ਸ਼੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਭਾਜਪਾ ਨੇ ਤਿਆਰੀਆਂ ਕੀਤੀਆਂ ਤੇਜ਼ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਭਾਜਪਾ ਨੇ ਤਿਆਰੀਆਂ ਕੀਤੀ
Publish Date: Fri, 31 Jul 2026 05:58 PM (IST)
Updated Date: Fri, 31 Jul 2026 06:01 PM (IST)
- 1 ਅਗਸਤ ਤੋਂ ਸ਼ੁਰੂ ਹੋਣ ਵਾਲੇ ਧਾਰਮਿਕ ਸਮਾਗਮਾਂ ਦੀ ਰੂਪ-ਰੇਖਾ ਕੀਤੀ ਤੈਅ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਜ਼ਿਲ੍ਹਾ ਭਾਜਪਾ ਦਫ਼ਤਰ ਰੂਪਨਗਰ ਵਿਖੇ ਭਾਰਤੀ ਜਨਤਾ ਪਾਰਟੀ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਰਧਾ, ਉਤਸ਼ਾਹ ਅਤੇ ਸਮਾਜਿਕ ਸਦਭਾਵਨਾ ਨਾਲ ਮਨਾਉਣ ਦੇ ਉਦੇਸ਼ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਜ਼ਿਲ੍ਹਾ ਭਾਜਪਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਆਉਣ ਵਾਲੇ ਪ੍ਰੋਗਰਾਮਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਮੌਕੇ ਸਰਕਲ ਪ੍ਰਧਾਨ ਜਗਦੀਸ਼ ਚੰਦਰ ਕਾਜਲਾ ਨੇ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹੇ ਭਰ ਵਿਚ ਵੱਖ-ਵੱਖ ਅਸਥਾਨਾਂ ’ਤੇ ਸਮਾਗਮ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਸਮਾਜ ਨੂੰ ਆਪਸੀ ਪਿਆਰ, ਸਮਾਨਤਾ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦੀਆਂ ਹਨ। ਉਨ੍ਹਾਂ ਭਰੋਸਾ ਜਤਾਇਆ ਕਿ ਗੁਰੂ ਸਾਹਿਬ ਦੇ ਉਪਦੇਸ਼ ਅਤੇ ਸਿੱਖਿਆਵਾਂ ਘਰ-ਘਰ ਤੱਕ ਪਹੁੰਚਣਗੀਆਂ ਅਤੇ ਨਵੀਂ ਪੀੜ੍ਹੀ ਨੂੰ ਵੀ ਉਨ੍ਹਾਂ ਦੇ ਮਹਾਨ ਜੀਵਨ ਤੋਂ ਪ੍ਰੇਰਨਾ ਮਿਲੇਗੀ। ਇਸ ਮੌਕੇ ਜ਼ਿਲ੍ਹਾ ਐੱਸਸੀ ਮੋਰਚਾ ਦੀ ਪ੍ਰਧਾਨ ਅੰਜੂ ਬਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 1 ਅਗਸਤ ਤੋਂ ਪ੍ਰੋਗਰਾਮਾਂ ਦੀ ਵਿਧਿਵਤ ਸ਼ੁਰੂਆਤ ਹੋਵੇਗੀ। ਉਨ੍ਹਾਂ ਕਿਹਾ ਕਿ ਕਾਸ਼ੀ ਤੋਂ ਪੂਜਨ ਉਪਰੰਤ ਪਵਿੱਤਰ ਕਲਸ਼ ਰੂਪਨਗਰ ਪਹੁੰਚ ਚੁੱਕੇ ਹਨ, ਜਿਨ੍ਹਾਂ ਦੇ ਦਰਸ਼ਨ ਕਰਨ ਦਾ ਮੌਕਾ ਸਮੂਹ ਸੰਗਤ ਨੂੰ ਪ੍ਰਾਪਤ ਹੋਵੇਗਾ। ਇਸ ਤੋਂ ਬਾਅਦ ਇਹ ਪਵਿੱਤਰ ਕਲਸ਼ ਸ਼੍ਰੀ ਗੁਰੂ ਰਵਿਦਾਸ ਜੀ ਨਾਲ ਸਬੰਧਿਤ ਵੱਖ-ਵੱਖ ਧਾਰਮਿਕ ਅਸਥਾਨਾਂ ’ਤੇ ਲਿਜਾਏ ਜਾਣਗੇ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ, ਬਾਣੀ ਅਤੇ ਮਨੁੱਖਤਾ ਨੂੰ ਦਿੱਤਾ ਗਿਆ ਬਰਾਬਰੀ, ਭਾਈਚਾਰੇ ਅਤੇ ਸਮਾਜਿਕ ਨਿਆਂ ਦਾ ਸੰਦੇਸ਼ ਅੱਜ ਵੀ ਪੂਰੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹੈ। ਇਸ ਮੀਟਿੰਗ ਦੌਰਾਨ ਸਮਾਗਮਾਂ ਨੂੰ ਸਫ਼ਲ ਬਣਾਉਣ ਲਈ ਵੱਖ-ਵੱਖ ਜ਼ਿੰਮੇਵਾਰੀਆਂ ਵੀ ਸੌਂਪੀਆਂ ਗਈਆਂ ਅਤੇ ਪਾਰਟੀ ਵਰਕਰਾਂ ਨੂੰ ਵੱਧ ਤੋਂ ਵੱਧ ਲੋਕਾਂ ਨੂੰ ਇਨ੍ਹਾਂ ਧਾਰਮਿਕ ਸਮਾਗਮਾਂ ਨਾਲ ਜੋੜਨ ਦੀ ਅਪੀਲ ਕੀਤੀ ਗਈ। ਇਸ ਮੌਕੇ ਹਿੰਮਤ ਸਿੰਘ ਗਿਰਨ, ਰਜਿੰਦਰ ਕੱਕੜ, ਤਿਲਕ ਰਾਜ, ਭਗਤ ਸਿੰਘ, ਕੌਂਸਲਰ ਕਰਮਜੀਤ ਕੌਰ, ਅਮਰਦੀਪ ਸਿੰਘ ਨੰਨਾ, ਕਮਲਜੀਤ ਸਿੰਘ, ਰਾਜ ਕੁਮਾਰ ਰਾਜੂ, ਦੀਪਕ, ਸੁਰਿੰਦਰਪਾਲ ਸੇਠੀ, ਟੋਨੀ ਵਰਮਾ, ਨਵੀਨ ਕੁਮਾਰ, ਸ਼ਿਵ ਕੱਕੜ ਆਦਿ ਸਮੇਤ ਭਾਜਪਾ ਆਗੂ ਤੇ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ।