ਹੋਲਾ ਮਹੱਲਾ ਸਬੰਧੀ ਸਮੂਹ ਐੱਸਐੱਮਓਜ਼ ਤੇ ਸਮੂਹ ਸਟਾਫ਼ ਦੀ ਮੀਟਿੰਗ
ਹੋਲਾ ਮਹੱਲਾ ਸਬੰਧੀ ਸਮੂਹ ਐੱਸਐੱਮਓਜ਼ ਤੇ ਸਮੂਹ ਸਟਾਫ਼ ਦੀ ਹੋਈ ਮੀਟਿੰਗ
Publish Date: Sun, 22 Feb 2026 04:10 PM (IST)
Updated Date: Mon, 23 Feb 2026 04:01 AM (IST)

ਸੰਗਤ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ : ਡਾ. ਨਵਰੂਪ ਕੌਰ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਸਿਵਲ ਸਰਜਨ ਰੂਪਨਗਰ ਡਾ.ਨਵਰੂਪ ਕੌਰ ਅਤੇ ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਡਾ.ਗੁਰਿੰਦਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫ਼ਤਰ ਵਿਖੇ ਸਮੂਹ ਬਲਾਕ ਸੀਨੀਅਰ ਮੈਡੀਕਲ ਅਫਸਰਾਂ ਅਤੇ ਸਬੰਧਤ ਸਿਹਤ ਸਟਾਫ ਦੀ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੌਰਾਨ 27 ਫਰਵਰੀ ਤੋਂ 4 ਮਾਰਚ ਤੱਕ ਸ੍ਰੀ ਕੀਰਤਪੁਰ ਸਾਹਿਬ ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾਣ ਵਾਲੇ ਇਤਿਹਾਸਕ ਤਿਉਹਾਰ ਹੋਲਾ ਮਹੱਲਾ ਦੇ ਮੌਕੇ ਸਿਹਤ ਵਿਭਾਗ ਵੱਲੋਂ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਵਿਸਥਾਰ ਸਹਿਤ ਚਰਚਾ ਕੀਤੀ ਗਈ। ਇਸ ਮੀਟਿੰਗ ਦੌਰਾਨ ਡਾ. ਗੁਰਿੰਦਰਜੀਤ ਸਿੰਘ ਨੇ ਕਿਹਾ ਕਿ ਹੋਲਾ ਮਹੱਲਾ ਦੌਰਾਨ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਸੰਗਤ ਸ਼੍ਰੀ ਅਨੰਦਪੁਰ ਸਾਹਿਬ ਪਹੁੰਚਦੀ ਹੈ। ਇਸ ਲਈ ਸਿਹਤ ਸੇਵਾਵਾਂ ਦੀ ਉੱਚਿਤ ਅਤੇ ਸੁਚੱਜੀ ਵਿਵਸਥਾ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਸਾਰੇ ਬਲਾਕ ਐੱਸਐੱਮਓਜ਼ ਨੂੰ ਹੁਕਮ ਦਿੱਤੇ ਕਿ ਉਹ ਆਪਣੇ-ਆਪਣੇ ਖੇਤਰਾਂ ਵਿਚ ਸਿਹਤ ਟੀਮਾਂ ਦੀ ਤੈਨਾਤੀ, ਐਮਬੂਲੈਂਸ ਸੇਵਾਵਾਂ, ਦਵਾਈਆਂ ਦੀ ਉਪਲੱਬਧਤਾ ਅਤੇ ਐਮਰਜੈਂਸੀ ਸਥਿਤੀਆਂ ਲਈ ਤਿਆਰੀ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਹੋਲਾ ਮਹੱਲਾ ਦੌਰਾਨ ਸਿਵਲ ਹਸਪਤਾਲ ਰੂਪਨਗਰ, ਪੀਐੱਸਸੀ ਕੀਰਤਪੁਰ ਸਾਹਿਬ, ਸਿਵਲ ਹਸਪਤਾਲ ਸ਼੍ਰੀ ਅਨੰਦਪੁਰ ਵਿਖੇ ਟਰੋਮਾ ਸੈਂਟਰ ਅਤੇ ਕੀਰਤਪੁਰ ਅਤੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਅਸਥਾਈ ਆਮ ਆਦਮੀ ਕਲੀਨਿਕ ਬਣਾਏ ਜਾਣੇ ਹਨ। ਇਨ੍ਹਾਂ ਹਸਪਤਾਲਾਂ ਅਤੇ ਆਮ ਆਦਮੀ ਕਲੀਨਿਕਾਂ ਵਿਚ ਦਵਾਈਆਂ ਦੀ ਉਪਲੱਬਧਤਾ ਯਕੀਨੀ ਬਣਾਈ ਜਾਵੇ ਅਤੇ ਸਟਾਫ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਤੇ ਰੈਫਰਲ ਸਿਸਟਮ ਨੂੰ ਮਜ਼ਬੂਤ ਕੀਤਾ ਜਾਵੇ, ਵੱਖ-ਵੱਖ ਸਥਾਨਾਂ ’ਤੇ ਐਂਬੁਲੈਂਸਾਂ ਨੂੰ ਤੈਨਾਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਹਸਪਤਾਲਾਂ ਤੇ ਗੁਰਦੁਆਰਾ ਸਾਹਿਬਾਨ ਵਿਚ ਪੀਣ ਵਾਲੇ ਪਾਣੀ ਦੀਆਂ ਟੈਂਕੀਆਂ ਨੂੰ ਸਾਫ ਤੇ ਕਲੋਰੀਨੇਸ਼ਨ ਕਰਵਾਈ ਜਾਵੇ। ਇਸ ਦੇ ਨਾਲ ਹੀ ਲੰਗਰਾਂ ਵਾਲੇ ਸਥਾਨਾਂ ’ਤੇ ਵੀ ਪਾਣੀ ਦੀ ਕਲੋਰੀਨੇਸ਼ਨ ਕਰਵਾਈ ਜਾਵੇ। ਇਸ ਮੀਟਿੰਗ ਦੌਰਾਨ ਡਾ.ਨਵਰੂਪ ਕੌਰ ਨੇ ਨਿਰਦੇਸ਼ ਦਿੱਤੇ ਕਿ ਇਸ ਦੌਰਾਨ ਸਾਫ ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਵਾਰਡਾਂ, ਓਟੀ, ਲੇਬਰ ਰੂਮ, ਟਰੋਮਾ ਸੈਂਟਰ, ਐਮਰਜੈਂਸੀ ਸੇਵਾਵਾਂ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਫੂਡ ਸੇਫ਼ਟੀ ਟੀਮਾਂ ਨੂੰ ਵੀ ਹੋਲਾ ਮਹੱਲਾ ਦੌਰਾਨ ਸਾਫ਼ ਸੁਥਰੀਆਂ ਚੀਜ਼ਾਂ ਹੀ ਵੇਚੀਆਂ ਜਾਣ, ਵੱਲ ਵਿਸ਼ੇਸ਼ ਧਿਆਨ ਦੇਣ ਦੇ ਹੁਕਮ ਦਿੱਤੇ। ਉਨ੍ਹਾਂ ਕਿਹਾ ਕਿ ਹੋਲਾ ਮਹੱਲਾ ਦੌਰਾਨ ਆਉਣ ਵਾਲੀ ਸੰਗਤ ਨੂੰ ਇੰਨਫੈਕਸ਼ਨ ਅਤੇ ਹੋਰ ਆਮ ਬਿਮਾਰੀਆਂ ਤੋਂ ਬਚਾਉਣ ਲਈ ਜਾਗਰੂਕਤਾ ਸਮੱਗਰੀ ਵੰਡੀ ਜਾਵੇਗੀ। ਉਨ੍ਹਾਂ ਸਿਹਤ ਕਰਮਚਾਰੀਆਂ ਨੂੰ ਮਾਸਕ, ਸੈਨੀਟਾਈਜ਼ਰ ਤੇ ਹੋਰ ਜ਼ਰੂਰੀ ਸਾਮਾਨ ਨਾਲ ਲੈਸ ਰਹਿਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀ ਪਹਿਲ ਸੰਗਤ ਦੀ ਸੁਰੱਖਿਆ ਅਤੇ ਸੁੱਖ-ਸਹੂਲਤ ਹੈ। ਉਨ੍ਹਾਂ ਸਾਰੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਕਿਸੇ ਵੀ ਸਮੱਸਿਆ ਨੂੰ ਤੁਰੰਤ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਲਿਆਉਣ ਲਈ ਆਦੇਸ਼ ਦਿੱਤੇ। ਇਸ ਮੀਟਿੰਗ ਦੌਰਾਨ ਸਮੂਹ ਬਲਾਕਾਂ ਦੇ ਐੱਸਐੱਮਓਜ਼ ਨੇ ਭਰੋਸਾ ਦਿਵਾਇਆ ਕਿ ਹੋਲਾ ਮਹੱਲਾ ਦੌਰਾਨ ਸਿਹਤ ਸੇਵਾਵਾਂ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਪੂਰੀ ਤਿਆਰੀ ਕੀਤੀ ਜਾਵੇਗੀ ਅਤੇ ਸੰਗਤ ਨੂੰ ਬੇਹਤਰ ਤੋਂ ਬੇਹਤਰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।