ਮਿਸਤਰੀਆਂ ਤੇ ਮਜ਼ਦੂਰਾਂ ਦੀ ਜਥੇੱਬੰਦੀ ਵੱਲੋਂ ਐੱਸਡੀਐੱਮ ਨੂੰ ਦਿੱਤਾ ਮੰਗ ਪੱਤਰ
ਮਿਸਤਰੀਆਂ ਤੇ ਮਜ਼ਦੂਰਾਂ ਦੀ ਜਥੇੱਬੰਦੀ ਵੱਲੋਂ ਐੱਸਡੀਐੱਮ ਨੂੰ ਦਿੱਤਾ ਮੰਗ ਪੱਤਰ
Publish Date: Thu, 11 Jun 2026 03:37 PM (IST)
Updated Date: Thu, 11 Jun 2026 03:38 PM (IST)

ਮੁੱਖ ਮੰਤਰੀ ਵੱਲੋਂ 5 ਜੂਨ ਨੂੰ ਕੀਤੇ ਫੈਸਲੇ ਲਾਗੂ ਕਰਨ ਦੀ ਮੰਗ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸ੍ਰੀ ਚਮਕੌਰ ਸਾਹਿਬ: ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨ ਇਫਟੂ ਦੀ ਜ਼ਿਲ੍ਹਾ ਕਮੇਟੀ ਦੇ ਸੱਦੇ ’ਤੇ ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਬਲਾਕ ਸ੍ਰੀ ਚਮਕੌਰ ਸਾਹਿਬ ਵੱਲੋਂ ਪ੍ਰਧਾਨ ਬਲਵਿੰਦਰ ਸਿੰਘ ਭੈਰੋ ਮਾਜਰਾ ਦੀ ਪ੍ਰਧਾਨਗੀ ਹੇਠ ਉਸਾਰੀ ਨਾਲ ਸਬੰਧਿਤ ਮਿਸਤਰੀਆਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲਾਗੂ ਕਰਨ ਲਈ ਐੱਸਡੀਐੱਮ ਸ੍ਰੀ ਚਮਕੌਰ ਸਾਹਿਬ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਜਨਰਲ ਸਕੱਤਰ ਮਨਮੋਹਣ ਸਿੰਘ ਕਾਲਾ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵੱਲੋਂ 5 ਜੂਨ ਨੂੰ ਲੇਬਰ ਵੈੱਲਫੇਅਰ ਬੋਰਡ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਫੈਸਲੇ ਕੀਤੇ ਗਏ ਕਿ ਲੇਬਰ ਚੌਂਕਾਂ ਵਿਚ ਪਾਣੀ ਦੇ ਪ੍ਰਬੰਧ ਸਮੇਤ ਬੁਨਿਆਦੀ ਸਹੂਲਤਾਂ, ਉਸਾਰੀ ਨਾਲ ਸਬੰਧਿਤ ਮਜ਼ਦੂਰਾਂ ਦੀ ਰਜਿਸਟ੍ਰੇਸ਼ਨ ਕਰਨ ਲਈ ਬਲਾਕ ਪੱਧਰੀ ਲੇਬਰ ਕੈਂਪ ਲਗਾਉਣ ਅਤੇ ਰਜਿਸਟ੍ਰੇਸ਼ਨ ਫੀਸ ਮਾਫ ਕਰਨ ਆਦਿ ਸਬੰਧੀ ਫੈਸਲੇ ਕੀਤੇ ਗਏ ਸਨ। ਇਨ੍ਹਾਂ ਫੈਸਲਿਆਂ ਲਾਗੂ ਕਰਵਾਉਣ ਲਈ ਜੱਥੇਬੰਦੀ ਵੱਲੋਂ ਸਥਾਨਕ ਐਸੱਡੀਐੱਮ ਨੂੰ ਮੰਗ ਪੱਤਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਜੱਥੇਬੰਦੀ ਵੱਲੋਂ ਪੈਨਸ਼ਨ ਕੇਸ, ਵਜ਼ੀਫੇ ਕੇਸ, ਮੈਡੀਕਲ ਕਲੇਮ ਅਤੇ ਹੋਰ ਮੰਗਾਂ ਸਬੰਧੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਦੋ ਵਾਰ ਮੰਗ ਪੱਤਰ ਦਿੱਤੇ ਜਾ ਚੁੱਕੇ ਹਨ। ਇਸੇ ਤਰ੍ਹਾਂ ਡਿਪਟੀ ਕਮਿਸ਼ਨਰ ਦੇ ਨਾਲ ਨਾਲ ਸਥਾਨਕ ਨਗਰ ਕੌਂਸਲ ਦੇ ਈਓ ਨੂੰ ਵੀ ਲੇਬਰ ਚੌਂਕ ਵਿਖੇ ਪੀਣ ਵਾਲੇ ਪਾਣੀ, ਬੈਠਣ ਅਤੇ ਬਿਜਲੀ ਦਾ ਪ੍ਰਬੰਧ ਕਰਨ ਲਈ ਕਈ ਵਾਰ ਮੰਗ ਪੱਤਰ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਵਾਰ-ਵਾਰ ਮੰਗ ਕਰਨ ਦੇ ਬਾਵਜੂਦ ਵੀ ਅਧਿਕਾਰੀਆਂ ਵੱਲੋਂ ਇਸ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਹੁਣ ਇਨ੍ਹਾਂ ਮੰਗਾਂ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਨੇ ਲਾਗੂ ਕਰਨ ਲਈ ਆਦੇਸ਼ ਜਾਰੀ ਕੀਤੇ ਹਨ, ਇਨ੍ਹਾਂ ਨੂੰ ਆਦੇਸ਼ਾਂ ਨੂੰ ਅਮਲੀ ਰੂਪ ਵਿਚ ਲਾਗੂ ਕਰਵਾਉਣ ਲਈ ਜੱਥੇਬੰਦੀ ਵੱਲੋਂ ਮੰਗ ਪੱਤਰ ਦਿੱਤੇ ਗਏ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਮੁੱਖ ਮੰਤਰੀ ਦੇ ਆਦੇਸ਼ਾਂ ਅਨੁਸਾਰ ਕਿਰਤ ਵਿਭਾਗ ਅਤੇ ਹੋਰ ਅਧਿਕਾਰੀਆਂ ਵੱਲੋਂ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਦੌਰਾਨ ਐੱਸਡੀਐੱਮ ਦੀ ਗੈਰ ਹਾਜ਼ਰੀ ਵਿਚ ਉਨਾਂ ਦੇ ਰੀਡਰ ਜਤਿੰਦਰ ਸਿੰਘ ਵੱਲੋਂ ਮੰਗ ਪੱਤਰ ਪ੍ਰਾਪਤ ਕੀਤਾ ਗਿਆ। ਉਨ੍ਹਾਂ ਭਰੋਸਾ ਦਿਵਾਇਆ ਕਿ ਇਨ੍ਹਾਂ ਮੰਗਾਂ ਸਬੰਧੀ ਐੱਸਡੀਐਮ ਦੇ ਧਿਆਨ ਵਿਚ ਲਿਆਂਦਾ ਜਾਵੇਗਾ। ਇਸ ਮੌਕੇ ਸੁਰਿੰਦਰ ਸਿੰਘ, ਸਤਵਿੰਦਰ ਸਿੰਘ ਨੀਟਾ, ਹਰਮੇਸ਼ ਕੁਮਾਰ ਕਾਕਾ, ਜਸਵੀਰ ਸਿੰਘ ਜੱਸੀ, ਪਰਮਜੀਤ ਸਿੰਘ, ਜੀਵਨ ਸਿੰਘ, ਮਲਾਗਰ ਸਿੰਘ ਆਦਿ ਹਾਜ਼ਰ ਸਨ।