ਨਸ਼ਿਆਂ ਵਿਰੁੱਧ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਸਾਂਝੀ ਰਣਨੀਤੀ ਤਹਿਤ ਕਾਰਵਾਈ ਤੇਜ਼
ਨਸ਼ਿਆਂ ਵਿਰੁੱਧ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਸਾਂਝੀ ਰਣਨੀਤੀ ਤਹਿਤ ਕਾਰਵਾਈ ਤੇਜ਼
Publish Date: Thu, 21 May 2026 04:57 PM (IST)
Updated Date: Thu, 21 May 2026 04:58 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਅਤੇ ਐੱਸਐੱਸਪੀ ਰੂਪਨਗਰ ਮਨਿੰਦਰ ਸਿੰਘ ਵੱਲੋਂ ਨਾਰਕੋ ਕੋਰਡੀਨੇਸ਼ਨ ਸੈਂਟਰ (ਨਕਾਰਡ) ਪ੍ਰਣਾਲੀ ਅਧੀਨ ਇੱਕ ਮਹੱਤਵਪੂਰਨ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਨਸ਼ਿਆਂ ਦੀ ਰੋਕਥਾਮ, ਨਸ਼ਾ ਤਸਕਰਾਂ ਖਿਲਾਫ ਸਖਤ ਕਾਰਵਾਈ, ਨਸ਼ਾ ਪੀੜਤਾਂ ਦੇ ਇਲਾਜ ਅਤੇ ਨੌਜਵਾਨਾਂ ਨੂੰ ਜਾਗਰੂਕ ਕਰਨ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਸਕੂਲਾਂ, ਕਾਲਜਾਂ ਅਤੇ ਹੋਰ ਵਿੱਦਿਅਕ ਸੰਸਥਾਵਾਂ ਵਿਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਨਿਰੰਤਰ ਕਰਵਾਏ ਜਾਣ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਪ੍ਰਸ਼ਾਸਨ, ਪੁਲਿਸ, ਸਿਹਤ ਵਿਭਾਗ ਅਤੇ ਸਮਾਜਿਕ ਸੰਸਥਾਵਾਂ ਦੀ ਸਾਂਝੀ ਭੂਮਿਕਾ ਬਹੁਤ ਜ਼ਰੂਰੀ ਹੈ। ਉਨ੍ਹਾਂ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿਚ ਚੱਲ ਰਹੇ ਨਸ਼ਾ ਮੁਕਤੀ ਕੇਂਦਰਾਂ ਵਿਚ ਆਉਣ ਵਾਲੇ ਨਸ਼ਾ ਪੀੜਤ ਵਿਅਕਤੀਆਂ ਦਾ ਯੋਗ ਇਲਾਜ ਅਤੇ ਕੌਂਸਲਿੰਗ ਯਕੀਨੀ ਬਣਾਈ ਜਾਵੇ। ਇਸ ਦੇ ਨਾਲ ਹੀ ਇਲਾਜ ਉਪਰੰਤ ਉਨ੍ਹਾਂ ਦੇ ਪੁਨਰਵਾਸ ਅਤੇ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਵੀ ਢੁੱਕਵੇਂ ਉਪਰਾਲੇ ਕੀਤੇ ਜਾਣ ਤਾਂ ਜੋ ਉਹ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੁੜ ਸਕਣ। ਇਸ ਮੀਟਿੰਗ ਦੌਰਾਨ ਐੱਸਐੱਸਪੀ ਰੂਪਨਗਰ ਮਨਿੰਦਰ ਸਿੰਘ ਵੱਲੋਂ ਪੁਲਿਸ ਵਿਭਾਗ ਵੱਲੋਂ ਨਸ਼ਿਆਂ ਵਿਰੁੱਧ ਕੀਤੀ ਗਈ ਕਾਰਵਾਈ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਅਪ੍ਰੈਲ ਮਹੀਨੇ ਦੌਰਾਨ ਐੱਨਡੀਪੀਐੱਸ ਐਕਟ ਤਹਿਤ 87 ਮਾਮਲੇ ਦਰਜ ਕੀਤੇ ਗਏ ਅਤੇ 125 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਅਪ੍ਰੈਲ ਮਹੀਨੇ ਵਿਚ ਪੁਲਿਸ ਵੱਲੋਂ ਕਾਰਵਾਈ ਦੌਰਾਨ 178 ਗ੍ਰਾਮ ਹੈਰੋਇਨ, 191 ਗ੍ਰਾਮ ਆਈਸ, 2 ਕਿਲੋ 814 ਗ੍ਰਾਮ ਭੁੱਕੀ, 173 ਗ੍ਰਾਮ ਨਸ਼ੀਲਾ ਪਾਊਡਰ, 4 ਨਸ਼ੀਲੇ ਟੀਕੇ ਅਤੇ 3 ਲੱਖ 25 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਮੁਹਿੰਮ ਹੋਰ ਤੇਜ਼ ਕੀਤੀ ਜਾ ਰਹੀ ਹੈ ਅਤੇ ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਨਸ਼ੇ ਵਰਗੀ ਅਲਾਮਤ ਨੂੰ ਖਤਮ ਕਰਨ ਲਈ ਪੁਲਿਸ ਦਾ ਪੂਰਨ ਤੌਰ ਸਹਿਯੋਗ ਕੀਤਾ ਜਾਵੇ ਅਤੇ ਜੇਕਰ ਉਨ੍ਹਾਂ ਦੇ ਇਲਾਕੇ ਵਿਚ ਕੋਈ ਵਿਅਕਤੀ ਨਸ਼ਾ ਤਸਕਰੀ/ਸਮੱਗਲਿੰਗ ਕਰਦਾ ਹੈ ਤਾਂ ਉਸਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵੱਟਸਐਪ ਚੈਟਬੋਟ) ਜਾਂ ਜ਼ਿਲ੍ਹਾ ਪੁਲਿਸ ਦੇ ਨੰਬਰਾਂ ’ਤੇ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ। ਇਸ ਮੀਟਿੰਗ ਵਿਚ ਏਡੀਸੀ (ਜ) ਅਕਸ਼ਿਤਾ ਗੁਪਤਾ, ਏਡੀਸੀ (ਵ) ਚੰਦਰਜਯੋਤੀ ਸਿੰਘ, ਸਹਾਇਕ ਕਮਿਸ਼ਨਰ (ਜ) ਪ੍ਰਦੀਪ ਸਿੰਘ ਬੈਂਸ, ਆਰਟੀਓ ਰਾਜਪਾਲ ਸਿੰਘ ਸੇਖੋਂ, ਐੱਸਡੀਐੱਮ ਰੂਪਨਗਰ ਜਸਪ੍ਰੀਤ ਸਿੰਘ, ਐੱਸਡੀਐੱਮ ਮੋਰਿੰਡਾ ਚੇਤਨ ਬੰਗੜ, ਐੱਸਡੀਐੱਮ ਨੰਗਲ ਸਚਿਨ ਪਾਠਕ, ਐੱਸਡੀਐੱਮ ਸ੍ਰੀ ਅਨੰਦਪੁਰ ਸਾਹਿਬ ਸੁਖਪਾਲ ਸਿੰਘ, ਸਿਵਲ ਸਰਜਨ ਡਾ.ਰਮਨ ਗੁਪਤਾ, ਡੀਈਓ ਸ਼ਮਸ਼ੇਰ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਜਸਵਿੰਦਰ ਸਿੰਘ, ਜ਼ਿਲ੍ਹਾ ਫੂਡ ਸਪਲਾਈ ਅਫਸਰ ਡਾ.ਕਿੰਮੀਵਨੀਤ ਕੌਰ ਸੇਠੀ, ਜ਼ਿਲ੍ਹੇ ਦੇ ਸਮੂਹ ਡੀਐੱਸਪੀਜ਼, ਸਮੂਹ ਐੱਸਐੱਮਓਜ਼ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।