- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹੇ 'ਚ ਸਿਹਤ ਜਾਂਚ ਕੈਂਪ ਦੌਰਾਨ 763 ਗਰਭਵਤੀ ਔਰਤਾਂ ਦੀ ਕੀਤੀ ਗਈ ਜਾਂਚ

ਸਿਹਤ ਵਿਭਾਗ ਵੱਲੋਂ ਸੁਰੱਖਿਅਤ ਗਰਭ ਅਤੇ ਜਣੇਪੇ ਨੂੰ ਯਕੀਨੀ ਬਣਾਇਆ ਗਿਆ: ਸੀਐਮਓ
ਲਖਵੀਰ ਖਾਬੜਾ, ਪੰਜਾਬੀ ਜਾਗਰਣ,
ਰੂਪਨਗਰ : ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ ਦੇ 10 ਸਾਲ ਪੂਰੇ ਹੋਣ ਮੌਕੇ ‘ਤੇ ਜ਼ਿਲ੍ਹਾ ਰੂਪਨਗਰ ਵਿਚ ਗਰਭਵਤੀ ਔਰਤਾਂ ਦੀ ਸਿਹਤ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਸਿਹਤ ਜਾਂਚ ਕੈਂਪ ਲਗਾਏ ਜਾ ਰਹੇ ਹਨ। ਇਸ ਮੁਹਿੰਮ ਦੇ ਤਹਿਤ ਮੰਗਲਵਾਰ ਨੂੰ ਸਿਵਲ ਹਸਪਤਾਲ ਰੂਪਨਗਰ ਵਿਖੇ ਗਰਭਵਤੀ ਔਰਤਾਂ ਲਈ ਮੁਫ਼ਤ ਜਾਂਚ ਕੈਂਪ ਆਯੋਜਿਤ ਕੀਤਾ ਗਿਆ।
ਇਸ ਮੌਕੇ ‘ਤੇ ਸਿਵਲ ਸਰਜਨ ਰੂਪਨਗਰ ਡਾ. ਰਮਨ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 9 ਜੂਨ ਨੂੰ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਔਰਤ ਰੋਗਾਂ ਦੇ ਮਾਹਰ ਡਾਕਟਰਾਂ ਵੱਲੋਂ ਗਰਭਵਤੀ ਔਰਤਾਂ ਦੀ ਸੰਪੂਰਨ ਸਿਹਤ ਜਾਂਚ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰੀ ਸਿਹਤ ਸੰਸਥਾਵਾਂ ਵਿਚ 763 ਗਰਭਵਤੀ ਔਰਤਾਂ ਦੀ ਸਿਹਤ ਜਾਂਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਅਭਿਆਨ ਦਾ ਮੁੱਖ ਉਦੇਸ਼ ਗਰਭ ਅਵਸਥਾ ਦੌਰਾਨ ਮਹਿਲਾਵਾਂ ਦੀ ਸਿਹਤ ਦੀ ਸਮੇਂ-ਸਿਰ ਨਿਗਰਾਨੀ ਕਰਨਾ ਅਤੇ ਕਿਸੇ ਵੀ ਤਰ੍ਹਾਂ ਦੇ ਜੋਖਿਮ ਨੂੰ ਪਹਿਲਾਂ ਹੀ ਪਛਾਣ ਕੇ ਉਚਿਤ ਇਲਾਜ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਨੇ ਸਾਰੀਆਂ ਗਰਭਵਤੀ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ। ਉਨ੍ਹਾਂ ਕਿਹਾ, “ਮਾਂ ਅਤੇ ਬੱਚੇ ਦੀ ਸਿਹਤ ਸਾਡੇ ਲਈ ਸਭ ਤੋਂ ਵੱਡੀ ਪ੍ਰਾਥਮਿਕਤਾ ਹੈ, ਸਮੇਂ ਸਿਰ ਜਾਂਚ ਨਾਲ ਨਾ ਸਿਰਫ਼ ਜਟਿਲਤਾਵਾਂ ਤੋਂ ਬਚਿਆ ਜਾ ਸਕਦਾ ਹੈ, ਸਗੋਂ ਮਾਂ ਅਤੇ ਬੱਚੇ ਦੀ ਜਾਨ ਵੀ ਬਚਾਈ ਜਾ ਸਕਦੀ ਹੈ।”
ਸਿਵਲ ਸਰਜਨ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਗਰਭਵਤੀ ਔਰਤਾਂ ਨੂੰ ਕਈ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ ਜਿਨ੍ਹਾਂ ਵਿਚ ਗਰਭ ਅਵਸਥਾ ਦੀ ਸੰਪੂਰਨ ਜਾਂਚ, ਅਲਟਰਾ ਸਾਊਂਡ, ਖੂਨ ਦੀ ਜਾਂਚ, ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੀ ਜਾਂਚ, ਲੋੜ ਅਨੁਸਾਰ ਟੈਟਨਸ ਟੀਕਾਕਰਨ, ਆਇਰਨ-ਫੋਲਿਕ ਐਸਿਡ ਅਤੇ ਕੈਲਸ਼ੀਅਮ ਦੀਆਂ ਗੋਲੀਆਂ ਦੀ ਵੰਡ ਅਤੇ ਡੀ-ਵਰਮਿੰਗ ਟੈਬਲੇਟਾਂ ਦੀ ਸਹੂਲਤ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਇਸ ਅਭਿਆਨ ਰਾਹੀਂ ਉੱਚ ਜੋਖਿਮ ਵਾਲੀਆਂ ਗਰਭਵਤੀ ਔਰਤਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਵਿਸ਼ੇਸ਼ ਦੇਖਭਾਲ ਅਤੇ ਰੈਫਰਲ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਇਸ ਨਾਲ ਮਾਤਾ ਅਤੇ ਬੱਚੇ ਦੀ ਮੌਤ ਦਰ ਵਿਚ ਮਹੱਤਵਪੂਰਣ ਕਮੀ ਆਈ ਹੈ ਅਤੇ ਸੁਰੱਖਿਅਤ ਗਰਭ ਅਤੇ ਜਣੇਪੇ ਨੂੰ ਯਕੀਨੀ ਬਣਾਇਆ ਗਿਆ ਹੈ। ਇਸ ਮੌਕੇ ਗਰਭਵਤੀ ਔਰਤਾਂ ਜੋ ਕੈਂਪ ਵਿਚ ਆਈਆਂ ਸਨ ਉਨਾਂ ਨੂੰ ਖਾਣ ਪੀਣ ਲਈ ਰਿਫਰੈਸ਼ਮੈਂਟ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਵੀ ਖਾਸ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਹਰ ਗਰਭਵਤੀ ਔਰਤ ਤੱਕ ਇਹ ਸੇਵਾਵਾਂ ਪਹੁੰਚ ਸਕਣ। ਇਸ ਮੌਕੇ ਔਰਤ ਰੋਗਾਂ ਦੇ ਮਾਹਰ ਡਾ. ਨੀਰਜ ਨੇ ਕਿਹਾ ਕਿ “ਸਿਹਤਮੰਦ ਮਾਂ ਹੀ ਸਿਹਤਮੰਦ ਪਰਿਵਾਰ ਅਤੇ ਸਮਾਜ ਦੀ ਨੀਂਹ ਹੈ,” ਇਸ ਲਈ ਹਰ ਮਹਿਲਾ ਨੂੰ ਆਪਣੀ ਗਰਭ ਅਵਸਥਾ ਦੌਰਾਨ ਨਿਯਮਿਤ ਜਾਂਚ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਨੇ ਸਾਰੀਆਂ ਗਰਭਵਤੀ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਹਰ ਮਹੀਨੇ ਦੀ 9 ਤਰੀਕ ਅਤੇ 23 ਤਰੀਕ ਨੂੰ ਆਪਣੇ ਨੇੜਲੇ ਸਰਕਾਰੀ ਸਿਹਤ ਕੇਂਦਰ ਵਿਚ ਲੱਗ ਰਹੇ ਇਸ ਕੈਂਪ ਵਿੱਚ ਜਰੂਰ ਸ਼ਾਮਲ ਹੋਣ ਅਤੇ ਇਸ ਮੁਫ਼ਤ ਸਹੂਲਤ ਦਾ ਲਾਭ ਲੈ ਕੇ ਆਪਣੀ ਅਤੇ ਆਪਣੇ ਬੱਚੇ ਦੀ ਸਿਹਤ ਨੂੰ ਸੁਨਿਸ਼ਚਿਤ ਬਣਾਉਣ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਨਵਰੂਪ ਕੌਰ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਅੰਜਲੀ ਚੌਧਰੀ, ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਰੂਪਨਗਰ ਡਾ. ਰੁਪਿੰਦਰ ਸਿੰਘ ਗਿੱਲ, ਬੱਚਿਆਂ ਦੇ ਰੋਗਾਂ ਦੇ ਮਾਹਰ ਡਾ. ਗੁਰਸੇਵਕ ਸਿੰਘ, ਡਾ. ਹਰਲੀਨ ਕੌਰ, ਜ਼ਿਲ੍ਹਾ ਮਾਸ ਮੀਡੀਆ ਅਫਸਰ ਗੁਰਮੀਤ ਕੌਰ ਅਤੇ ਰਵਿੰਦਰ ਸਿੰਘ, ਡਿਪਟੀ ਮਾਸ ਮੀਡੀਆ ਅਫਸਰ ਰਿਤੂ, ਪੈਰਾਮੈਡੀਕਲ ਸਟਾਫ ਅਤੇ ਪਤਵੰਤੇ ਸੱਜਣ ਹਾਜ਼ਰ ਸਨ।