ਨਗਰ ਕੌਂਸਲ ਦੇ ਨਵੇਂ ਚੁਣੇ ਪ੍ਰਧਾਨ ਵਿਸ਼ਾਲ ਕਸ਼ਯਪ ਨੇ ਅਹੁਦਾ ਸੰਭਾਲਿਆ ਨਗਰ ਕੌਂਸਲ ਚਮਕੌਰ ਸਾਹਿਬ ਦੇ ਨਵੇਂ ਚੁਣੇ ਪ੍ਰਧਾਨ ਵਿਸ਼ਾਲ ਕਸ਼ਯਪ ਨੇ ਅਹੁੱਦਾ ਸੰਭਾਲਿਆ
Publish Date: Fri, 31 Jul 2026 06:04 PM (IST)
Updated Date: Fri, 31 Jul 2026 06:07 PM (IST)
- ਨਵੇਂ ਅਹੁਦੇਦਾਰਾਂ ਦੀ ਵੀ ਹੋਈ ਤਾਜਪੋਸ਼ੀ ਅਸ਼ੋਕ ਚੇਤਲ, ਪੰਜਾਬੀ ਜਾਗਰਣ ਸ੍ਰੀ ਚਮਕੌਰ ਸਾਹਿਬ : ਨਗਰ ਕੌਂਸਲ ਚਮਕੌਰ ਸਾਹਿਬ ਦੇ ਨਵੇਂ ਚੁਣੇ ਗਏ ਅਹੁਦੇਦਾਰਾਂ ਦੀ ਤਾਜਪੋਸ਼ੀ ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਦੀ ਅਗਵਾਈ ਹੇਠ ਨਗਰ ਕੌਂਸਲ ਦੇ ਦਫ਼ਤਰ ਵਿਖੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਕੀਤੀ ਗਈ। ਇਸ ਸਮਾਗਮ ਦੌਰਾਨ ਵਿਸ਼ਾਲ ਕੱਸ਼ਯਪ ਨੇ ਨਗਰ ਕੌਂਸਲ ਦੇ ਪ੍ਰਧਾਨ, ਚਹਿਲ ਸਿੰਘ ਨੇ ਸੀਨੀਅਰ ਮੀਤ ਪ੍ਰਧਾਨ ਅਤੇ ਪਰਮਿੰਦਰ ਕੌਰ ਨੇ ਮੀਤ ਪ੍ਰਧਾਨ ਵਜੋਂ ਆਪਣਾ ਅਹੁਦਾ ਸੰਭਾਲਿਆ। ਇਨ੍ਹਾਂ ਤਿੰਨੋ ਅਹੁਦੇਦਾਰਾਂ ਨੂੰ ਵਿਧਾਇਕ ਵੱਲੋਂ ਕੁਰਸੀ ’ਤੇ ਬਿਰਾਜਮਾਨ ਕੀਤਾ ਗਿਆ। ਇਸ ਮੌਕੇ ਆਪ ਦੇ ਵੱਡੀ ਗਿਣਤੀ ਵਿਚ ਵਲੰਟੀਅਰਾਂ ਅਤੇ ਇਲਾਕਾ ਵਾਸੀਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਵਿਧਾਇਕ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਨਗਰ ਕੌਂਸਲ ਚੋਣਾਂ ਦੌਰਾਨ ਸ਼ਹਿਰ ਵਾਸੀਆ ਨੇ ਪ੍ਰਧਾਨ ਵਿਸ਼ਾਲ ਕੱਸ਼ਯਪ ਦੀ ਅਗਵਾਈ ਹੇਠ ਇੱਕ ਬਹੁਤ ਹੀ ਸਮਰੱਥ ਅਤੇ ਵਧੀਆ ਟੀਮ ਦੀ ਚੋਣ ਕੀਤੀ ਹੈ। ਉਨ੍ਹਾਂ ਆਸ ਜਤਾਈ ਕਿ ਸਰਕਾਰ ਦੇ ਬਾਕੀ ਰਹਿੰਦੇ ਕਾਰਜਕਾਲ ਦੌਰਾਨ ਇਹ ਟੀਮ ਸ਼ਹਿਰ ਦੇ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਲਈ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਕੰਮ ਕਰੇਗੀ ਅਤੇ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਆਪਣੀ ਨਿਯੁਕਤੀ ’ਤੇ ਖੁਸ਼ੀ ਪ੍ਰਗਟਾਉਂਦਿਆਂ ਨਵ-ਨਿਯੁਕਤ ਪ੍ਰਧਾਨ ਵਿਸ਼ਾਲ ਕੱਸ਼ਯਪ ਨੇ ਹਲਕਾ ਵਿਧਾਇਕ ਅਤੇ ਸ਼ਹਿਰ ਵਾਸੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਸਾਰਿਆਂ ਦੀਆਂ ਉਮੀਦਾਂ ’ਤੇ ਖਰਾ ਉਤਰਨਗੇ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸੁੰਦਰਤਾ, ਸਫ਼ਾਈ ਵਿਵਸਥਾ ਨੂੰ ਸੁਧਾਰਨਾ ਅਤੇ ਸਮੁੱਚੇ ਸ਼ਹਿਰ ਦਾ ਬਿਨ੍ਹਾਂ ਕਿਸੇ ਭੇਦਭਾਵ ਤੋਂ ਵਿਕਾਸ ਕਰਵਾਉਣਾ, ਉਨ੍ਹਾਂ ਦੀ ਸਭ ਤੋਂ ਪਹਿਲੀ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਵਿਸ਼ੇਸ਼ ਧਾਰਮਿਕ ਤੇ ਇਤਿਹਾਸਕ ਮਹੱਤਤਾ ਦੇ ਮੱਦੇਨਜ਼ਰ ਸ਼ਹਿਰ ਨੂੰ ਇੱਕ ਸ਼ਾਨਦਾਰ ਅਤੇ ਵਿਲੱਖਣ ਦਿੱਖ ਪ੍ਰਦਾਨ ਕਰਨ ਲਈ ਪੂਰੀ ਤਨਦੇਹੀ ਅਤੇ ਲਗਨ ਨਾਲ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਸ਼ਹਿਰ ਦੇ ਸਮੂਹ ਕੌਂਸਲਰਾਂ ਦੇ ਨਾਲ ਮਿਲ ਕੇ ਕੰਮ ਕਰਨਗੇ। ਇਸ ਮੌਕੇ ਯੂਥ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋ. ਬੀਰਦਵਿੰਦਰ ਸਿੰਘ ਬੱਲਾਂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ ਅਤੇ 2027 ਦੀਆਂ ਚੋਣਾਂ ਲਈ ਹੁਣ ਤੋਂ ਹੀ ਲਾਮਬੰਦੀ ਕਰ ਕੇ ਇਸ ਹਲਕੇ ਦੀ ਸੀਟ ਜਿੱਤ ਕੇ ਮੁੱਖ ਮੰਤਰੀ ਦੀ ਝੋਲੀ ਪਾਉਣ ਦਾ ਸੰਕਲਪ ਲਿਆ ਗਿਆ। ਇਸ ਮੌਕੇ ਸਿਆਸੀ ਸਕੱਤਰ ਜਗਤਾਰ ਸਿੰਘ ਘੜੂੰਆਂ, ਚੇਅਰਮੈਨ ਸਿਕੰਦਰ ਸਿੰਘ ਸਹੇੜੀ, ਸਰਪੰਚ ਹਰਿੰਦਰ ਸਿੰਘ ਕਾਕਾ, ਸਵਰਨ ਸਿੰਘ ਜਟਾਣਾ ਤੇ ਸਰਪੰਚ ਜਗਦੇਵ ਸਿੰਘ, ਭਲਵਾਨ ਗੁਰਦੀਪ ਸਿੰਘ, ਰਿਸੂ ਗਰਗ, ਬਲਵੀਰ ਸਿੰਘ, ਮਿਸਤਰੀ ਸਿਕੰਦਰ ਸਿੰਘ, ਦਰਸ਼ਨ ਸਿੰਘ ਆਦਿ ਹਾਜ਼ਰ ਸਨ।