- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
2500 ਪਿੰਡਾਂ ਦੀਆਂ ਆਯੁਸ਼ਮਾਨ ਆਰੋਗਿਆ ਕੇਂਦਰ ਡਿਸਪੈਂਸਰੀਆਂ ਰਹਿਣਗੀਆਂ ਬੰਦ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਪੰਜਾਬ ਦੇ ਲੱਗਭੱਗ 2,500 ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿਚ ਸੇਵਾਵਾਂ ਦੇ ਰਹੇ ਕਮਿਊਨਟੀ ਹੈਲਥ ਅਫ਼ਸਰ (ਸੀਐੱਚਓ) ਅੱਜ ਤੋਂ ਮੁਕੰਮਲ ਹੜ੍ਹਤਾਲ ’ਤੇ ਚਲੇ ਗਏ ਹਨ। ਇਸ ਕਾਰਨ ਪੰਜਾਬ ਦੇ ਹਜ਼ਾਰਾਂ ਪਿੰਡਾਂ ਵਿਚ ਚੱਲ ਰਹੇ ਆਯੁਸ਼ਮਾਨ ਆਰੋਗਿਆ ਕੇਂਦਰਾਂ ਦੀਆਂ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। ਪੰਜਾਬ ਭਰ ਦੇ ਸਮੂਹ ਸੀਐੱਚਓ ਨੇ ਆਪਣੇ-ਆਪਣੇ ਜ਼ਿਲ੍ਹਿਆਂ ਦੇ ਸਿਵਲ ਸਰਜਨ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਯੂਨੀਅਨ ਆਗੂਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਨੇ ਸੀਐੱਚਓਜ਼ ਦੇ ਨਾਲ ਵੱਡਾ ਵਿਸ਼ਵਾਸਘਾਤ ਅਤੇ ਧੋਖਾ ਕੀਤਾ ਹੈ। ਕਈ ਦੌਰ ਦੀਆਂ ਮੀਟਿੰਗਾਂ ਵਿੱਚ ਸਰਕਾਰ ਵੱਲੋਂ 5,000 ਰੁਪਏ ਤਨਖਾਹ ਵਿਚ ਵਾਧਾ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਪ੍ਰੰਤੂ 22 ਜੁਲਾਈ, 2026 ਨੂੰ ਜਾਰੀ ਪੱਤਰ ਰਾਹੀਂ ਇਸ ਨੂੰ ਤਨਖਾਹ ਵਿਚ ਸ਼ਾਮਲ ਕਰਨ ਦੀ ਬਜਾਏ ਇੰਸੈਂਟਿਵ ਦੇ ਰੂਪ ਵਿਚ ਜਾਰੀ ਕਰ ਦਿੱਤਾ ਗਿਆ ਅਤੇ ਇਸ ਨਾਲ ਬੈਂਂਚਮਾਰਕ ਦੀ ਸ਼ਰਤ ਜੋੜ ਦਿੱਤੀ ਗਈ। ਇਸ ਤੋਂ ਬਾਅਦ 4ਅਗਸਤ, 2026 ਨੂੰ ਜਾਰੀ ਨਵੀਆਂ ਗਾਈਡਲਾਈਨਜ਼ ਵਿਚ ਹੋਰ ਵੀ ਅਜਿਹੀਆਂ ਸ਼ਰਤਾਂ ਲਗਾ ਦਿੱਤੀਆਂ ਗਈਆਂ ਹਨ, ਜਿਨ੍ਹਾਂ ਨੂੰ ਪੂਰਾ ਕਰਨਾ ਲੱਗਭੱਗ ਅਸੰਭਵ ਹੈ। ਯੂਨੀਅਨ ਦਾ ਕਹਿਣਾ ਹੈ ਕਿ ਇਹ ਸਾਰਾ ਫ਼ੈਸਲਾ ਸੀਐੱਚਓ ਨੂ ਅਸਲ ਵਿੱਤੀ ਲਾਭ ਤੋਂ ਵਾਂਝਾ ਰੱਖਣ ਦੀ ਕੋਸ਼ਿਸ਼ ਹੈ।
