ਕਿਸਾਨਾਂ ਨੂੰ ਖੇਤੀਬਾੜੀ ਦੇ ਨਾਲ ਸਹਾਇਕ ਧੰਦੇ ਅਪਨਾਉਣ ਲਈ ਕੀਤਾ ਪ੍ਰੇਰਿਤ
ਪਿੰਡ ਖੁਆਸਪੁਰਾ ਵਿਖੇ ਕਰਵਾਈ ਗਈ ਕਿਸਾਨ ਗੋਸ਼ਟੀ
Publish Date: Sun, 15 Mar 2026 03:28 PM (IST)
Updated Date: Mon, 16 Mar 2026 04:00 AM (IST)

ਖੁਆਸਪੁਰਾ ’ਚ ਕਰਵਾਈ ਕਿਸਾਨ ਗੋਸ਼ਟੀ, ਵੱਖ-ਵੱਖ ਸਕੀਮਾਂ ਤੇ ਸਬਸਿਡੀਆਂ ਦੀ ਦਿੱਤੀ ਜਾਣਕਾਰੀ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਪਿੰਡ ਖੁਆਸਪੁਰਾ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਕਿਸਾਨ ਗੋਸ਼ਟੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਖੇਤੀਬਾੜੀ ਵਿਕਾਸ ਅਫਸਰ ਰੂਪਨਗਰ ਡਾ.ਦਵਿੰਦਰ ਸਿੰਘ ਵੱਲੋਂ ਕਿਸਾਨਾਂ ਨੂੰ ਜਲਵਾਯੂ ਪਰਿਵਰਤਨ ਹੋਣ ਨਾਲ ਕਣਕ ਵਿਚ ਆਉਣ ਵਾਲੇ ਝਾੜ ਦੀ ਕਮੀ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਸ ਵੱਧ ਰਹੇ ਤਾਪਮਾਨ ਕਾਰਨ ਕਣਕ ਦੇ ਝਾੜ ਵਿਚ ਕਮੀ ਆ ਸਕਦੀ ਹੈ। ਇਸ ਤੋਂ ਬਚਣ ਲਈ ਖੇਤਾਂ ਵਿਚ ਨਮੀ ਰੱਖਣਾ ਜ਼ਰੂਰੀ ਹੈ। ਉਨ੍ਹਾਂ ਵੱਲੋਂ ਕਿਸਾਨ ਵੀਰਾਂ ਨੂੰ ਕਣਕ ਵਿਚ ਪੋਟਾਸ਼ੀਅਮ ਨਾਈਟਰੇਟ ਜਾਂ ਸੈਲੀਸਿਲਿਕ ਐਸਿਡ ਦੀ ਸਪਰੇਅ ਕਰਨ ਦੀ ਸਿਫਾਰਸ਼ ਕੀਤੀ ਗਈ। ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਰੂਪਨਗਰ ਡਾ.ਬਲਜੀਤ ਸਿੰਘ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਪੀਐੱਮ ਕਿਸਾਨ ਦੀ ਅਗਲੀ ਕਿਸ਼ਤ ਦਾ ਲਾਭ ਲੈਣ ਲਈ ਕਿਸਾਨ ਆਈਡੀ (ਫਾਰਮਰ ਰਜਿਸਟਰੀ) ਬਣਾਉਣੀ ਜ਼ਰੂਰੀ ਹੈ। ਇਸ ਲਈ ਉਨ੍ਹਾਂ ਕਿਸਾਨਾਂ ਵੀਰਾਂ ਨੂੰ ਆਪਣੇ ਨੇੜਲੇ ਸੇਵਾ ਕੇਂਦਰ ’ਤੇ ਜਾ ਕੇ ਜਲਦ ਆਪਣੀ ਕਿਸਾਨ ਆਈਡੀ ਬਣਵਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਸਾਨਾਂ ਨੂੰ ਆਉਣ ਵਾਲੀ ਮੱਕੀ ਦੀ ਫਸਲ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਹੜੇ ਕਿਸਾਨ ਝੋਨੇ ਦੀ ਜਗ੍ਹਾ ਮੱਕੀ ਲਾਉਣਗੇ ਉਨ੍ਹਾਂ ਕਿਸਾਨ ਵੀਰਾਂ ਨੂੰ ਲੱਗਭੱਗ 17,500 ਰੁਪਏ ਪ੍ਰਤੀ ਹੈਕਟੇਅਰ ਦੇ ਹਿਸਾਬ ਨਾਲ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਕਣਕ ਦੀ ਫ਼ਸਲ ਤੋਂ ਬਾਅਦ ਮੂੰਗੀ ਦੀ ਕਾਸ਼ਤ ਲਈ ਖੇਤੀਬਾੜੀ ਵਿਭਾਗ ਕੋਲ ਸਬਸਿਡੀ ’ਤੇ ਮੂੰਗੀ ਦਾ ਬੀਜ ਆ ਚੁੱਕਾ ਹੈ ਤੇ ਕਿਸਾਨ ਵਿਭਾਗ ਨਾਲ ਤਾਲਮੇਲ ਕਰਕੇ ਇਹ ਬੀਜ ਪ੍ਰਾਪਤ ਕਰ ਸਕਦੇ ਹਨ। ਇਸ ਮੌਕੇ ਬਾਗਬਾਨੀ ਵਿਕਾਸ ਅਫ਼ਸਰ ਰੂਪਨਗਰ ਡਾ. ਚਤਰਜੀਤ ਸਿੰਘ ਰਤਨ ਨੇ ਕਿਸਾਨਾਂ ਨੂੰ ਬਾਗਬਾਨੀ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਸਬਸਿਡੀ ਸਕੀਮਾਂ ਬਾਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਵਿਭਾਗ ਵੱਲੋਂ ਨਵੇਂ ਬਾਗ, ਸਬਜ਼ੀਆਂ ਤੇ ਫੁੱਲਾਂ ਦੀ ਕਾਸ਼ਤ, ਖੁੰਭ ਪੈਦਾਵਾਰ ਯੂਨਿਟ, ਮਧੂ ਮੱਖੀਆਂ ਦੇ ਬਕਸੇ, ਗੰਡੋਆ ਖਾਦ ਯੂਨਿਟ, ਬਾਗਬਾਨੀ ਲਈ ਛੋਟਾ ਟਰੈਕਟਰ, ਪਾਵਰ ਟਿੱਲਰ, ਨੈਪ ਸੈਕ ਸਪਰੇਅ ਪੰਪ, ਟਰੈਕਟਰ ਆਪਰੇਟਿਡ ਬੂਮ ਸਪਰੇਅ ਪੰਪ ਆਦਿ ਲਈ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਇਸ ਮੌਕੇ ਵਿਭਾਗ ਦੇ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਖੇਤੀਬਾੜੀ ਦੇ ਨਾਲ ਨਾਲ ਖੁੰਭਾਂ ਦੀ ਕਾਸ਼ਤ ਅਤੇ ਮਧੂ ਮੱਖੀ ਪਾਲਣ ਜਿਹੇ ਸਹਾਇਕ ਧੰਦੇ ਅਪਨਾਉਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਨੇ ਸਰੀਰਕ ਤੰਦਰੁਸਤੀ ਲਈ ਘਰੇਲੂ ਪੱਧਰ ਤੇ ਹੀ ਜ਼ਹਿਰ ਮੁਕਤ ਫ਼ਲ ਅਤੇ ਸਬਜ਼ੀਆਂ ਦੀ ਕਾਸ਼ਤ ਲਈ ਹਰੇਕ ਕਿਸਾਨ ਨੂੰ ਘਰੇਲੂ ਬਗੀਚੀ ਅਪਨਾਉਣ ਦੀ ਅਪੀਲ ਵੀ ਕੀਤੀ। ਇਸ ਮੌਕੇ ਸਰਪੰਚ ਸਰਬਜੀਤ ਕੌਰ ਦੀ ਅਗਵਾਈ ਹੇਠ ਸਮੂਹ ਗ੍ਰਾਮ ਪੰਚਾਇਤ ਅਤੇ ਇਲਾਕਾ ਨਿਵਾਸੀਆਂ ਵੱਲੋਂ ਅਧਿਕਾਰੀਆਂ ਦਾ ਸਨਮਾਨ ਕੀਤਾ ਗਿਆ ਅਤੇ ਪੰਜਾਬ ਸਰਕਾਰ ਤੇ ਖੇਤੀਬਾੜੀ ਵਿਭਾਗ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਖੇਤੀਬਾੜੀ ਵਿਭਾਗ ਤੋਂ ਖੇਤੀਬਾੜੀ ਵਿਸਥਾਰ ਅਫ਼ਸਰ ਗੁਰਮੀਤ ਸਿੰਘ, ਏਟੀਐੱਮ ਗੁਰਪ੍ਰੀਤ ਸਿੰਘ, ਹਰਸਵਰਾਜ ਸਿੰਘ, ਅਕਾਲ ਸਹਾਇ ਯੂਥ ਕਲੱਬ ਦੇ ਪ੍ਰਧਾਨ ਜਗਦੀਪ ਸਿੰਘ, ਬਿਕਰਮਜੀਤ ਸਿੰਘ, ਭੁਪਿੰਦਰ ਸਿੰਘ, ਦਿਲਬਾਗ ਸਿੰਘ, ਨੰਬਰਦਾਰ ਗੁਰਇਕਬਾਲ ਸਿੰਘ, ਅੰਗਰੇਜ ਸਿੰਘ, ਗੁਰਜਿੰਦਰ ਸਿੰਘ, ਸੁਰਿੰਦਰਪਾਲ ਸਿੰਘ, ਹਰਪ੍ਰੀਤ ਸਿੰਘ, ਹਰਦੀਪ ਸਿੰਘ ਆਦਿ ਸਮੇਤ ਪਿੰਡ ਦੇ ਪਤਵੰਤੇ ਤੇ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।