ਆਪ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਵਚਨਬੱਧ
ਪਿੰਡ ਰੌਣੀ ਖੁਰਦ ਵਿਖੇ ਡਾ.ਚਰਨਜੀਤ ਵੱਲੋਂ ਫਿਰਨੀ ਦਾ ਉਦਘਾਟਨ
Publish Date: Sun, 05 Apr 2026 04:08 PM (IST)
Updated Date: Mon, 06 Apr 2026 03:59 AM (IST)

ਪਿੰਡ ਰੌਣੀ ਖੁਰਦ ਵਿਖੇ ਡਾ. ਚਰਨਜੀਤ ਵੱਲੋਂ ਫਿਰਨੀ ਦਾ ਉਦਘਾਟਨ ਅਮਰਜੀਤ ਧੀਮਾਨ, ਪੰਜਾਬੀ ਜਾਗਰਣ, ਮੋਰਿੰਡਾ : ਪਿੰਡ ਰੌਣੀ ਖੁਰਦ ਵਿਖੇ ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਪਿੰਡ ਦੀ ਫਿਰਨੀ ਦਾ ਉਦਘਾਟਨ ਕੀਤਾ ਗਿਆ ਅਤੇ ਪਿੰਡ ਵਿਚ ਪਹਿਲਾਂ ਕੀਤੇ ਗਏ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਪੀਸੀਏ ਅਪੈਕਸ ਕੌਂਸਲ ਮੈਂਬਰ ਬੀਰਦਵਿੰਦਰ ਸਿੰਘ ਬੱਲਾਂ ਤੇ ਹੋਰ ਆਪ ਆਗੂ ਵੀ ਉਨ੍ਹਾਂ ਦੇ ਨਾਲ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਆਸੀ ਸਲਾਹਕਾਰ ਜਗਤਾਰ ਸਿੰਘ ਘੜੂੰਆਂ ਨੇ ਦੱਸਿਆ ਕਿ ਇਸ ਮੌਕੇ ਪਿੰਡ ਦੀ ਗ੍ਰਾਮ ਪੰਚਾਇਤ ਅਤੇ ਸਮੂਹ ਪਿੰਡ ਵਾਸੀਆਂ ਵੱਲੋਂ ਵਿਧਾਇਕ ਡਾ.ਚਰਨਜੀਤ ਸਿੰਘ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਵਿਧਾਇਕ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਹਲਕਾ ਸ੍ਰੀ ਚਮਕੌਰ ਸਾਹਿਬ ਇੱਕ ਇਤਿਹਾਸਿਕ ਸ਼ਹਿਰ ਹੈ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਇਸ ਧਰਤੀ ਦੀ ਇਤਿਹਾਸਕ ਮਹੱਤਤਾ ਦੇ ਮੱਦੇਨਜ਼ਰ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਇਆ ਜਾਵੇਗਾ। ਉਨ੍ਹਾਂ ਪਿੰਡ ਰੌਣੀ ਖੁਰਦ ਦੇ ਵਿਕਾਸ ਲਈ 10 ਲੱਖ ਦੀ ਗਰਾਂਟ ਦਿੱਤੀ। ਉਨ੍ਹਾਂ ਕਿਹਾ ਕਿ ਪਿੰਡ ਦੇ ਵਿਕਾਸ ਲਈ 50 ਲੱਖ ਰੁਪਏ ਤੱਕ ਦੀਆਂ ਗਰਾਂਟਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਵਿਚ ਵਿਕਾਸ ਦੀ ਹਨੇਰੀ ਚੱਲ ਰਹੀ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਆਪ ਸਰਕਾਰ ਪੰਜਾਬ ਦੇ ਹਰ ਪਿੰਡ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਪਿੰਡ ਰੌਣੀ ਖੁਰਦ ਦੀ ਫਿਰਨੀ ਦੀ ਕਾਫੀ ਸਮੇਂ ਤੋਂ ਖਸਤਾ ਹਾਲਤ ਵਿਚ ਸੀ, ਜਿਸ ਕਾਰਨ ਪਿੰਡ ਵਾਸੀਆਂ ਨੂੰ ਆਉਣ-ਜਾਣ ਵਿਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਗਰਾਂਟਾਂ ਨਾਲ ਪਿੰਡ ਦੀਆਂ ਗਲੀਆਂ ਦਾ ਵਿਕਾਸ ਕੀਤਾ ਗਿਆ ਹੈ ਅਤੇ ਪਿੰਡ ਦੇ ਗੰਦੇ ਪਾਣੀ ਦੀ ਨਿਕਾਸੀ ਲਈ ਅੰਡਰ ਗਰਾਊਂਡ ਪਾਈਪ ਲਾਈਨ ਵਿਛਾਈ ਗਈ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਪਿੰਡ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਪੰਜਾਬ ਸਰਕਾਰ ਦੀਆਂ ਪਿਛਲੇ 4 ਸਾਲਾਂ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਦੇ 90 ਫੀਸਦੀ ਤੋਂ ਵੱਧ ਪਰਿਵਾਰਾਂ ਦਾ ਬਿਜਲੀ ਬਿੱਲ ਹੁਣ ‘ਜ਼ੀਰੋ’ ਆ ਰਿਹਾ ਹੈ, ਹਜ਼ਾਰਾਂ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ’ਤੇ ਬਿਨ੍ਹਾਂ ਸਿਫਾਰਸ਼ ਦੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ, ਪੰਜਾਬ ਭਰ ਵਿਚ ਖੋਲੇ ਗਏ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ। ਇਸ ਤੋਂ ਇਲਾਵਾ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਲਈ ਹੈੱਲਥ ਕਾਰਡ ਦੀ ਸਹੂਲਤ ਵੀ ਦਿੱਤੀ ਜਾ ਰਹੀ ਹੈ। ਅਨੇਕਾਂ ਸਰਕਾਰੀ ਸਕੂਲਾਂ ਨੂੰ ਸਕੂਲ ਆਫ ਐਮੀਨੈਂਸ ਵਿਚ ਬਦਲਿਆ ਗਿਆ, ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬਜ਼ੁਰਗਾਂ ਨੂੰ ਮੁਫ਼ਤ ਵਿਚ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਉਨ੍ਹਾਂ ਵਿਰੋਧੀ ਧਿਰਾਂ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਲੋਕ ਹੁਣ ਝੂਠੇ ਲਾਰਿਆਂ ਦੀ ਰਾਜਨੀਤੀ ਨੂੰ ਤਿਆਗ ਕੇ ਸਿਰਫ਼ ਵਿਕਾਸ ਦੀ ਰਾਜਨੀਤੀ ਨੂੰ ਚੁਣ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕਾ ਸ਼੍ਰੀ ਚਮਕੌਰ ਸਾਹਿਬ ਵਿਚ ਸੜਕਾਂ ਦੇ ਨਵੀਨੀਕਰਨ ਅਤੇ ਮੁਰੰਮਤ ਲਈ ਕਰੋੜਾਂ ਰੁਪਏ ਖਰਚੇ ਜਾ ਰਹੇ ਹਨ। ਇਸ ਮੌਕੇ ਪਿੰਡ ਦੀ ਪੰਚਾਇਤ ਅਤੇ ਮੋਹਤਬਰਾਂ ਵੱਲੋਂ ਵਿਧਾਇਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਮੇਹਨਤ ਅਤੇ ਗਰਾਂਟਾਂ ਨਾਲ ਪਿੰਡ ਦਾ ਨਕਸ਼ਾ ਬਦਲ ਰਿਹਾ ਹੈ। ਇਸ ਮੌਕੇ ਬੀਡੀਪੀਓ ਹਰਕੀਤ ਸਿੰਘ, ਸ਼ੂਗਰ ਮਿੱਲ ਮੋਰਿੰਡਾ ਦੇ ਚੇਅਰਮੈਨ ਸੁਖਜਿੰਦਰ ਸਿੰਘ ਸੋਹੀ, ਪ੍ਰੇਮ ਸਿੰਘ ਰੌਣੀ, ਯੂਥ ਆਗੂ ਮਨਦੀਪ ਸਿੰਘ ਰੌਣੀ, ਸੈਕਟਰੀ ਬਹਾਦਰ ਸਿੰਘ, ਸਰਪੰਚ ਗੁਰਪ੍ਰੀਤ ਸਿੰਘ ਫੌਜੀ ਅਮਰਾਲੀ, ਸਰਪੰਚ ਮਨਵੀਰ ਸਿੰਘ ਰਾਮਗੜ੍ਹ, ਪ੍ਰਦੀਪ ਸਿੰਘ ਮੈਹਤੋਂ, ਵਿਵੇਕ ਸ਼ਰਮਾ, ਕਿਸਾਨ ਆਗੂ ਨੇਤਰ ਸਿੰਘ ਰੌਣੀ ਆਦਿ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।