ਅਧਿਆਪਕ ਜੱਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਅਰਥੀ ਫੂਕ ਮੁਜ਼ਾਹਰਾ
ਅਧਿਆਪਕ ਜੱਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਅਰਥੀ ਫੂਕ ਮੁਜ਼ਾਹਰਾ
Publish Date: Wed, 18 Mar 2026 03:28 PM (IST)
Updated Date: Wed, 18 Mar 2026 03:31 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਰੂਪਨਗਰ ਦੇ ਮਹਾਰਾਜਾ ਰਣਜੀਤ ਸਿੰਘ ਬਾਗ ਵਿਖੇ ਸਾਂਝਾ ਅਧਿਆਪਕ ਮੋਰਚਾ ਅਤੇ ਅਧਿਆਪਕ ਜੱਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਸਰਕਾਰ ਵਿਰੁੱਧ ਜਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ। ਇਹ ਰੋਸ ਪ੍ਰਦਰਸ਼ਨ ਗੁਰਬਿੰਦਰ ਸਿੰਘ ਸਸਕੌਰ, ਪਰਵਿੰਦਰ ਭਾਰਤੀ, ਜਗਮੋਹਨ ਸਿੰਘ ਚੌਂਤਾ, ਗਿਆਨ ਚੰਦ ਆਦਿ ਦੀ ਅਗਵਾਈ ਹੇਠ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਦੱਸਿਆ ਕਿ ਕੇਂਦਰ ਸਰਕਾਰ ਦੇ ਇਸ਼ਾਰੇ ’ਤੇ ਸੁਪਰੀਮ ਕੋਰਟ ਰਾਹੀਂ ਟੈੱਟ ਦੀ ਬੇਲੋੜੀ, ਗੈਰਵਿਧਾਨਿਕ ਸ਼ਰਤ ਜਬਰੀ ਥੋਪਣ, ਪੰਜਾਬ ਸਰਕਾਰ ਵਲੋਂ ਬਜਟ ਸੈਸ਼ਨ ਦੌਰਾਨ ਅਧਿਆਪਕਾਂ ਦੀ ਸੇਵਾ ਸੁਰੱਖਿਆ ਲਈ ਬਿੱਲ ਨਾ ਲਿਆਉਣ, ਸੁਪਰੀਮ ਕੋਰਟ ਵਿਚ ਰੀਵਿਊ ਪਟੀਸ਼ਨ ਦਾਖਲ ਨਾ ਕਰਨ, ਸਿੱਖਿਆ ਵਿਭਾਗ ਵਲੋਂ ਕੁੱਝ ਵਰਗਾਂ ਨੂੰ ਟੈੱਟ ਤੋਂ ਛੋਟ ਦੇਣ ਦਾ ਪੱਤਰ ਰੱਦ ਕਰਨ, ਸੰਘਰਸ਼ ਦੌਰਾਨ ਜਲ ਤੋਪਾਂ, ਲਾਠੀਚਾਰਜ ਤੇ ਅੱਥਰੂ ਗੈਸ ਦੇ ਗੋਲਿਆਂ ਦੀ ਅੰਨ੍ਹੇਵਾਹ ਵਰਤੋਂ ਕਰਕੇ ਅਧਿਆਪਕਾਂ ਨੂੰ ਜ਼ਖਮੀ ਕਰਕੇ ਰਾਸ਼ਟਰ ਨਿਰਮਾਤਾ ਅਧਿਆਪਕਾਂ ਦੇ ਮਾਨ ਸਨਮਾਨ ਨੂੰ ਸੱਟ ਮਾਰਨ ਦੇ ਵਿਰੋਧ ਵਿਚ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਚਾਰ ਸਾਲ ਦੇ ਕਾਰਜਕਾਲ ਵਿਚ ਅਧਿਆਪਕਾਂ ਦੀ ਕਿਸੇ ਵੀ ਸਮੱਸਿਆ ਦਾ ਹੱਲ੍ਹ ਕਰਨ ਦੀ ਬਜਾਏ ਅਧਿਆਪਕਾਂ ਦੇ ਹਰ ਵਰਗ ’ਤੇ ਪੁਲਸੀਆ ਤਸ਼ੱਦਦ ਹੀ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਲੰਗੜਾ ਨੋਟੀਫਿਕੇਸ਼ਨ ਜਾਰੀ ਕਰਨ ਦੇ ਬਾਵਜੂਦ ਹੁਣ ਤੱਕ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਤਨਖਾਹ ਦੁਹਰਾਈ ਦੇ ਬਕਾਏ, ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਕਿਸ਼ਤਾਂ ਅਤੇ ਜਾਰੀ ਕੀਤੀਆਂ ਕਿਸ਼ਤਾਂ ਦੇ ਬਕਾਏ ਰਲਾ ਦਿੱਤੇ ਗਏ ਹਨ, ਸੋਧਣ ਦੇ ਨਾਂ ’ਤੇ ਬੰਦ ਕੀਤੇ ਸਮੁੱਚੇ ਭੱਤੇ ਬਹਾਲ ਨਹੀਂ ਕੀਤੇ ਜਾ ਰਹੇ, ਤਨਖਾਹ ਕਮਿਸ਼ਨ ਦੀ ਪੂਰੀ ਰਿਪੋਰਟ ਵੀ ਜਾਰੀ ਨਹੀਂ ਕੀਤੀ ਗਈ, ਸਕੂਲਾਂ ਵਿਚ ਅਧਿਆਪਕਾਂ ਦੀਆਂ ਅਤੇ ਸਕੂਲ ਮੁੱਖੀਆਂ ਦੀਆਂ ਹਜ਼ਾਰਾਂ ਪੋਸਟਾਂ ਖਾਲੀ ਹੋਣ ਦੇ ਬਾਵਜੂਦ ਬੇਰੁਜ਼ਗਾਰ ਅਧਿਆਪਕਾਂ ਨੂੰ ਰੁਜ਼ਗਾਰ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਖਜ਼ਾਨਾ ਭਰੇ ਹੋਣ ਦੇ ਦਮਗਜੇ ਮਾਰੇ ਜਾ ਰਹੇ ਹਨ ਪ੍ਰੰਤੂ ਅਧਿਆਪਕਾਂ ਦੇ ਵਿੱਤੀ ਮਸਲੇ ਹੱਲ੍ਹ ਨਹੀਂ ਕੀਤੇ ਜਾ ਰਹੇ, ਬਹੁਗਿਣਤੀ ਅਧਿਆਪਕ ਫਰਵਰੀ ਮਹੀਨੇ ਦੀ ਤਨਖਾਹ ਨੂੰ ਤਰਸ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮੱਸਿਆਵਾਂ ਦਾ ਹੱਲ੍ਹ ਕਰਨ ਦੀ ਬਜਾਏ ਸੇਵਾ ਨਿਭਾ ਰਹੇ ਅਧਿਆਪਕਾਂ ਦੇ ਸਿਰ ’ਤੇ ਛਾਂਟੀ ਦੀ ਤਲਵਾਰ ਲਟਕਾ ਦਿੱਤੀ ਗਈ ਹੈ। ਇਸ ਮੌਕੇ ਸੁਖਦੇਵ ਸਿੰਘ ਸੁਰਤਾਪੁਰ, ਕੁਲਬੀਰ ਸਿੰਘ ਕੰਧੋਲਾ, ਅਵਤਾਰ ਸਿੰਘ ਜਵੰਧਾ, ਇਕਬਾਲ ਸਿੰਘ ਹਫਿਜ਼ਾਬਾਦ, ਦਵਿੰਦਰ ਸਿੰਘ ਸਮਾਣਾ, ਬਲਵਿੰਦਰ ਸਿੰਘ ਰੈਲੋਂ, ਸੁਰਿੰਦਰ ਸਿੰਘ ਚੱਕ ਢੇਰਾਂ, ਜਗਦੀਪ ਸਿੰਘ ਝੱਲੀਆਂ, ਬਲਵਿੰਦਰ ਸਿੰਘ ਮੀਆਂਪੁਰ, ਗੁਰਿੰਦਰ ਸਿੰਘ ਭਰਤਗੜ੍ਹ, ਸੁਸ਼ੀਲ ਕੁਮਾਰ ਕਾਈਨੌਰ, ਜਤਿੰਦਰ ਸਿੰਘ ਮੋਰਿੰਡਾ, ਇੰਦਰਜੀਤ ਸਿੰਘ ਥਲੀ, ਕੁਲਵਿੰਦਰ ਸਿੰਘ ਬਿੱਟੂ, ਇਕਬਾਲ ਧਮਾਣਾ, ਕੇਸਰ ਸਿੰਘ ਲੈਹੜੀਆਂ, ਰਾਕੇਸ਼ ਕੁਮਾਰ ਗੋਨੂੰ, ਹਰਮਨਪ੍ਰੀਤ ਸਿੰਘ ਸ਼ੇਰਗਿੱਲ, ਰਵਿੰਦਰ ਕੌਰ, ਹਰਨੇਕ ਸਿੰਘ ਝੱਲੀਆਂ ਆਦਿ ਸਮੇਤ ਵੱਡੀ ਗਿਣਤੀ ਵਿਚ ਅਧਿਆਪਕ ਆਦਿ ਹਾਜ਼ਰ ਸਨ।