ਬੇਲੋੜੀਆਂ ਸ਼ਰਤਾਂ ਰਾਹੀਂ ਰੁਜ਼ਗਾਰ ਦਾ ਉਜਾੜਾ ਬੰਦ ਕਰੇ ਪੰਜਾਬ ਸਰਕਾਰ : ਰਾਣਾ
ਜਲ ਸਪਲਾਈ ਕਾਮਿਆਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਅੱਗੇ ਰੋਸ਼ ਮੁਜਾਹਰਾ 6 ਅਪ੍ਰੈਲ ਨੂੰ
Publish Date: Sun, 15 Mar 2026 03:42 PM (IST)
Updated Date: Mon, 16 Mar 2026 04:01 AM (IST)

ਜਲ ਸਪਲਾਈ ਕਾਮਿਆਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਅੱਗੇ ਰੋਸ਼ ਮੁਜ਼ਾਹਰਾ 6 ਨੂੰ ਅਮਰਜੀਤ ਧੀਮਾਨ, ਪੰਜਾਬੀ ਜਾਗਰਣ, ਮੋਰਿੰਡਾ : ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਦਰਸ਼ਵੀਰ ਸਿੰਘ ਰਾਣਾ, ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਸੰਗਰੂਰ ਦੀ ਅਗਵਾਈ ਹੇਠ ਹੋਈ। ਇਸ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਸੂਬਾ ਪ੍ਰੈੱਸ ਸਕੱਤਰ ਦਵਿੰਦਰ ਸਿੰਘ ਨਾਭਾ ਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਸ਼ੀਰਾ ਨੇ ਦੱਸਿਆ ਕਿ ਵਿਭਾਗ ਵਿਚ ਪਿਛਲੇ 15-20 ਸਾਲਾਂ ਤੋਂ ਇੰਨਲਿਸਟਮੈਂਟ ਅਤੇ ਆਊਟਸੋਰਸ ਕਾਮੇ ਨਿਗੂਣੀਆਂ ਤਨਖਾਹਾਂ ’ਤੇ ਸੰਤਾਪ ਭੋਗ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਾਂਗੂ ਇਸ ਸਰਕਾਰ ਨੇ ਵੀ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਆਉਣ ’ਤੇ ਜਲ ਸਪਲਾਈ ਵਿਭਾਗ ਵਿਚ ਕੰਮ ਕਰਦੇ ਇੰਨਲਿਸਟਡ ਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ, ਪ੍ਰੰਤੂ ਪੱਕਾ ਕਰਨ ਦੀ ਥਾਂ ਜਲ ਘਰਾਂ ਦਾ ਪੰਚਾਇਤੀਕਰਨ ਕਰਕੇ ਵਰਕਰਾਂ ਦੇ ਰੁਜ਼ਗਾਰ ਨਾਲ ਖਿਲਵਾੜ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜਦਕਿ ਪੰਚਾਇਤਾਂ ਨੂੰ ਪਹਿਲਾਂ ਤੋਂ ਹੀ ਸੰਭਾਲੇ ਜਲ ਘਰ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਹੂਲਤ ਦੇਣ ਦੀ ਥਾਂ ਚਿੱਟਾ ਹਾਥੀ ਬਣਦੇ ਜਾ ਰਹੇ ਹਨ। ਵਿਭਾਗ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਜੱਥੇਬੰਦੀ ਤੋਂ ਪ੍ਰਪੋਜ਼ਲ ਪ੍ਰਾਪਤ ਕਰਨ ਦੇ ਬਾਵਜੂਦ ਵੀ ਲਗਾਤਾਰ ਟਾਲਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ। ਇਸ ਨਾਲ ਵਰਕਰਾਂ ਦਾ ਆਰਥਿਕ ਅਤੇ ਮਾਨਸਿਕ ਸ਼ੋਸ਼ਣ ਹੋ ਰਿਹਾ ਹੈ। ਆਗੂਆਂ ਨੇ ਕਿਹਾ ਕਿ ਜਿੱਥੇ ਵਿਭਾਗੀ ਅਧਿਕਾਰੀਆਂ ਵੱਲੋਂ ਪਿਛਲੇ ਲੰਬੇ ਅਰਸੇ ਤੋਂ ਕੰਮ ਕਰਦੇ ਇੰਨਲਿਸਟਮੈਂਟ ਤੇ ਆਊਟਸੋਰਸਿੰਗ ਕਾਮਿਆਂ ’ਤੇ 58 ਸਾਲ ਦੀ ਸ਼ਰਤ ਲਾ ਕੇ ਘਰਾਂ ਨੂੰ ਤੋਰਨ ਦੀਆਂ ਤਿਆਰੀਆਂ ਕਰ ਲਈਆਂ ਹਨ, ਉੱਥੇ ਹੀ ਜਲ ਸਪਲਾਈ ਟੈਂਕੀਆਂ ਦਾ ਪੰਚਾਇਤੀ ਕਰਨ ਤੇ ਨਿਜੀਕਰਨ ਕਰਕੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀਆਂ ਸਹੂਲਤਾਂ ਤੋਂ ਵਾਂਝੇ ਹੋਣਾ ਪੈ ਰਿਹਾ ਹੈ। ਇਸ ਮੌਕੇ ਮੀਟਿੰਗ ਦੌਰਾਨ ਸਮੂਹ ਜਿਲ੍ਹਿਆਂ ਦੇ ਆਗੂਆਂ ਨੇ ਫੈਸਲਾ ਕੀਤਾ ਕਿ ਸੁੱਤੀ ਹੋਈ ਸਰਕਾਰ ਨੂੰ ਜਗਾਉਣ ਲਈ 6 ਅਪ੍ਰੈਲ 2026 ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਸੰਗਰੂਰ ਅੱਗੇ ਰੋਸ ਧਰਨਾ ਦਿੱਤਾ ਜਾਵੇਗਾ, ਜਿਸ ਵਿਚ ਸਮੂਹ ਜ਼ਿਲ੍ਹਿਆਂ ਤੋਂ ਸਾਥੀ ਵੱਡੀ ਗਿਣਤੀ ਵਿਚ ਪਹੁੰਚਣਗੇ। ਇਸ ਦੀ ਤਿਆਰੀ ਲਈ ਜ਼ਿਲ੍ਹਾ ਪੱਧਰੀ ਮੀਟਿੰਗਾਂ ਕਰਕੇ ਲਾਮਬੰਦੀ ਕੀਤੀ ਜਾਵੇਗੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਫਿਰ ਵੀ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਗਿਆ ਤਾਂ ਗੁਪਤ ਐਕਸ਼ਨ ਕੀਤਾ ਜਾਵੇਗਾ ਤੇ ਸਰਕਾਰ ਦੇ ਖਿਲਾਫ ਲਗਾਤਾਰ ਮੋਰਚਾ ਲਗਾਇਆ ਜਾਵੇਗਾ। ਇਸ ਮੌਕੇ ਸੂਬਾਈ ਆਗੂ ਲਾਲ ਸਿੰਘ ਗੁਰਦਾਸਪੁਰ, ਇੰਦਰਜੀਤ ਸਿੰਘ ਕਪੂਰਥਲਾ, ਬਲਵੀਰ ਸਿੰਘ ਹਿਰਦਾਪੁਰ, ਸੁਖਵਿੰਦਰ ਸਿੰਘ ਖਰਲ, ਸੁੱਚਾ ਸਿੰਘ ਨੂਰਮਹਿਲ, ਰਮੇਸ਼ ਕੁਮਾਰ ਨਾਈਵਾਲਾ, ਵਰਿੰਦਰ ਕੁਮਾਰ ਢਿੰਗੀ, ਸ਼ਾਮ ਸੁੰਦਰ ਪਰਮਾਰ, ਅਨਿਲ ਕੁਮਾਰ ਤੋਂ ਇਲਾਵਾ ਜ਼ਿਲ੍ਹਾ ਕਮੇਟੀਆਂ ਦੇ ਆਗੂ ਸ਼ਾਮਲ ਹੋਏ।