ਬਿਜਲੀ ਮੁਲਾਜ਼ਮਾਂ ਵੱਲੋਂ ਕੀਤਾ ਗਿਆ ਵਿਸ਼ਾਲ ਰੋਸ ਪ੍ਰਦਰਸ਼ਨ ਬਿਜਲੀ ਮੁਲਾਜ਼ਮਾਂ ਵੱਲੋਂ ਕੀਤਾ ਗਿਆ ਵਿਸ਼ਾਲ ਰੋਸ ਪ੍ਰਦਰਸ਼ਨ
Publish Date: Tue, 21 Jul 2026 05:05 PM (IST)
Updated Date: Tue, 21 Jul 2026 05:07 PM (IST)
ਪੰਜਾਬੀ ਜਾਗਰਣ ਟੀਮ, ਮੋਰਿੰਡਾ: ਪੰਜਾਬ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਵੱਲੋਂ ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਦੀ ਲਗਾਤਾਰ ਅਣਦੇਖੀ ਅਤੇ ਵਾਅਦਾਖਿਲਾਫ਼ੀ ਦੇ ਰੋਸ ਵਜੋਂ ਪੀਐੱਸਈਬੀ ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰਜ਼, ਗਰਿੱਡ ਸਬ-ਸਟੇਸ਼ਨ ਇੰਪਲਾਈਜ਼ ਯੂਨੀਅਨ, ਪਾਵਰਕਾਮ ਅਤੇ ਟਰਾਂਸਕੋ ਪੈਨਸ਼ਨਰਜ਼ ਯੂਨੀਅਨ (ਏਟਕ), ਪੈਨਸ਼ਨਰ ਵੈੱਲਫੇਅਰ ਫੈਡਰੇਸ਼ਨ ਅਤੇ ਟੈਕਨੀਕਲ ਸਰਵਿਸਿਜ਼ ਯੂਨੀਅਨ ਭੰਗਲ ਦੇ ਸਾਂਝੇ ਸੱਦੇ ’ਤੇ ਪਾਵਰਕਾਮ ਦੇ ਸਮੂਹ ਮੁਲਾਜ਼ਮਾਂ ਵੱਲੋਂ 21 ਅਤੇ 22 ਜੁਲਾਈ ਦੀ ਦੋ ਰੋਜ਼ਾ ਸਮੂਹਿਕ ਛੁੱਟੀ ਭਰੀ ਗਈ। ਇਸੇ ਤਹਿਤ ਅੱਜ ਸਮੁੱਚੇ ਪੰਜਾਬ ਵਿਚ ਡਿਵੀਜ਼ਨ ਅਤੇ ਸਬ-ਡਿਵੀਜ਼ਨ ਪੱਧਰ ’ਤੇ ਰੋਸ ਪ੍ਰਦਰਸ਼ਨ ਕੀਤੇ ਗਏ। ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਪੀਐੱਸਈਬੀ ਇੰਪਲਾਈਜ਼ ਫੈਡਰੇਸ਼ਨ (ਏਟਕ) ਦੇ ਪ੍ਰਧਾਨ ਗਗਨ ਰਾਣਾ ਕੁਰਾਲੀ ਅਤੇ ਜੇਈ ਪਾਰੂਲ ਪਰਮਾਰ ਮੋਰਿੰਡਾ ਨੇ ਦੱਸਿਆ ਕਿ ਅੱਜ ਖਰੜ ਤੇ ਕੁਰਾਲੀ ਡਿਵੀਜ਼ਨ ਦੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸੰਘਰਸ਼ ਦੇ ਅਗਲੇ ਪੜਾਅ ਤਹਿਤ 22 ਜੁਲਾਈ ਨੂੰ ਸਮੁੱਚੇ ਪੰਜਾਬ ਦੇ ਪੈਨਸ਼ਨਰਾਂ ਵੱਲੋਂ ਜ਼ਿਲ੍ਹਾ ਹੈੱਡਕੁਆਰਟਰਾਂ ਅੱਗੇ ਜੇਲ੍ਹ ਭਰੋ ਅੰਦੋਲਨ ਕੀਤਾ ਜਾਵੇਗਾ। ਇਸ ਮੌਕੇ ਟੈਕਨੀਕਲ ਸਰਵਿਸਿਜ਼ ਯੂਨੀਅਨ ਭੰਗਲ ਦੇ ਸਰਕਲ ਪ੍ਰਧਾਨ ਦਵਿੰਦਰ ਸਿੰਘ, ਪੀਐੱਸਈਬੀ ਇੰਪਲਾਈਜ਼ ਫੈਡਰੇਸ਼ਨ (ਏਟਕ) ਦੀ ਸਰਕਲ ਆਗੂ ਨਵਦੀਪ ਕੌਰ ਅਤੇ ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰਜ਼ ਦੇ ਸਰਕਲ ਪ੍ਰਧਾਨ ਜੇਈ ਮੋਰਿੰਡਾ ਪਾਰੁਲ ਪਰਮਾਰ ਨੇ ਪੰਜਾਬ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨ੍ਹਾਂ ਕਿਸੇ ਦੇਰੀ ਤੋਂ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ 17 ਜੁਲਾਈ, 2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਨੂੰ ਕੇਂਦਰੀ ਸਕੇਲਾਂ ਦੀ ਥਾਂ ਨਿਗਮ ਦੇ ਸਕੇਲ ਦਿੱਤੇ ਜਾਣ, 18 ਫ਼ੀਸਦੀ ਮਹਿੰਗਾਈ ਭੱਤਾ ਤੁਰੰਤ ਜਾਰੀ ਕੀਤਾ ਜਾਵੇ, ਸੋਲੇਸ਼ੀਅਮ ਪਾਲਿਸੀ ਅਧੀਨ 12 ਫ਼ੀਸਦੀ ਵਿਆਜ ਨਾਲ ਰਿਕਵਰੀ ਦੀ ਸ਼ਰਤ ਖਤਮ ਕੀਤੀ ਜਾਵੇ, ਖਾਲੀ ਅਸਾਮੀਆਂ ਨੂੰ ਰੈਗੂਲਰ ਭਰਤੀ ਰਾਹੀਂ ਭਰਿਆ ਜਾਵੇ ਅਤੇ ਹੋਰ ਸਮੂਹ ਲੰਬਿਤ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਇਸ ਮੌਕੇ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਨੂੰ ਅਣਗੌਲਿਆ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋੜ ਪੈਣ ’ਤੇ ਹੜ੍ਹਤਾਲ ਨੂੰ ਵੀ ਅੱਗੇ ਵਧਾਇਆ ਜਾਵੇਗਾ, ਜਿਸ ਦੀ ਸਮੁੱਚੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਪਾਵਰਕਾਮ ਦੀ ਮੈਨੇਜਮੈਂਟ ਦੀ ਹੋਵੇਗੀ। ਇਸ ਮੌਕੇ ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰ ਦੇ ਈਸਟ ਜ਼ੋਨ ਵਾਈਸ ਪ੍ਰਧਾਨ ਗੁਰਪ੍ਰੀਤ ਸਿੰਘ ਏਏਈ, ਮੰਡਲ ਖਰੜ ਦੇ ਪ੍ਰਧਾਨ ਰਣਬੀਰ ਸਿੰਘ, ਸੀਨੀਅਰ ਮੀਤ ਪ੍ਰਧਾਨ ਤਰਨਜੀਤ ਸਿੰਘ, ਸਰਕਲ ਆਗੂ ਰਿਸ਼ਭ ਚਿਗਲ, ਜਗਦੀਪ ਸਿੰਘ, ਰੋਹਿਤ ਚੌਧਰੀ, ਗੁਰਵਿੰਦਰ ਸਿੰਘ, ਰਣਧੀਰ ਸਿੰਘ, ਗੁਰਦੀਪ ਸਿੰਘ, ਰਵਨੀਤ ਕੌਰ, ਅਵਨੀਤ ਕੌਰ, ਹਰਦੀਪ ਕੌਰ, ਦਲਵੀਰ ਸਿੰਘ, ਗੁਰਪ੍ਰੀਤ ਸਿੰਘ, ਪਾਵਰਕਾਮ ਅਤੇ ਟਰਾਂਸਕੋ ਪੈਨਸ਼ਨਰ ਯੂਨੀਅਨ (ਏਟਕ) ਦੇ ਪ੍ਰਧਾਨ ਅਮਰਜੀਤ ਸਿੰਘ, ਜਗਦੀਸ਼ ਚੰਦ, ਮੋਹਨ ਸਿੰਘ ਸਮੇਤ ਵੱਖ-ਵੱਖ ਜੱਥੇਬੰਦੀਆਂ ਦੇ ਆਗੂ, ਵੱਡੀ ਗਿਣਤੀ ਵਿਚ ਬਿਜਲੀ ਮੁਲਾਜ਼ਮ ਅਤੇ ਪੈਨਸ਼ਨਰ ਹਾਜ਼ਰ ਸਨ।