ਸ਼ਹਿਰ ਨੂੰ ਸਾਫ਼-ਸੁਥਰਾ ਰੱਖਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ : ਦਿਨੇਸ਼ ਚੱਢਾ
ਸ਼ਹਿਰ ਨੂੰ ਸਾਫ਼-ਸੁਥਰਾ ਰੱਖਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ : ਦਿਨੇਸ਼ ਚੱਢਾ
Publish Date: Fri, 05 Jun 2026 06:20 PM (IST)
Updated Date: Fri, 05 Jun 2026 06:23 PM (IST)

ਵਿਧਾਇਕ ਚੱਢਾ ਨੇ ਰੂਪਨਗਰ ਵਿਚ ਸਫਾਈ ਪੈਟਰੋਲਿੰਗ ਵਿਵਸਥਾ ਦੀ ਕਰਵਾਈ ਸ਼ੁਰੂਆਤ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਰੂਪਨਗਰ ਸ਼ਹਿਰ ਵਿਚ ਲੰਬੇ ਸਮੇਂ ਤੋਂ ਚੱਲ ਰਹੀ ਕੂੜਾ ਪ੍ਰਬੰਧਨ ਦੀ ਸਮੱਸਿਆ ਦੇ ਸਥਾਈ ਹੱਲ ਲਈ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਇੱਕ ਮਹੱਤਵਪੂਰਨ ਪਹਿਲ ਕਰਦਿਆਂ ਸਫਾਈ ਪੈਟਰੋਲਿੰਗ ਵਿਵਸਥਾ ਦੀ ਸ਼ੁਰੂਆਤ ਕੀਤੀ ਗਈ। ਇਸ ਉਪਰਾਲੇ ਦਾ ਉਦੇਸ਼ ਸ਼ਹਿਰ ਦੀਆਂ ਮੁੱਖ ਸੜਕਾਂ, ਬਾਜ਼ਾਰਾਂ, ਰਿਹਾਇਸ਼ੀ ਇਲਾਕਿਆਂ ਅਤੇ ਗਲੀਆਂ ਵਿਚ ਸਫਾਈ ਪ੍ਰਬੰਧ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਾ ਹੈ। ਇਸ ਮੌਕੇ ਵਿਧਾਇਕ ਚੱਢਾ ਨੇ ਦੱਸਿਆ ਕਿ ਸ਼ਹਿਰ ਵਿਚ ਦੋ ਵਿਸ਼ੇਸ਼ ਸਫਾਈ ਪੈਟਰੋਲਿੰਗ ਗੱਡੀਆਂ ਤਾਇਨਾਤ ਕੀਤੀਆਂ ਗਈਆਂ ਹਨ, ਜੋ ਹਰ ਰੋਜ਼ ਸਵੇਰੇ 7 ਵਜੇ ਤੋਂ ਰਾਤ 8 ਵਜੇ ਤੱਕ ਲਗਾਤਾਰ 13 ਘੰਟੇ ਵੱਖ-ਵੱਖ ਖੇਤਰਾਂ ਵਿਚ ਗਸ਼ਤ ਕਰਦਿਆਂ ਖੁੱਲ੍ਹੇ ਵਿਚ ਪਏ ਕੂੜੇ-ਕਰਕਟ ਨੂੰ ਇਕੱਠਾ ਕਰਨ ਦਾ ਕੰਮ ਕਰਨਗੀਆਂ। ਉਨ੍ਹਾਂ ਕਿਹਾ ਕਿ ਇਹ ਪ੍ਰਣਾਲੀ ਸ਼ਹਿਰ ਵਿਚ ਕੂੜੇ ਦੇ ਢੇਰ ਬਣਨ ਤੋਂ ਰੋਕਣ ਅਤੇ ਸਾਫ਼-ਸੁਥਰਾ ਵਾਤਾਵਰਣ ਯਕੀਨੀ ਬਣਾਉਣ ਵੱਲ ਇੱਕ ਅਹਿਮ ਕਦਮ ਸਾਬਤ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਸਫਾਈ ਸਿਰਫ਼ ਸਰਕਾਰ ਜਾਂ ਨਗਰ ਕੌਂਸਲ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰ ਨਾਗਰਿਕ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਜੇਕਰ ਸ਼ਹਿਰ ਵਾਸੀ ਆਪਣਾ ਸਹਿਯੋਗ ਦੇਣ ਅਤੇ ਜਨਤਕ ਥਾਵਾਂ ‘ਤੇ ਕੂੜਾ ਸੁੱਟਣ ਤੋਂ ਗੁਰੇਜ਼ ਕਰਨ ਤਾਂ ਰੂਪਨਗਰ ਨੂੰ ਸੂਬੇ ਦੇ ਸਭ ਤੋਂ ਸਾਫ਼-ਸੁਥਰੇ ਸ਼ਹਿਰਾਂ ਵਿਚ ਸ਼ਾਮਲ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸਹੂਲਤ ਲਈ ਇੱਕ ਵਿਸ਼ੇਸ਼ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਗਿਆ ਹੈ। ਜੇਕਰ ਕਿਸੇ ਗਲੀ, ਮੁਹੱਲੇ ਜਾਂ ਜਨਤਕ ਸਥਾਨ ‘ਤੇ ਕੂੜੇ ਦਾ ਢੇਰ ਇਕੱਠਾ ਹੋ ਜਾਂਦਾ ਹੈ ਤਾਂ ਨਾਗਰਿਕ ਹੈਲਪਲਾਈਨ ‘ਤੇ ਸੂਚਨਾ ਦੇ ਸਕਦੇ ਹਨ। ਸ਼ਿਕਾਇਤ ਮਿਲਣ ਉਪਰੰਤ ਸਬੰਧਤ ਟੀਮ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਕੂੜੇ ਦੀ ਚੁਕਾਈ ਅਤੇ ਨਿਪਟਾਰੇ ਦੀ ਪ੍ਰਕਿਰਿਆ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੂੜਾ ਇਧਰ-ਉਧਰ ਸੁੱਟਣ ਦੀ ਬਜਾਏ ਨਿਰਧਾਰਤ ਥਾਵਾਂ ‘ਤੇ ਇਕੱਠਾ ਕਰਨ, ਤਾਂ ਜੋ ਸਫਾਈ ਪੈਟਰੋਲਿੰਗ ਟੀਮਾਂ ਵੱਲੋਂ ਉਸ ਦਾ ਸੁਚੱਜੇ ਢੰਗ ਨਾਲ ਨਿਪਟਾਰਾ ਕੀਤਾ ਜਾ ਸਕੇ। ਇਸ ਮੌਕੇ ਨਗਰ ਕੌਂਸਲ ਦੇ ਅਧਿਕਾਰੀਆਂ, ਨਵੇਂ ਚੁਣੇ ਕੌਂਸਲਰਾਂ, ਸਮਾਜ ਸੇਵੀਆਂ ਅਤੇ ਵੱਖ-ਵੱਖ ਪਾਰਟੀ ਆਗੂਆਂ ਨੇ ਵੀ ਹਾਜ਼ਰੀ ਭਰੀ।