ਰਮਨਦੀਪ ਸਿੰਘ ਨੇ ਜਨਰਲ ਮੈਨੇਜਰ ਵਜੋਂ ਕਾਰਜਭਾਰ ਸੰਭਾਲਿਆ ਰਮਨਦੀਪ ਸਿੰਘ ਨੇ ਜ਼ਿਲ੍ਹਾ ਉਦਯੋਗ ਕੇਂਦਰ ਦੇ ਜਨਰਲ ਮੈਨੇਜਰ ਵਜੋਂ ਅਹੁੱਦਾ ਸੰਭਾਲਿਆ
Publish Date: Wed, 29 Jul 2026 04:18 PM (IST)
Updated Date: Wed, 29 Jul 2026 04:22 PM (IST)
ਨਿਵੇਸ਼ ਨੂੰ ਹੁਲਾਰਾ ਤੇ ਉਦਯੋਗਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨਾ ਹੋਵੇਗੀ ਮੁੱਖ ਤਰਜ਼ੀਹ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਡਿਪਟੀ ਡਾਇਰੈਕਟਰ ਰਮਨਦੀਪ ਸਿੰਘ ਨੇ ਜ਼ਿਲ੍ਹਾ ਉਦਯੋਗ ਕੇਂਦਰ (ਡੀਆਈਸੀ) ਰੂਪਨਗਰ ਦੇ ਜਨਰਲ ਮੈਨੇਜਰ ਵਜੋਂ ਅਹੁੱਦਾ ਸੰਭਾਲ ਲਿਆ ਹੈ। ਉਨ੍ਹਾਂ ਅਹੁੱਦਾ ਸੰਭਾਲਣ ਉਪਰੰਤ ਦਫ਼ਤਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਜਾਣ-ਪਛਾਣ ਮੀਟਿੰਗ ਕੀਤੀ ਤੇ ਵਿਭਾਗ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਂਦਿਆਂ ਪਾਰਦਰਸ਼ੀ, ਜਵਾਬਦੇਹ ਤੇ ਲੋਕ-ਕੇਂਦਰਿਤ ਪ੍ਰਸ਼ਾਸਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੀ ਵਚਨਬੱਧਤਾ ਦੁਹਰਾਈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਤੇ ਭਾਰਤ ਸਰਕਾਰ ਦੀਆਂ ਵੱਖ-ਵੱਖ ਉਦਯੋਗਿਕ ਤੇ ਸਵੈ-ਰੁਜ਼ਗਾਰ ਯੋਜਨਾਵਾਂ ਦਾ ਲਾਭ ਵੱਧ ਤੋਂ ਵੱਧ ਉੱਦਮੀਆਂ, ਸਟਾਰਟਅੱਪਸ, ਸੂਖਮ, ਲਘੂ ਤੇ ਦਰਮਿਆਨੇ ਉਦਯੋਗਾਂ (ਐੱਮਐੱਸਐੱਮਈ), ਸਵੈ-ਰੁਜ਼ਗਾਰ ਦੇ ਇੱਛੁਕ ਨੌਜਵਾਨਾਂ ਤੇ ਆਮ ਲੋਕਾਂ ਤੱਕ ਸਮੇਂ ਸਿਰ ਪਹੁੰਚਾਇਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਦਿਆਂ ਜ਼ਿਲ੍ਹੇ ’ਚ ਉਦਯੋਗਿਕ ਵਿਕਾਸ ਨੂੰ ਨਵੀਂ ਰਫ਼ਤਾਰ ਦੇਣ, ਨਿਵੇਸ਼ ਨੂੰ ਆਕਰਸ਼ਿਤ ਕਰਨ ਅਤੇ ਐੱਮਐੱਸਐੱਮਈ ਖੇਤਰ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਟਾਰਟਅੱਪਸ, ਮਹਿਲਾ ਉੱਦਮੀਆਂ, ਅਨੁਸੂਚਿਤ ਜਾਤੀ ਤੇ ਅਨੁਸੂਚਿਤ ਜਨਜਾਤੀ ਵਰਗ ਦੇ ਉੱਦਮੀਆਂ ਤੇ ਪਹਿਲੀ ਪੀੜ੍ਹੀ ਦੇ ਕਾਰੋਬਾਰੀਆਂ ਨੂੰ ਸਰਕਾਰ ਦੀਆਂ ਯੋਜਨਾਵਾਂ ਨਾਲ ਜੋੜ ਕੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਇਸ ਦੇ ਨਾਲ ਹੀ ਉਦਯੋਗਾਂ ਦੇ ਆਧੁਨਿਕੀਕਰਨ, ਹੁਨਰ ਵਿਕਾਸ, ਡਿਜੀਟਲੀਕਰਨ, ਨਿਰਯਾਤ ਨੂੰ ਪ੍ਰੋਤਸਾਹਨ, ਕਲੱਸਟਰ ਆਧਾਰਿਤ ਵਿਕਾਸ ਅਤੇ ਸੁਖਾਲਾ ਵਪਾਰ ਨੂੰ ਹੋਰ ਮਜ਼ਬੂਤ ਕਰਨ ਲਈ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਰਾਈਟ ਟੂ ਬਿਜ਼ਨਸ ਐਕਟ ਤਹਿਤ ਸਟੇਟ ਸਿੰਗਲ ਵਿੰਡੋ ਪੋਰਟਲ ਰਾਹੀਂ ਉਦਯੋਗਾਂ ਨਾਲ ਸਬੰਧਤ ਪ੍ਰਵਾਨਗੀਆਂ ਤੇ ਸੇਵਾਵਾਂ ਦਾ ਨਿਰਧਾਰਤ ਸਮੇਂ ਅੰਦਰ ਤੇਜ਼, ਪਾਰਦਰਸ਼ੀ ਤੇ ਸੁਚਾਰੂ ਢੰਗ ਨਾਲ ਨਿਪਟਾਰਾ ਯਕੀਨੀ ਬਣਾਉਣ ਲਈ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਉਦਯੋਗ ਕੇਂਦਰ ਰੂਪਨਗਰ ਉਦਯੋਗਪਤੀਆਂ ਤੇ ਉੱਦਮੀਆਂ ਲਈ ਇੱਕ ਭਰੋਸੇਯੋਗ ਸਹਿਯੋਗੀ ਵਜੋਂ ਕੰਮ ਕਰਦਾ ਰਹੇਗਾ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਸਮੁੱਚੀ ਟੀਮ ਦੇ ਸਹਿਯੋਗ ਨਾਲ ਜ਼ਿਲ੍ਹੇ ’ਚ ਉਦਯੋਗਿਕ ਵਿਕਾਸ ਨੂੰ ਹੋਰ ਗਤੀ ਮਿਲੇਗੀ, ਨਵੇਂ ਨਿਵੇਸ਼ ਆਕਰਸ਼ਿਤ ਹੋਣਗੇ, ਰੁਜ਼ਗਾਰ ਦੇ ਵਧੇਰੇ ਮੌਕੇ ਸਿਰਜਣਗੇ ਤੇ ਜ਼ਿਲ੍ਹੇ ਦੀ ਆਰਥਿਕ ਤਰੱਕੀ ’ਚ ਮਹੱਤਵਪੂਰਨ ਯੋਗਦਾਨ ਪਾਇਆ ਜਾਵੇਗਾ।