ਕੰਗ ਵੱਲੋਂ ਹਲਕਾ ਸ੍ਰੀ ਚਮਕੌਰ ਸਾਹਿਬ ਵਿਖੇ 38.43 ਲੱਖ ਦੇ ਵਿਕਾਸ ਕਾਰਜਾਂ ਦਾ ਉਦਘਾਟਨ
ਕੰਗ ਵੱਲੋਂ ਹਲਕਾ ਸ੍ਰੀ ਚਮਕੌਰ ਸਾਹਿਬ ਵਿਖੇ 38.43 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉ
Publish Date: Sat, 13 Jun 2026 03:33 PM (IST)
Updated Date: Sat, 13 Jun 2026 03:36 PM (IST)

ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਸਾਡੀ ਦੀ ਮੁੱਖ ਤਰਜੀਹ : ਮਲਵਿੰਦਰ ਕੰਗ ਨਿੱਜੀ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸ੍ਰੀ ਚਮਕੌਰ ਸਾਹਿਬ : ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਵੱਲੋਂ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿਚ ਕਰੀਬ 38.43 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਅਤੇ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਵਿਕਾਸ ਪ੍ਰੋਜੈਕਟਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਵੱਲੋਂ ਪਿੰਡ ਸੋਤਲ, ਬਡਵਾਲੀ, ਹਾਫਿਜ਼ਾਬਾਦ, ਲੋਹਾਰੀ ਤੇ ਚਿੰਤਗੜ੍ਹ ਵਿਖੇ ਵਾਟਰ ਟੈਂਕਰ (3.50 ਲੱਖ ਪ੍ਰਤੀ ਵਾਟਰ ਟੈਂਕਰ ਦੀ ਲਾਗਤ), ਮਾਜਰੀ ਤੇ ਓਇੰਦ ਵਿਖੇ 3-3 ਲੱਖ ਰੁਪਏ ਦੀ ਲਾਗਤ ਨਾਲ ਇਨਡੋਰ ਜਿਮ, ਸ੍ਰੀ ਚਮਕੌਰ ਸਾਹਿਬ ਦੇ ਵਾਰਡ ਨੰਬਰ-10 ਵਿਚ 10 ਲੱਖ ਰੁਪਏ ਦੀ ਲਾਗਤ ਨਾਲ ਬਾਸਕਟਬਾਲ ਗਰਾਊਂਡ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਮਨਸੂਹਾਂ ਕਲਾਂ ਵਿਖੇ 1.50 ਲੱਖ ਰੁਪਏ ਦੀ ਲਾਗਤ ਨਾਲ ਆਰਸੀਸੀ ਬੈਂਚਾਂ, ਸਾਲਾਪੁਰ (ਦਸ਼ਮੇਸ਼ ਮਾਰਕੀਟ) ਵਿਖੇ 2.93 ਲੱਖ ਰੁਪਏ ਦੀ ਲਾਗਤ ਨਾਲ ਸੋਲਰ ਲਾਈਟਾਂ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਨਾਲ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤੀ ਮਿਲੇਗੀ। ਵਾਟਰ ਟੈਂਕਰਾਂ ਦੀ ਸਹੂਲਤ ਨਾਲ ਪੀਣ ਵਾਲੇ ਪਾਣੀ ਦੀ ਉਪਲੱਬਧਤਾ ਵਿਚ ਸੁਧਾਰ ਹੋਵੇਗਾ, ਜਦਕਿ ਇਨਡੋਰ ਜਿਮ ਅਤੇ ਬਾਸਕਟਬਾਲ ਗਰਾਊਂਡ ਵਰਗੇ ਪ੍ਰੋਜੈਕਟ ਨੌਜਵਾਨਾਂ ਨੂੰ ਖੇਡਾਂ ਅਤੇ ਤੰਦਰੁਸਤ ਜੀਵਨ ਸ਼ੈਲੀ ਵੱਲ ਪ੍ਰੇਰਿਤ ਕਰਨ ਵਿਚ ਸਹਾਇਕ ਸਾਬਤ ਹੋਣਗੇ। ਇਸੇ ਤਰ੍ਹਾਂ ਸੋਲਰ ਲਾਈਟਾਂ ਨਾਲ ਊਰਜਾ ਬਚਤ ਨੂੰ ਉਤਸ਼ਾਹ ਮਿਲੇਗਾ ਅਤੇ ਆਰਸੀਸੀ ਬੈਂਚਾਂ ਨਾਲ ਲੋਕਾਂ ਨੂੰ ਜਨਤਕ ਥਾਵਾਂ ’ਤੇ ਬੈਠਣ ਦੀ ਬਿਹਤਰ ਸਹੂਲਤ ਪ੍ਰਾਪਤ ਹੋਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੰਗਾਂ ਅਤੇ ਸਥਾਨਕ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਵਿਕਾਸ ਕਾਰਜਾਂ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਰਿਕਾਰਡ ਪੱਧਰ ’ਤੇ ਵਿਕਾਸ ਫੰਡ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਹਰ ਖੇਤਰ ਵਿਚ ਵਿਕਾਸ ਕਾਰਜਾਂ ਦੀ ਲੜੀ ਇਸੇ ਤਰ੍ਹਾਂ ਜਾਰੀ ਰਹੇਗੀ ਅਤੇ ਲੋਕ ਭਲਾਈ ਨਾਲ ਸਬੰਧਤ ਹਰ ਯੋਜਨਾ ਨੂੰ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇਗਾ। ਇਸ ਮੌਕੇ ਵਿਧਾਇਕ ਡਾ.ਚਰਨਜੀਤ ਸਿੰਘ ਨੇ ਲੋਕ ਸਭਾ ਮੈਂਬਰ ਮਲਵਿੰਦਰ ਕੰਗ ਦਾ ਹਲਕੇ ਦੇ ਵਿਕਾਸ ਲਈ ਲਗਾਤਾਰ ਸਹਿਯੋਗ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਵੱਲੋਂ ਆਪਣੇ ਸੰਸਦੀ ਖੇਤਰ ਦੇ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਦੀਆਂ ਲੋੜਾਂ ਨੂੰ ਸਮਝਦਿਆਂ ਵਿਕਾਸ ਕਾਰਜਾਂ ਲਈ ਫੰਡ ਉਪਲੱਬਧ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ, ਸਿਹਤ, ਖੇਡਾਂ, ਪੀਣ ਵਾਲੇ ਪਾਣੀ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਤ ਹੋਰ ਵਿਕਾਸ ਪ੍ਰੋਜੈਕਟ ਵੀ ਜਲਦ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਇਸ ਮੌਕੇ ਸਥਾਨਕ ਪੰਚਾਇਤਾਂ ਦੇ ਨੁਮਾਇੰਦੇ, ਨਗਰ ਕੌਂਸਲ ਮੈਂਬਰ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪਾਰਟੀ ਆਗੂ ਅਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।