਾਰੀ ਨੂੰ ਕੋਈ ਮੁਸ਼ਕਲ ਆਉਂਦੀ ਹੈ ਤਾਂ ਉਹ ਕਮਿਸ਼ਨ ਨਾਲ ਸੰਪਰਕ ਕਰ ਸਕਦੇ ਹਨ। ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਅਵਿਕੇਸ਼ ਗੁਪਤਾ ਨੇ ਵਾਈਸ ਚੇਅਰਮੈਨ ਨੂੰ ਭਰੋਸਾ ਦਵਾਇਆ ਕਿ ਤੁਹਾਡੇ ਵਲੋ ਜੋ ਵੀ ਹਦਾਇਤਾਂ ਕੀਤੀਆਂ ਗਈਆਂ ਹਨ, ਉਨ੍ਹਾਂ ਨੂੰ ਹਰ ਹੀਲੇ ਪੂਰਾ ਕੀਤਾ ਜਾਵੇਗਾ ਅਤੇ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿ਼ੰਨ ਪਾਲਣਾ ਕੀਤੀ ਜਾਵੇਗੀ। ਇਸ ਮੌਕੇ ਸਫਾਈ ਕਰਮਚਾਰੀ ਯੂਨੀਅਨ ਰੂਪਨਗਰ ਦੇ ਜਨਰਲ ਸਕੱਤਰ ਰਵੀ ਰਾਏ ਵੱਲੋਂ ਯੂਨੀਅਨ ਦੀਆਂ ਮੰਗਾਂ ਨੂੰ ਪੜ੍ਹ ਕੇ ਸੁਣਾਇਆ ਗਿਆ ਜਿਸ ਨੂੰ ਮੌਕੇ ਤੇ ਹੱਲ ਵੀ ਕੀਤਾ ਗਿਆ ਤੇ ਰਹਿੰਦੀਆਂ ਮੰਗਾਂ ਨੂੰ ਵੀ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਮੀਟਿੰਗ ਵਿਚ ਤਹਿਸੀਲਦਾਰ ਰੂਪਨਗਰ ਹਰਸਿਮਰਨ ਸਿੰਘ, ਡੀਐਸਪੀ ਕੁਲਭੂਸ਼ਣ, ਐਸਐੱਮਓ ਡਾ. ਅਮਰਜੀਤ, ਕਾਰਜ ਸਾਧਕ ਅਫ਼ਸਰ ਰੂਪਨਗਰ ਅਸ਼ੋਕ ਕੁਮਾਰ, ਕਾਰਜ ਸਾਧਕ ਅਫ਼ਸਰ ਸ੍ਰੀ ਚਮਕੌਰ ਸਾਹਿਬ ਗੁਰਬਖਸ਼ ਸਿੰਘ ਸੰਧੂ, ਕਾਰਜ ਸਾਧਕ ਅਫ਼ਸਰ ਮੋਰਿੰਡਾ ਰਵੀ ਜਿੰਦਲ ਅਤੇ ਸਫਾਈ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕੌਸ਼ਲ ਕੁਮਾਰ, ਰੂਪਨਗਰ ਦੇ ਪ੍ਰਧਾਨ ਅਜੈ ਕੁਮਾਰ ਭੱਟੀ, ਕੀਰਤਪੁਰ ਸਾਹਿਬ ਦੇ ਪ੍ਰਧਾਨ ਜਸਵੀਰ ਸਿੰਘ, ਨੰਗਲ ਦੇ ਪ੍ਰਧਾਨ ਰੇਸ਼ਮਾ, ਮੋਰਿੰਡਾ ਦੇ ਪ੍ਰਧਾਨ ਰਾਮ ਪ੍ਰਸਾਦ, ਨੰਗਲ ਦੇ ਪ੍ਰਧਾਨ ਮੁਕੇਸ਼, ਸੈਕਟਰੀ ਨੰਗਲ ਰਾਜ ਕੁਮਾਰ, ਮਨਿੰਦਰ ਸਮੇਤ ਵੱਡੀ ਗਿਣਤੀ ਵਿਚ ਸਫਾਈ ਕਰਮਚਾਰੀ ਹਾਜ਼ਰ ਸਨ।