ਹੜ੍ਹਾਂ ਦੀ ਰੋਕਥਾਮ ਲਈ ਪਹਿਲਾਂ ਤੋਂ ਕੀਤੀਆਂ ਤਿਆਰੀ ਹੀ ਸਭ ਤੋਂ ਪ੍ਰਭਾਵੀ ਬਚਾਅ : ਡਿਪਟੀ ਕਮਿਸ਼ਨਰ ਹੜ੍ਹਾਂ ਦੀ ਰੋਕਥਾਮ ਲਈ ਪਹਿਲਾਂ ਤੋਂ ਕੀਤੀਆਂ ਗਈਆਂ ਤਿਆਰੀ ਹੀ ਸਭ ਤੋਂ ਪ੍ਰਭਾਵੀ ਬਚਾਅ: ਡਿਪਟੀ ਕਮਿਸ਼ਨਰ
Publish Date: Sat, 18 Jul 2026 03:36 PM (IST)
Updated Date: Sat, 18 Jul 2026 03:37 PM (IST)
ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਹਰ ਵਿਭਾਗ ਆਪਸੀ ਤਾਲਮੇਲ, ਚੌਕਸੀ ਤੇ ਤੁਰੰਤ ਕਾਰਵਾਈ ਯਕੀਨੀ ਬਣਾਵੇ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਹੜ੍ਹਾਂ ਦੀ ਰੋਕਥਾਮ, ਬਚਾਅ ਅਤੇ ਰਾਹਤ ਪ੍ਰਬੰਧਾਂ ਸਬੰਧੀ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹੇ ਦੇ ਸਮੂਹ ਸਬੰਧਤ ਵਿਭਾਗਾਂ ਦੀਆਂ ਤਿਆਰੀਆਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਅਤੇ ਕਿਹਾ ਕਿ ਹੜ੍ਹਾਂ ਦੀ ਰੋਕਥਾਮ ਲਈ ਪਹਿਲਾਂ ਤੋਂ ਕੀਤੀਆਂ ਗਈਆਂ ਤਿਆਰੀ ਹੀ ਸਭ ਤੋਂ ਪ੍ਰਭਾਵੀ ਬਚਾਅ ਕਾਰਜ ਸਾਬਿਤ ਹੁੰਦਾ ਹੈ ਜਿਸ ਲਈ ਸਾਰੇ ਅਧਿਕਾਰੀ ਆਪਣੇ ਵਿਭਾਗੀ ਕਾਰਗੁਜ਼ਾਰੀ ਵਿਚ ਕੋਈ ਕਮੀ ਨਾ ਰੱਖਣ। ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਮਾਨਸੂਨ ਦੌਰਾਨ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਜ਼ਿਲ੍ਹਾ ਪ੍ਰਸ਼ਾਸਨ ਦੀ ਮੁੱਖ ਤਰਜੀਹ ਹੈ ਅਤੇ ਇਸ ਲਈ ਹਰ ਵਿਭਾਗ ਨੂੰ ਪੂਰੀ ਜ਼ਿੰਮੇਵਾਰੀ, ਆਪਸੀ ਤਾਲਮੇਲ ਅਤੇ ਚੌਕਸੀ ਨਾਲ ਆਪਣੀਆਂ ਡਿਊਟੀਆਂ ਨਿਭਾਉਣੀਆਂ ਹੋਣਗੀਆਂ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਸਥਿਤੀ ਵਿਚ ਤੁਰੰਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਲਈ ਸਾਰੇ ਵਿਭਾਗ ਹਰ ਸਮੇਂ ਤਿਆਰ ਰਹਿਣ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਅਤੇ ਸੰਵੇਦਨਸ਼ੀਲ ਪਿੰਡਾਂ ਅਤੇ ਨੀਵੇਂ ਇਲਾਕਿਆਂ ਦੀ ਮੌਜੂਦਾ ਸਥਿਤੀ ਦੀ ਸਮੀਖਿਆ ਕੀਤੀ ਅਤੇ ਸਮੂਹ ਸਬ-ਡਿਵੀਜ਼ਨਲ ਮੈਜਿਸਟਰੇਟਾਂ ਨੂੰ ਅਜਿਹੇ ਖੇਤਰਾਂ ਦੀ ਲਗਾਤਾਰ ਨਿਗਰਾਨੀ ਕਰਨ, ਸਥਿਤੀ ਦਾ ਨਿਯਮਤ ਮੁਲਾਂਕਣ ਕਰਨ ਅਤੇ ਲੋੜ ਪੈਣ ਤੇ ਤੁਰੰਤ ਕਾਰਵਾਈ ਕਰਨ ਲਈ ਕਿਹਾ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਹਰ ਸੰਵੇਦਨਸ਼ੀਲ ਸਥਾਨ ਲਈ ਪਹਿਲਾਂ ਤੋਂ ਹੀ ਵਿਸਥਾਰਪੂਰਵਕ ਕਾਰਜ ਯੋਜਨਾ ਤਿਆਰ ਰੱਖੀ ਜਾਵੇ। ਉਨ੍ਹਾਂ ਜਲ ਸਰੋਤ ਅਤੇ ਖਣਨ ਵਿਭਾਗ ਦੇ ਅਧਿਕਾਰੀਆਂ ਤੋਂ ਦਰਿਆਵਾਂ ਦੇ ਬੰਨ੍ਹਾਂ ਦੀ ਮਜ਼ਬੂਤੀ, ਮੁਰੰਮਤ ਅਤੇ ਸੁਰੱਖਿਆ ਸਬੰਧੀ ਕੀਤੇ ਗਏ ਪ੍ਰਬੰਧਾਂ ਦੀ ਜਾਣਕਾਰੀ ਲਈ, ਨਾਲ ਹੀ ਨਿਕਾਸੀ ਨਾਲਿਆਂ ਦੀ ਸਫ਼ਾਈ ਅਤੇ ਡੀ-ਸਿਲਟਿੰਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਹਦਾਇਤ ਕੀਤੀ ਕਿ ਜਿੱਥੇ ਵੀ ਕੋਈ ਕੰਮ ਬਾਕੀ ਹੈ, ਉਸ ਨੂੰ ਬਿਨਾਂ ਦੇਰੀ ਮੁਕੰਮਲ ਕੀਤਾ ਜਾਵੇ ਤਾਂ ਜੋ ਬਰਸਾਤੀ ਪਾਣੀ ਦੀ ਨਿਕਾਸੀ ਵਿਚ ਕਿਸੇ ਕਿਸਮ ਦੀ ਰੁਕਾਵਟ ਨਾ ਆਵੇ। ਮੀਟਿੰਗ ਵਿਚ ਐਨਡੀਆਰਐੱਫ., 16 ਸਿੱਖ ਬਟਾਲੀਅਨ, ਸਿਵਲ ਪ੍ਰਸ਼ਾਸਨ ਅਤੇ ਹੋਰ ਸਬੰਧਤ ਏਜੰਸੀਆਂ ਵਿਚਾਲੇ ਆਪਸੀ ਤਾਲਮੇਲ ਅਤੇ ਸੰਚਾਰ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਤੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਫ਼ਤ ਦੇ ਸਮੇਂ ਸਾਰੀਆਂ ਏਜੰਸੀਆਂ ਵਿਚਕਾਰ ਤੇਜ਼ ਅਤੇ ਪ੍ਰਭਾਵਸ਼ਾਲੀ ਤਾਲਮੇਲ ਹੀ ਬਚਾਅ ਕਾਰਜਾਂ ਦੀ ਸਫ਼ਲਤਾ ਦੀ ਕੁੰਜੀ ਹੈ। ਡਿਪਟੀ ਕਮਿਸ਼ਨਰ ਨੇ ਸੰਭਾਵਿਤ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਪਹੁੰਚਾਉਣ ਲਈ ਤਿਆਰ ਕੀਤੀ ਜਾ ਰਹੀ ਨਿਕਾਸੀ ਯੋਜਨਾ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਰਾਹਤ ਕੈਂਪਾਂ ਲਈ ਸੁਰੱਖਿਅਤ ਇਮਾਰਤਾਂ ਅਤੇ ਢੁੱਕਵੇਂ ਸਥਾਨ ਪਹਿਲਾਂ ਹੀ ਪਛਾਣ ਕਰ ਲਏ ਜਾਣ ਅਤੇ ਉੱਥੇ ਪੀਣ ਵਾਲੇ ਪਾਣੀ, ਬਿਜਲੀ, ਸਿਹਤ ਸੇਵਾਵਾਂ, ਭੋਜਨ ਅਤੇ ਹੋਰ ਬੁਨਿਆਦੀ ਸਹੂਲਤਾਂ ਦੀ ਉਪਲਬਧਤਾ ਵੀ ਯਕੀਨੀ ਬਣਾਈ ਜਾਵੇ। ਮੀਟਿੰਗ ਦੌਰਾਨ ਜ਼ਿਲ੍ਹਾ ਅਤੇ ਸਬ-ਡਿਵੀਜ਼ਨ ਪੱਧਰ ਤੇ 24×7 ਫਲੱਡ ਕੰਟਰੋਲ ਰੂਮ ਸਥਾਪਤ ਕਰਨ, ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਡਿਊਟੀ ਰੋਸਟਰ ਤਿਆਰ ਕਰਨ ਅਤੇ ਐਮਰਜੈਂਸੀ ਸਥਿਤੀ ਵਿਚ ਲੋਕਾਂ ਨੂੰ ਤੁਰੰਤ ਸਹਾਇਤਾ ਮੁਹੱਈਆ ਕਰਵਾਉਣ ਸਬੰਧੀ ਵੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਕੰਟਰੋਲ ਰੂਮ ਹਰ ਸਮੇਂ ਪੂਰੀ ਤਰ੍ਹਾਂ ਸਰਗਰਮ ਰਹਿਣ ਅਤੇ ਹਰ ਸੂਚਨਾ ਤੇ ਤੁਰੰਤ ਕਾਰਵਾਈ ਕੀਤੀ ਜਾਵੇ। ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਕਸ਼ਿਤਾ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰਜਯੋਤੀ ਸਿੰਘ, ਸਹਾਇਕ ਕਮਿਸ਼ਨਰ ਚੇਤਨ ਬੰਗੜ, ਐਸਡੀਐਮ ਸ੍ਰੀ ਚਮਕੌਰ ਸਾਹਿਬ ਪ੍ਰਦੀਪ ਸਿੰਘ ਬੈਂਸ, ਜ਼ਿਲ੍ਹਾ ਮਾਲ ਅਫਸਰ ਜਸਵਿੰਦਰ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਸੁਰਿੰਦਰਪਾਲ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਪ੍ਰੇਮ ਕੁਮਾਰ ਮਿੱਤਲ, ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਸ਼ਮਸ਼ੇਰ ਸਿੰਘ, ਐਕਸੀਅਨ ਲੋਕ ਨਿਰਮਾਣ ਵਿਭਾਗ ਐਸਐਸ ਭੁੱਲਰ, ਐਕਸੀਅਨ ਕੈਨਾਲ ਦਮਨਦੀਪ ਸਿੰਘ, 16 ਸਿੱਖ ਬਟਾਲੀਅਨ ਤੋਂ ਮੇਜਰ ਸੰਜੀਤ ਸ਼ਰਮਾ, ਕੈਪਟਨ ਸਚਿਵ ਧਵਖਰ ਤੋਂ ਇਲਾਵਾ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।