ਆਗੂਆਂ ਨੇ ਕਿਹਾ ਕਿ ਅੱਜ ਪੰਜਾਬ ਭਰ ਵਿਚ ਰੋਸ ਪ੍ਰਦਰਸ਼ਨਾਂ ਦੌਰਾਨ ਨਵੀਆਂ ਜਾਰੀ ਕੀਤੀਆਂ ਗਾਈਡਲਾਈਨਜ਼ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ, ਤਾਂ ਜੋ ਸਰਕਾਰ ਦੀ ਵਾਅਦਾ-ਖ਼ਿਲਾਫ਼ੀ ਅਤੇ ਮੁਲਾਜ਼ਮ ਵਿਰੋਧੀ ਨੀਤੀਆਂ ਖਿਲਾਫ ਆਪਣਾ ਸਖ਼ਤ ਵਿਰੋਧ ਦਰਜ ਕਰਵਾਇਆ ਜਾ ਸਕੇ। ਯੂਨੀਅਨ ਆਗੂਆਂ ਨੇ ਇਹ ਵੀ ਦੋਸ਼ ਲਗਾਇਆ ਕਿ ਇਹ ਗਾਈਡਲਾਈਨਜ਼ ਸੀਐੱਚਓ ਦੇ ਹਿੱਤਾਂ ਦੀ ਰੱਖਿਆ ਕਰਨ ਦੀ ਬਜਾਏ ਉਨ੍ਹਾਂ ਦੇ ਹੱਕਾਂ ਨੂੰ ਕਮਜ਼ੋਰ ਕਰਨ ਵਾਲੀਆਂ ਹਨ। ਉਨ੍ਹਾਂ ਕਿਹਾ ਕਿ ਯੂਨੀਅਨ ਨੂੰ ਸ਼ੱਕ ਹੈ ਕਿ ਇਹ ਨੀਤੀ ਸੀਐੱਚਓ ਦੇ ਹਿੱਤਾਂ ਦੇ ਉਲਟ ਸੋਚ ਤਹਿਤ ਤਿਆਰ ਕੀਤੀ ਗਈ ਹੈ। ਯੂਨੀਅਨ ਨੇ ਮੰਗ ਕੀਤੀ ਕਿ ਇਸ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਜੇਕਰ ਕਿਸੇ ਅਧਿਕਾਰੀ ਜਾਂ ਐੱਚਡਬਲਿਊਸੀ ਲੀਡ ਕੰਸਲਟੈਂਟ ਦੀ ਭੂਮਿਕਾ ਰਹੀ ਹੈ ਤਾਂ ਉਸ ਦੀ ਵੀ ਜਾਂਚ ਕਰਕੇ ਬਣਦੀ ਕਾਰਵਾਈ ਕੀਤੀ ਜਾਵੇ।
ਆਗੂਆਂ ਨੇ ਕਿਹਾ ਕਿ 5,000 ਰੁਪਏ ਤਨਖਾਹ ਵਿਚ ਸਥਾਈ ਵਾਧਾ, ਲੌਇਲਟੀ ਬੋਨਸ, ਸੀਐੱਚਓ ਦਾ ਰੈਗੂਲਰ ਕੈਡਰ ਸੈਂਕਸ਼ਨ ਕਰਨਾ, ਤਨਖਾਹ ਅਤੇ ਇੰਸੈਂਟਿਵ ਨੂੰ ਮਰਜ ਕਰਨਾ ਸਮੇਤ ਹੋਰ ਮੰਗਾਂ ਅੱਜ ਵੀ ਲੰਬਿਤ ਹਨ। ਯੂਨੀਅਨ ਵੱਲੋਂ ਕਈ ਵਾਰ ਪੱਤਰ ਲਿਖ ਕੇ ਮੀਟਿੰਗ ਲਈ ਸਮਾਂ ਮੰਗਿਆ ਗਿਆ ਤਾਂ ਜੋ ਗੱਲਬਾਤ ਰਾਹੀਂ ਮਸਲੇ ਦਾ ਹੱਲ ਹੋ ਸਕੇ, ਪ੍ਰੰਤੂ ਸਰਕਾਰ ਅਤੇ ਵਿਭਾਗ ਨੇ ਕੋਈ ਗੰਭੀਰਤਾ ਨਹੀਂ ਦਿਖਾਈ। ਯੂਨੀਅਨ ਨੇ ਐਲਾਨ ਕੀਤਾ ਕਿ ਮਿਤੀ 10 ਅਗਸਤ, 2026 ਨੂੰ ਨੈਸ਼ਨਲ ਹੈਲਥ ਮਿਸ਼ਨ, ਪੰਜਾਬ ਦੇ ਮੁੱਖ ਦਫ਼ਤਰ, ਚੰਡੀਗੜ੍ਹ ਵਿਖੇ ਪੰਜਾਬ ਭਰ ਤੋਂ ਹਜ਼ਾਰਾਂ ਸੀਐੱਚਓ ਵਿਸ਼ਾਲ ਰੋਸ ਧਰਨਾ ਦੇਣਗੇ। ਜੇਕਰ ਉਸ ਤੋਂ ਬਾਅਦ ਵੀ ਸਰਕਾਰ ਨੇ ਆਪਣੀ ਵਾਅਦਾ-ਖ਼ਿਲਾਫ਼ੀ ਜਾਰੀ ਰੱਖੀ ਤਾਂ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਅੱਜ ਪਿੰਡਾਂ ਦੀਆਂ 2500 ਆਯੁਸ਼ਮਾਨ ਆਰੋਗਿਆ ਕੇਂਦਰ ਡਿਸਪੈਂਸਰੀਆਂ ਬੰਦ ਹੋਣ ਦੀ ਨੌਬਤ ਸੀਐੱਚਓ ਕਰਕੇ ਨਹੀਂ, ਸਗੋਂ ਪੰਜਾਬ ਸਰਕਾਰ ਦੀ ਲਾਰੇਬਾਜ਼ੀ, ਵਾਅਦਾ-ਖ਼ਿਲਾਫ਼ੀ ਅਤੇ ਮੁਲਾਜ਼ਮ ਵਿਰੋਧੀ ਨੀਤੀਆਂ ਕਰਕੇ ਆਈ ਹੈ। ਇਸ ਨਾਲ ਪੈਦਾ ਹੋਈ ਸਥਿਤੀ ਅਤੇ ਲੋਕਾਂ ਨੂੰ ਹੋਣ ਵਾਲੀ ਅਸੁਵਿਧਾ ਦੀ ਨਿਰੋਲ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀ ਹੋਵੇਗੀ।