ਮਿਊਂਸਿਪਲ ਮੁਲਾਜ਼ਮਾਂ ਦਾ ਰੋਸ ਪ੍ਰਦਰਸ਼ਨ, ਮੁੱਖ ਮੰਤਰੀ ਦਾ ਪੁਤਲਾ ਫੂਕਿਆ
ਮਿਊਂਸਿਪਲ ਮੁਲਾਜ਼ਮਾਂ ਦਾ ਰੋਸ ਪ੍ਰਦਰਸ਼ਨ, ਮੁੱਖ ਮੰਤਰੀ ਦਾ ਪੁਤਲਾ ਫੂਕਿਆ
Publish Date: Thu, 12 Mar 2026 04:58 PM (IST)
Updated Date: Thu, 12 Mar 2026 05:00 PM (IST)

6 ਮਈ ਤੋਂ ਅਣਮਿੱਥੀ ਹੜਤਾਲ ਦੀ ਚੇਤਾਵਨੀ ਅਮਰਜੀਤ ਧੀਮਾਨ, ਪੰਜਾਬੀ ਜਾਗਰਣ ਮੋਰਿੰਡਾ : ਮਿਊਂਸਿਪਲ ਸਫਾਈ ਸੇਵਕ ਇੰਪਲਾਈਜ਼ ਯੂਨੀਅਨ ਮੋਰਿੰਡਾ ਵੱਲੋਂ ਯੂਨੀਅਨ ਦੇ ਪ੍ਰਧਾਨ ਰਾਮ ਗੋਪਾਲ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਖਿਲਾਫ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮੁਲਾਜ਼ਮਾਂ ਨੇ ਮੰਗਾਂ ਪੂਰੀਆਂ ਨਾ ਹੋਣ ਦੇ ਵਿਰੋਧ ਵਿਚ ਸ਼ਹਿਰ ਵਿਚ ਰੋਸ ਮਾਰਚ ਕੱਢਦੇ ਹੋਏ ਸਥਾਨਕ ਕਾਈਨੌਰ ਚੌਂਕ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁੱਤਲਾ ਫੂਕਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ। ਇਸ ਰੋਸ ਪ੍ਰਦਰਸ਼ਨ ਤੋਂ ਬਾਅਦ ਯੂਨੀਅਨ ਦੇ ਆਗੂਆਂ ਨੇ ਐੱਸਡੀਐੱਮ ਮੋਰਿੰਡਾ ਚੇਤਨ ਬੰਗੜ ਨੂੰ ਮੁੱਖ ਮੰਤਰੀ ਪੰਜਾਬ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਦੇ ਨਾਮ ਮੰਗ ਪੱਤਰ ਸੌਂਪਿਆ। ਇਸ ਮੌਕੇ ਯੂਨੀਅਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਜਲਦੀ ਨਿਪਟਾਰਾ ਨਾ ਕੀਤਾ ਗਿਆ ਤਾਂ ਪੰਜਾਬ ਦੇ ਸਮੂਹ ਮਿਊਂਸਿਪਲ ਮੁਲਾਜ਼ਮ, ਸਫਾਈ ਸੇਵਕ ਅਤੇ ਸੀਵਰਮੈਨ 6 ਮਈ 2026 ਤੋਂ ਅਣਮਿੱਥੇ ਸਮੇਂ ਲਈ ਕੰਮ ਛੋੜ ਹੜਤਾਲ ਸ਼ੁਰੂ ਕਰਨਗੇ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਵਾਈਸ ਪ੍ਰਧਾਨ ਗੁਰਜੰਟ ਸਿੰਘ, ਕੈਸ਼ੀਅਰ ਦੀਪਕ ਕੁਮਾਰ, ਸੈਕਟਰੀ ਪਰਮਿੰਦਰ ਸਿੰਘ ਆਦਿ ਨੇ ਦੱਸਿਆ ਕਿ ਮਿਊਂਸਿਪਲ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਬਾਰੇ ਪਹਿਲਾਂ ਵੀ ਵਿੱਤ ਮੰਤਰੀ, ਸਥਾਨਕ ਸਰਕਾਰਾਂ ਵਿਭਾਗ ਦੇ ਸਾਬਕਾ ਮੰਤਰੀ ਇੰਦਰਬੀਰ ਸਿੰਘ ਨਿੱਝਰ, ਬਲਕਾਰ ਸਿੰਘ ਅਤੇ ਡਾ.