ਜੀਟੀਯੂ ਵੱਲੋਂ 12 ਮਾਰਚ ਨੂੰ ਵਿਧਾਨ ਸਭਾ ਦੇ ਘਿਰਾਓ ’ਚ ਭਰਵੀਂ ਸਮੂਲੀਅਤ ਦਾ ਐਲਾਨ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਗੌਰਮਿੰਟ ਟੀਚਰਜ਼ ਯੂਨੀਅਨ (ਜੀਟੀਯੂ) ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜਨਰਲ ਸਕੱਤਰ ਗੁਰਬਿੰਦਰ ਸਿੰਘ ਸਸਕੌਰ, ਵਿੱਤ ਸਕੱਤਰ ਮਨੋਹਰ ਲਾਲ ਸ਼ਰਮਾ, ਪ੍ਰੈੱਸ ਸਕੱਤਰ ਕਰਨੈਲ ਫਿਲੌਰ ਅਤੇ ਧਰਮਿੰਦਰ ਸਿੰਘ ਭੰਗੂ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਿੱਖਿਆ ਵਿਭਾਗ ਵਲੋਂ ਬੀਤੀ 7 ਫਰਵਰੀ ਨੂੰ ਮਾਸਟਰ ਕਾਡਰ ਦੀਆਂ ਪਦਉੱਨਤੀਆਂ ਲਈ ਟੈੱਟ ਲਾਜ਼ਮੀ ਹੋਣ ਦਾ ਪੱਤਰ ਜਾਰੀ ਕਰਕੇ ਟੈੱਟ ਤੋਂ ਛੋਟ ਦੇਣ ਦਾ 14 ਸਤੰਬਰ, 2017 ਦਾ ਪੱਤਰ ਰੱਦ ਕਰਨ ਦੇ ਵਿਰੋਧ ਵਿਚ ਪੰਜਾਬ ਦੀਆਂ ਅਧਿਆਪਕ ਜੱਥੇਬੰਦੀਆਂ ਵੱਲੋਂ 12 ਮਾਰਚ ਨੂੰ ਵਿਧਾਨ ਸਭਾ ਦਾ ਘੇਰਾਓ ਕਰਨ ਦਾ ਐਲਾਨ ਕੀਤਾ ਹੈ। ਇਸ ਦੌਰਾਨ ਜੀਟੀਯੂ ਪੰਜਾਬ ਦੇ ਅਹੁੱਦੇਦਾਰ ਤੇ ਮੈਂਬਰ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰੇਗੀ। ਅਧਿਆਪਕ ਆਗੂਆਂ ਨੇ ਕਿਹਾ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸਿੱਖਿਆ ਮੰਤਰੀ ਪੰਜਾਬ ਵੱਲੋਂ ਅਧਿਆਪਕ ਜੱਥੇਬੰਦੀਆਂ ਦੀ ਮੀਟਿੰਗ ਦੌਰਾਨ ਅਧਿਆਪਕਾਂ ਦੇ ਮਸਲੇ ਤੁਰੰਤ ਹੱਲ੍ਹ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਪ੍ਰੰਤੂ ਇਸ ਸਬੰਧੀ ਅਜੇ ਤੱਕ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ। ਇਸ ਦੇ ਕਾਰਨ ਅਧਿਆਪਕ ਜੱਥੇਬੰਦੀਆਂ ਨੂੰ ਮਜ਼ਬੂਰੀ ਵੱਸ ਵਿਧਾਨ ਸਭਾ ਦਾ ਘਿਰਾਓ ਕਰਨ ਦਾ ਫੈਸਲਾ ਕਰਨਾ ਪਿਆ। ਉਨ੍ਹਾਂ ਕਿਹਾ ਕਿ ਆਪ ਸਰਕਾਰ ਅਧਿਆਪਕਾਂ ਦੀ ਘਾਟ ਨਾਲ ਜੂਝ ਰਹੇ ਸਿੱਖਿਆ ਵਿਭਾਗ ਵਿਚ ਅਧਿਆਪਕਾਂ ਦੀ ਗਿਣਤੀ ਹੋਰ ਘੱਟ ਕਰਨ ਲਈ ਹੀ ਇਹੋ ਜਿਹੇ ਕਦਮ ਚੁੱਕ ਰਹੀ ਹੈ।