ਮਾਨਸੂਨ ਤੇ ਹੜ੍ਹਾਂ ਨਾਲ ਨਜਿੱਠਣ ਲਈ ਵਿਭਾਗ ਅਗਾਊਂ ਤਿਆਰੀਆਂ ਮੁਕੰਮਲ ਕਰਨ : ਡਿਪਟੀ ਕਮਿਸ਼ਨਰ
ਮਾਨਸੂਨ ਅਤੇ ਹੜ੍ਹ ਸੀਜ਼ਨ ਨਾਲ ਨਜਿੱਠਣ ਲਈ ਸਾਰੇ ਵਿਭਾਗ ਅਗਾਊਂ ਤਿਆਰੀਆਂ ਮੁਕੰਮਲ ਕਰਨ - ਡਿਪਟੀ ਕਮਿਸ਼ਨਰ
Publish Date: Wed, 10 Jun 2026 03:36 PM (IST)
Updated Date: Wed, 10 Jun 2026 03:38 PM (IST)

ਜ਼ਿਲ੍ਹਾ ਆਫ਼ਤ ਪ੍ਰਬੰਧਨ ਅਥਾਰਟੀ ਦੀ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਸਟਾਫ਼ ਰਿਪੋਰਟਰ, ਪੰਜਾਬੀ ਜਾਰਗਣ, ਰੂਪਨਗਰ : ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਆਫ਼ਤ ਪ੍ਰਬੰਧਨ ਅਥਾਰਟੀ ਰੂਪਨਗਰ ਅਦਿੱਤਿਆ ਡੇਚਲਵਾਲ ਨੇ ਬੁੱਧਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਜ਼ਿਲ੍ਹਾ ਆਫ਼ਤ ਪ੍ਰਬੰਧਨ ਅਥਾਰਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮਾਨਸੂਨ ਅਤੇ ਸੰਭਾਵੀ ਹੜ੍ਹ ਦੀਆਂ ਸਥਿਤੀਆਂ ਨਾਲ ਨਜਿੱਠਣ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦੀ ਸਮੀਖਿਆ ਕੀਤੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਵਿਭਾਗਾਂ ਨਾਲ ਸਬੰਧਤ ਐਮਰਜੈਂਸੀ ਰਿਸਪਾਂਸ ਪਲਾਨ ਨੂੰ ਅਪਡੇਟ ਰੱਖਣ ਅਤੇ ਕਿਸੇ ਵੀ ਸੰਕਟਕਾਲੀਨ ਸਥਿਤੀ ਨਾਲ ਨਜਿੱਠਣ ਲਈ ਲੋੜੀਂਦੇ ਮਨੁੱਖੀ ਅਤੇ ਤਕਨੀਕੀ ਸਰੋਤਾਂ ਦੀ ਉਪਲਬਧਤਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਮਾਨਸੂਨ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਤਾਂ ਜੋ ਕਿਸੇ ਵੀ ਅਣਸੁਖਾਵੀਂ ਸਥਿਤੀ ਦੌਰਾਨ ਲੋਕਾਂ ਨੂੰ ਤੁਰੰਤ ਰਾਹਤ ਅਤੇ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ। ਮੀਟਿੰਗ ਦੌਰਾਨ ਜਲ ਸਰੋਤ ਵਿਭਾਗ ਵੱਲੋਂ ਹੜ੍ਹ ਰੋਕੂ ਪ੍ਰਬੰਧਾਂ ਅਤੇ ਨਦੀਆਂ ਵਿਚ ਕੀਤੇ ਜਾਣ ਵਾਲੇ ਡੀਸਿਲਟਿੰਗ ਕਾਰਜਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਡਿਪਟੀ ਕਮਿਸ਼ਨਰ ਨੇ ਸਤਲੁਜ ਦਰਿਆ ਦੇ ਵੱਖ-ਵੱਖ ਹਿੱਸਿਆਂ ਵਿਚ ਪ੍ਰਸਤਾਵਿਤ ਡੀਸਿਲਟਿੰਗ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦਰਿਆ ਦੇ ਕੁਦਰਤੀ ਵਹਾਅ ਨੂੰ ਸੁਚਾਰੂ ਬਣਾਉਣ ਅਤੇ ਪਾਣੀ ਦੀ ਸਮਰੱਥਾ ਵਿਚ ਵਾਧਾ ਕਰਨ ਲਈ ਸਾਰੇ ਲੋੜੀਂਦੇ ਕੰਮ ਸਮੇਂ ਸਿਰ ਮੁਕੰਮਲ ਕੀਤੇ ਜਾਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਹੋਣ ਦੀ ਸੰਭਾਵਨਾ ਵਾਲੇ ਖੇਤਰਾਂ ਦੀ ਨਿਰੰਤਰ ਨਿਗਰਾਨੀ ਕੀਤੀ ਜਾਵੇ ਅਤੇ ਸੰਵੇਦਨਸ਼ੀਲ ਥਾਵਾਂ ਤੇ ਲੋੜੀਂਦਾ ਸਾਮਾਨ, ਮਸ਼ੀਨਰੀ ਅਤੇ ਬਚਾਅ ਉਪਕਰਨ ਪਹਿਲਾਂ ਤੋਂ ਹੀ ਤਾਇਨਾਤ ਰੱਖੇ ਜਾਣ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਰਾਹਤ ਕੈਂਪਾਂ ਲਈ ਨਿਰਧਾਰਤ ਥਾਵਾਂ, ਪੀਣ ਵਾਲੇ ਪਾਣੀ, ਬਿਜਲੀ, ਸਿਹਤ ਸਹੂਲਤਾਂ ਅਤੇ ਹੋਰ ਬੁਨਿਆਦੀ ਪ੍ਰਬੰਧਾਂ ਨੂੰ ਸਮੇਂ ਸਿਰ ਯਕੀਨੀ ਬਣਾਇਆ ਜਾਵੇ। ਮੀਟਿੰਗ ਦੌਰਾਨ ਸਿਹਤ ਵਿਭਾਗ ਨੂੰ ਸੰਭਾਵੀ ਆਫ਼ਤ ਸਮੇਂ ਮੈਡੀਕਲ ਟੀਮਾਂ ਅਤੇ ਜ਼ਰੂਰੀ ਦਵਾਈਆਂ ਦੀ ਉਪਲਬਧਤਾ ਯਕੀਨੀ ਬਣਾਉਣ, ਜਦਕਿ ਪਾਵਰਕਾਮ ਨੂੰ ਬਿਜਲੀ ਸਪਲਾਈ ਬਹਾਲੀ ਲਈ ਤੁਰੰਤ ਕਾਰਵਾਈ ਯੋਜਨਾ ਤਿਆਰ ਰੱਖਣ ਲਈ ਕਿਹਾ ਗਿਆ। ਇਸੇ ਤਰ੍ਹਾਂ ਸਬੰਧਤ ਵਿਭਾਗਾਂ ਨੂੰ ਨਾਲਿਆਂ ਅਤੇ ਡਰੇਨਾਂ ਦੀ ਸਫ਼ਾਈ ਅਤੇ ਪਾਣੀ ਦੀ ਨਿਕਾਸੀ ਨੂੰ ਸੁਚਾਰੂ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਗਏ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸੇ ਵੀ ਕੁਦਰਤੀ ਆਫ਼ਤ ਜਾਂ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਹਰ ਪੱਧਰ ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਫੀਲਡ ਪੱਧਰ ਤੇ ਨਿਯਮਤ ਨਿਗਰਾਨੀ ਬਣਾਈ ਰੱਖਣ ਅਤੇ ਕਿਸੇ ਵੀ ਸਥਿਤੀ ਦੀ ਜਾਣਕਾਰੀ ਤੁਰੰਤ ਕੰਟਰੋਲ ਰੂਮ ਨਾਲ ਸਾਂਝੀ ਕਰਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਕਸ਼ਿਤਾ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰਜਯੋਤੀ ਸਿੰਘ, ਐਸਡੀਐਮ. ਸ੍ਰੀ ਚਮਕੌਰ ਸਾਹਿਬ ਪ੍ਰਦੀਪ ਸਿੰਘ ਬੈਂਸ, ਐਸਡੀਐਮ. ਨੰਗਲ ਸਚਿਨ ਪਾਠਕ, ਐਸਡੀਐਮ. ਰੂਪਨਗਰ ਜਸਪ੍ਰੀਤ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਜਸਵਿੰਦਰ ਸਿੰਘ, ਜ਼ਿਲ੍ਹਾ ਜੰਗਲਾਤ ਅਫ਼ਸਰ ਕੰਵਰਦੀਪ ਸਿੰਘ, ਐਕਸੀਅਨ ਮਾਈਨਿੰਗ ਸੰਦੀਪ ਸਿੰਘ ਮਾਂਗਟ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।