ਰਵਜੋਤ ਸਿੰਘ ਸਮੇਤ ਉੱਚ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ ਪ੍ਰੰਤੂ ਇਸ ਸਬੰਧੀ ਸਰਕਾਰ ਵੱਲੋਂ ਅਜੇ ਤੱਕ ਕੋਈ ਢੁੱਕਵਾਂ ਹੱਲ੍ਹ ਨਹੀਂ ਨਿਕਲਿਆ। ਇਸ ਕਾਰਨ ਪੰਜਾਬ ਭਰ ਦੇ ਮਿਊਂਸਿਪਲ ਮੁਲਾਜ਼ਮਾਂ, ਸਫਾਈ ਸੇਵਕਾਂ ਅਤੇ ਸੀਵਰਮੈਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀਆਂ ਮੁੱਖ ਮੰਗਾਂ ਆਉਟਸੋਰਸ ਅਤੇ ਠੇਕਾ ਆਧਾਰਿਤ ਸਫਾਈ ਸੇਵਕ, ਸੀਵਰਮੈਨ, ਮਾਲੀ, ਬੇਲਦਾਰ, ਸੇਵਾਦਾਰ, ਇਲੈਕਟ੍ਰਿਸ਼ਨ, ਪੰਪ ਆਪਰੇਟਰ, ਕੰਪਿਊਟਰ ਆਪਰੇਟਰ, ਕਲਰਕ, ਡਰਾਇਵਰ ਅਤੇ ਫਾਇਰ ਬ੍ਰਿਗੇਡ ਕਰਮਚਾਰੀਆਂ ਨੂੰ ਰੈਗੂਲਰ ਕਰਨਾ ਹੈ। ਇਸ ਤੋਂ ਇਲਾਵਾ 1 ਜਨਵਰੀ 2004 ਤੋਂ ਬਾਅਦ ਭਰਤੀ ਹੋਏ ਮਿਊਂਸਿਪਲ ਮੁਲਾਜ਼ਮਾਂ ’ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਅਤੇ ਉਨ੍ਹਾਂ ਨੂੰ ਪੀਪੀਐੱਫ ਵਿੱਚੋਂ ਵਾਪਸੀਯੋਗ ਕਰਜ਼ਾ ਲੈਣ ਦੀ ਮਨਜ਼ੂਰੀ ਦੇਣ ਦੀ ਮੰਗ ਵੀ ਕੀਤੀ ਗਈ। ਯੂਨੀਅਨ ਆਗੂਆਂ ਨੇ ਕਿਹਾ ਕਿ 31 ਦਸੰਬਰ 2011 ਤੱਕ ਜਿਨ੍ਹਾਂ ਮੁਲਾਜ਼ਮਾਂ ਤੋਂ ਪੈਨਸ਼ਨ ਸਬੰਧੀ ਆਪਸ਼ਨ ਲਏ ਗਏ ਸਨ, ਉਨ੍ਹਾਂ ਦੀ ਪ੍ਰਕਿਰਿਆ ਪੂਰੀ ਕਰਕੇ ਪੈਨਸ਼ਨ ਲਾਗੂ ਕੀਤੀ ਜਾਵੇ। ਨਾਲ ਹੀ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖਾਹਾਂ ਦੇਣ ਲਈ ਵੈਟ ਦੀ ਰਕਮ ਦੋਗੁਣੀ ਕਰਨ ਦੀ ਮੰਗ ਵੀ ਰੱਖੀ ਗਈ। ਉਨ੍ਹਾਂ ਮੰਗ ਕੀਤੀ ਕਿ ਸਫਾਈ ਸੇਵਕਾਂ ਦੀ ਨਵੀਂ ਭਰਤੀ ਵਿਚ ਸਫਾਈ ਸੇਵਕ ਪਿਛੋਕੜ ਵਾਲੇ ਉਮੀਦਵਾਰਾਂ ਲਈ 75 ਫੀਸਦੀ ਰਾਖਵਾਂਕਰਨ ਕਰਨ, ਸਫਾਈ ਸੇਵਕਾਂ, ਸੀਵਰਮੈਨਾਂ ਅਤੇ ਫਾਇਰਮੈਨਾਂ ਲਈ ਹਰ ਸਾਲ ਦੁਰਘਟਨਾ ਬੀਮਾ ਲਾਜ਼ਮੀ ਕਰਨ ਅਤੇ ਬੀਮੇ ਦੀ ਰਕਮ 20 ਲੱਖ ਰੁਪਏ ਕਰਨ ਦੀ ਮੰਗ ਵੀ ਕੀਤੀ ਗਈ। ਇਸੇ ਤਰ੍ਹਾਂ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਨੂੰ ਮਿਲਣ ਵਾਲੀ ਗਰਮ ਅਤੇ ਠੰਡੀ ਵਰਦੀ, ਜੁੱਤੇ, ਚੱਪਲਾਂ, ਸਿਲਾਈ ਅਤੇ ਜਰਸੀ ਆਦਿ ਭੱਤਿਆਂ ਵਿਚ ਚਾਰ ਗੁਣਾ ਵਾਧਾ ਅਤੇ ਵਰਦੀ ਧੁਲਾਈ ਭੱਤਾ ਵੀ ਵਧਾਉਣ ਦੀ ਮੰਗ ਕੀਤੀ ਹੈ। ਸਫਾਈ ਸੇਵਕਾਂ ਦੀ ਸਪੈਸ਼ਲ ਪੇਅ 1000 ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇ ਅਤੇ ਸਫਾਈ ਮੇਟਾਂ ਨੂੰ ਦੋ ਪਹੀਆ ਵਾਹਨ ਲਈ ਤੇਲ ਭੱਤਾ ਅਤੇ ਸਪੈਸ਼ਲ ਇਨਕਰੀਮੈਂਟ ਦਿੱਤਾ ਜਾਵੇ। ਯੂਨੀਅਨ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਜਲਦੀ ਹੀ ਕੋਈ ਸਕਾਰਾਤਮਕ ਫੈਸਲਾ ਨਾ ਲਿਆ ਗਿਆ ਤਾਂ ਪੰਜਾਬ ਭਰ ਵਿਚ ਮਿਊਂਸਿਪਲ ਮੁਲਾਜ਼ਮਾਂ ਦਾ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।