ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਮੋਦੀ ਦਾ ਫੂਕਿਆ ਪੁਤਲਾ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਮੋਦੀ ਦਾ ਫੂਕਿਆ ਪੁਤਲਾ
Publish Date: Mon, 08 Jun 2026 05:05 PM (IST)
Updated Date: Mon, 08 Jun 2026 05:08 PM (IST)

ਅਮਰਜੀਤ ਧੀਮਾਨ, ਪੰਜਾਬੀ ਜਾਗਰਣ ਮੋਰਿੰਡਾ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਬਲਾਕ ਮੋਰਿੰਡਾ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਲੋਕ-ਵਿਰੋਧੀ ਨੀਤੀਆਂ ਖ਼ਿਲਾਫ ਚੁੰਨੀ ਚੌਂਕ ਮੋਰਿੰਡਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਮੋਦੀ ਦਾ ਪੁੱਤਲਾ ਫੂਕਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਸਵਰਨ ਸਿੰਘ ਢੰਗਰਾਲੀ ਨੇ ਦੱਸਿਆ ਕਿ ਇਹ ਰੋਸ ਮੁਜ਼ਾਹਰਾ ਬਲਾਕ ਪ੍ਰਧਾਨ ਗੁਰਦੀਪ ਸਿੰਘ ਕੰਗ ਅਤੇ ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਦਾਤਾਰਪੁਰ ਦੀ ਅਗਵਾਈ ਹੇਠ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਵੱਲੋਂ ਦੇਸ਼ ਵਿਚ ਤੇਲ ਦੀਆਂ ਵਾਰ-ਵਾਰ ਵੱਧ ਰਹੀਆਂ ਕੀਮਤਾਂ ਦੇ ਵਿਰੋਧ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ ਅਤੇ ਕੇਂਦਰ ਸਰਕਾਰ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ ਗਈ। ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਸੁਖਵਿੰਦਰ ਸਿੰਘ ਬੂਰਮਾਜਰਾ ਨੇ ਦੱਸਿਆ ਕਿ ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਲਗਾਤਾਰ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿਚ ਵਾਧਾ ਕਰਕੇ ਆਮ ਜਨਤਾ ਅਤੇ ਕਿਸਾਨੀ ਦਾ ਲੱਕ ਤੋੜ ਰਹੀ ਹੈ। ਆਗੂਆਂ ਨੇ ਕੇਂਦਰ ਸਰਕਾਰ ਦੇ ਅੜੀਅਲ ਵਤੀਰੇ ਦੀ ਨਿਖੇਧੀ ਕਰਦਿਆਂ ਮੁੱਖ ਕਿਸਾਨੀ ਮੰਗਾਂ ਨੂੰ ਤੁਰੰਤ ਪੂਰਾ ਕਰਨ ਦੀ ਮੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੁੱਖ ਮੰਗਾਂ ਵਿਚ ਐੱਮਐੱਸਪੀ ਗਾਰੰਟੀ ਕਾਨੂੰਨ ਤੇ ਡਾ.ਸੁਆਮੀਨਾਥਨ ਕਮਿਸ਼ਨ ਦੀ ਰਿਪੋਰਟ ਨੂੰ ਹੂ-ਬ-ਹੂ ਲਾਗੂ ਕਰਨਾ, ਕਿਸਾਨਾਂ ਨੂੰ ਫਸਲਾਂ ਦੇ ਲਾਹੇਵੰਦ ਭਾਅ ਦੇਣਾ, ਬਿਜਲੀ ਤੇ ਬੀਜ ਸੋਧ ਬਿੱਲ, ਕਾਰਪੋਰੇਟ ਪੱਖੀ ਲੇਬਰ ਕਾਨੂੰਨ ਕਾਲੇ ਕਾਨੂੰਨਾਂ ’ਤੇ ਤੁਰੰਤ ਰੋਕ ਲਗਾਉਣਾ ਸਾਮਿਲ ਹਨ। ਪ੍ਰਦਰਸ਼ਨਕਾਰੀਆਂ ਨੇ ਪਟਿਆਲਾ ਵਿਖੇ ਪਾਵਰਕੌਮ ਵਿਭਾਗ ਦੇ ਐਪ੍ਰਿੰਟਸਿਸ ਲਾਈਨਮੈਨਾਂ ’ਤੇ ਪੁਲਿਸ ਵੱਲੋਂ ਕੀਤੇ ਗਏ ਵਹਿਸ਼ੀਆਨਾ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਆਪਣੇ ਹੱਕਾਂ ਦੀ ਮੰਗ ਕਰ ਰਹੇ ਬੇਰੁਜ਼ਗਾਰਾਂ ਅਤੇ ਮੁਲਾਜ਼ਮਾਂ ’ਡਾਂਗਾਂ ਵਰ੍ਹਾਉਣਾ ਬਹੁਤ ਹੀ ਨਿੰਦਣਯੋਗ ਕਾਰਵਾਈ ਹੈ। ਜਿਸ ਨੂੰ ਲੈ ਕੇ ਜੱਥੇਬੰਦੀ ਵੱਲੋਂ ਪੰਜਾਬ ਸਰਕਾਰ ਖ਼ਿਲਾਫ ਵੀ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਆਗੂਆਂ ਨੇ ਕਿਹਾ ਕਿ ਜੇਕਰ ਮੰਗਾਂ ਜਲਦੀ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਵਿਚ ਅੰਦੋਲਨ ਨੂੰ ਹੋਰ ਤਿੱਖਾ ਅਤੇ ਵਿਸ਼ਾਲ ਕੀਤਾ ਜਾਵੇਗਾ। ਇਸ ਰੋਸ ਪ੍ਰਦਰਸ਼ਨ ਵਿਚ ਲਖਵਿੰਦਰ ਸਿੰਘ, ਅਵਤਾਰ ਸਿੰਘ ਤਾਰਾ, ਸੱਜਣ ਸਿੰਘ ਬਡਵਾਲੀ, ਦਲਜਿੰਦਰ ਸਿੰਘ, ਬਲਜਿੰਦਰ ਸਿੰਘ, ਹਰਮਿੰਦਰ ਸਿੰਘ, ਸੁਰਿੰਦਰ ਸਿੰਘ, ਸੁਖਵਿੰਦਰ ਸਿੰਘ ਆਦਿ ਨੇ ਸਮੂਲੀਅਤ ਕੀਤੀ।