ਡੀਸੀ ਵੱਲੋਂ ਸਿਹਤ ਸਕੀਮਾਂ ਬਾਰੇ ਜਾਗਰੂਕਤਾ ਫੈਲਾਉਣ ‘ਤੇ ਜ਼ੋਰ
ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਸਿਹਤ ਸਕੀਮਾਂ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ‘ਤੇ ਜ਼ੋਰ
Publish Date: Thu, 07 May 2026 04:29 PM (IST)
Updated Date: Thu, 07 May 2026 04:29 PM (IST)

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਹੇਠ ਵੱਧ ਤੋਂ ਵੱਧ ਲੋਕਾਂ ਨੂੰ ਲਾਭ ਪਹੁੰਚਾਉਣ ਦੇ ਵੀ ਨਿਰਦੇਸ਼ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ,ਰੂਪਨਗਰ : ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਪੰਜਾਬ ਸਰਕਾਰ ਦੇ ਟੀਚਿਆਂ ਅਨੁਸਾਰ ਜ਼ਿਲ੍ਹਾ ਵਾਸੀਆਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਰਕਾਰੀ ਸਿਹਤ ਸਕੀਮਾਂ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾਵੇ ਤਾਂ ਜੋ ਲੋਕ ਇਨ੍ਹਾਂ ਯੋਜਨਾਵਾਂ ਦਾ ਪੂਰਾ ਲਾਭ ਲੈ ਸਕਣ। ਜ਼ਿਲ੍ਹਾ ਹੈਲਥ ਸੋਸਾਇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਸਿਹਤ ਸਹੂਲਤਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਨੂੰ ਖ਼ਾਸ ਤਰਜੀਹ ਦਿੱਤੀ ਗਈ ਹੈ, ਇਸ ਲਈ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਵਿਚ ਕੋਈ ਘਾਟ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਵੱਖ-ਵੱਖ ਸਿਹਤ ਯੋਜਨਾਵਾਂ ਦਾ ਜਾਇਜ਼ਾ ਲੈਂਦਿਆਂ ਸੇਵਾਵਾਂ ਦੀ ਗੁਣਵੱਤਾ ਨੂੰ ਹਰ ਪੱਧਰ ‘ਤੇ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਪੀਸੀਪੀ.ਐਨਡੀਟੀ. ਐਕਟ ਤਹਿਤ ਕਾਰਵਾਈ ਦੀ ਸਮੀਖਿਆ ਕਰਦਿਆਂ ਲਿੰਗ ਨਿਰਧਾਰਨ ਟੈਸਟਾਂ ‘ਤੇ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਸਾਰੇ ਅਲਟਰਾ ਸਾਊਂਡ ਸੈਂਟਰਾਂ ਵਿਚ ਅਚਾਨਕ ਜਾਂਚ ਵਧਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਲਿੰਗ ਅਨੁਪਾਤ ਸੰਤੁਲਿਤ ਕਰਨ ਲਈ ਸਿਹਤ ਵਿਭਾਗ ਹੋਰ ਚੌਕਸੀ ਨਾਲ ਕੰਮ ਕਰੇ। ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ ਨਸ਼ਾ ਛੁਡਾਉ ਕੇਂਦਰਾਂ ਦੀ ਕਾਰਗੁਜ਼ਾਰੀ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਨੁਕਸਾਨਾਂ ਬਾਰੇ ਜਾਗਰੂਕ ਕਰਨ ਲਈ ਵਿਆਪਕ ਮੁਹਿੰਮ ਚਲਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਜ਼ਮੀਨੀ ਪੱਧਰ ਤੱਕ ਲੈ ਜਾ ਕੇ ਸਮਾਜ ਦੇ ਹਰ ਵਰਗ ਦੀ ਭਾਗੀਦਾਰੀ ਯਕੀਨੀ ਬਣਾਈ ਜਾਵੇ। ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਦੀ ਸਮੀਖਿਆ ਕਰਦਿਆਂ ਕਿਹਾ ਕਿ ਇਸ ਯੋਜਨਾ ਹੇਠ ਜ਼ਿਆਦਾ ਤੋਂ ਜ਼ਿਆਦਾ ਯੋਗ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਮੁਫ਼ਤ ਜਾਂ ਸਬਸਿਡੀ ਵਾਲੀਆਂ ਸਿਹਤ ਸੇਵਾਵਾਂ ਦਾ ਲਾਭ ਦਿੱਤਾ ਜਾਵੇ। ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਕਿਹਾ ਕਿ ਯੋਜਨਾ ਸਬੰਧੀ ਜਾਗਰੂਕਤਾ ਮੁਹਿੰਮ ਹੋਰ ਤੇਜ਼ ਕੀਤੀ ਜਾਵੇ। ਉਨ੍ਹਾਂ ਆਮ ਆਦਮੀ ਕਲੀਨਿਕਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਇਹ ਕਲੀਨਿਕ ਲੋਕਾਂ ਨੂੰ ਨਜ਼ਦੀਕ ਤੇ ਮੁਫ਼ਤ ਪ੍ਰਾਇਮਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਮਹੱਤਵਪੂਰਨ ਕੜੀ ਹਨ। ਉਨ੍ਹਾਂ ਹਦਾਇਤ ਕੀਤੀ ਕਿ ਇਨ੍ਹਾਂ ਕਲੀਨਿਕਾਂ ਵਿਚ ਓਪੀਡੀ ਵਧਾਉਣ ਲਈ ਲੋਕਾਂ ਨੂੰ ਹੋਰ ਜਾਗਰੂਕ ਕੀਤਾ ਜਾਵੇ ਅਤੇ ਸਾਰੀਆਂ ਬੁਨਿਆਦੀ ਸਿਹਤ ਸਹੂਲਤਾਂ ਦੀ ਉਪਲਬਧਤਾ ਯਕੀਨੀ ਬਣਾਈ ਜਾਵੇ। ਉਨ੍ਹਾਂ ਨੇ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਬਚਾਅ ਦੇ ਉਪਾਵਾਂ ਨੂੰ ਸਮੇਂ ਸਿਰ ਲਾਗੂ ਕਰਨ ਅਤੇ ਜਾਗਰੂਕਤਾ ਵਧਾਉਣ ‘ਤੇ ਜ਼ੋਰ ਦਿੱਤਾ। ਇਸ ਤੋਂ ਇਲਾਵਾ ਉਨ੍ਹਾਂ 9 ਤੋਂ 14 ਸਾਲ ਦੀਆਂ ਲੜਕੀਆਂ ਨੂੰ ਬੱਚੇਦਾਨੀ ਦੇ ਕੈਂਸਰ ਤੋਂ ਬਚਾਅ ਲਈ ਐਚਪੀਵੀ. ਵੈਕਸੀਨ ਲਗਵਾਉਣ ਲਈ ਮਾਪਿਆਂ ਨੂੰ ਹੋਰ ਪ੍ਰੇਰਿਤ ਕਰਨ ‘ਤੇ ਜ਼ੋਰ ਦਿੱਤਾ। ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਆਉਣ ਵਾਲੇ ਤਿੰਨ ਮਹੀਨਿਆਂ ਵਿਚ ਸਾਰੇ ਸਕੂਲਾਂ, ਕਾਲਜਾਂ ਅਤੇ ਹੋਰ ਵਿਦਿਅਕ ਸੰਸਥਾਵਾਂ ਦੇ ਨੇੜੇ ਤੰਬਾਕੂ ਅਤੇ ਤੰਬਾਕੂ ਪਦਾਰਥਾਂ ਦੀ ਵਿਕਰੀ ‘ਤੇ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਸਿਵਲ ਸਰਜਨ ਡਾ. ਰਮਨ ਗੁਪਤਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਬਲਜਿੰਦਰ ਸਿੰਘ ਗਰੇਵਾਲ, ਐਕਸੀਅਨ ਪੰਚਾਇਤੀ ਰਾਜ ਅਵਤਾਰ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼ਰੂਤੀ ਸ਼ਰਮਾ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਨਵਰੂਪ ਕੌਰ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਅੰਜਲੀ ਚੌਧਰੀ, ਡਿਪਟੀ ਮੈਡੀਕਲ ਕਮਿਸਨਰ ਡਾ. ਉਰਮਿਲਾ ਗਰਗ ਸਮੇਤ ਸਮੂਹ ਐਸ.ਐਮ.ਓਜ਼ ਅਤੇ ਹੋਰ ਸਬੰਧਿਤ ਅਧਿਕਾਰੀ ਮੌਜੂਦ ਸਨ।