ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕੀਰਤਨ ਸਮਾਗਮ 25 ਨੂੰ
ਰੂਪਨਗਰ ਵਿਖੇ ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕੀਰਤਨ ਸਮਾਗਮ 25 ਨੂੰ
Publish Date: Sat, 18 Apr 2026 05:37 PM (IST)
Updated Date: Sun, 19 Apr 2026 04:07 AM (IST)

ਸਮਾਗਮ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਨੇ ਕੀਤੀ ਮੀਟਿੰਗ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪੱਧਰੀ ਕੀਰਤਨ ਸਮਾਗਮਾਂ ਦੀ ਸ਼ੁਰੂਆਤ ਰੂਪਨਗਰ ਜ਼ਿਲ੍ਹੇ ਤੋਂ ਕੀਤੀ ਜਾ ਰਹੀ ਹੈ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ 25 ਅਪ੍ਰੈਲ, ਦਿਨ ਸ਼ਨੀਵਾਰ ਨੂੰ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਸ਼ਾਮ 5 ਵਜੇ ਤੋਂ 8 ਵਜੇ ਤੱਕ ਆਯੋਜਿਤ ਕੀਤਾ ਜਾਵੇਗਾ। ਇਸ ਕੀਰਤਨ ਸਮਾਗਮ ਸਬੰਧੀ ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਉੱਚ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਇਹ ਪਵਿੱਤਰ ਦਿਹਾੜਾ ਸ਼੍ਰੀ ਗੁਰੂ ਰਵਿਦਾਸ ਜੀ ਦੇ ਉਪਦੇਸ਼ਾਂ, ਸਮਾਨਤਾ, ਭਾਈਚਾਰਾ ਅਤੇ ਪਰਮਾਤਮਾ ਪ੍ਰਤੀ ਭਗਤੀ ਦੇ ਸੰਦੇਸ਼ ਨੂੰ ਜਨ-ਜਨ ਤੱਕ ਪਹੁੰਚਾਉਣ ਦਾ ਵਿਲੱਖਣ ਮੌਕਾ ਹੈ। ਉਨ੍ਹਾਂ ਕਿਹਾ ਕਿ ਕੀਰਤਨ ਸਮਾਗਮ ਦੀ ਥੀਮ ਸ੍ਰੀ ਗੁਰੂ ਸਾਹਿਬ ਜੀ ਦੇ ਅਧਿਆਤਮਿਕ ਮਾਰਗਦਰਸ਼ਨ, ਸਮਾਜਿਕ ਸਮਾਨਤਾ ਅਤੇ ਸਰਬ ਮਨੁੱਖਤਾ ‘ਤੇ ਕੇਂਦ੍ਰਿਤ ਹੋਵੇਗੀ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼, ਕੀਰਤਨੀਆਂ ਅਤੇ ਰਾਗੀਆਂ ਅਤੇ ਪ੍ਰਮੁੱਖ ਸ਼ਖਸੀਅਤਾਂ ਅਤੇ ਸੰਤ ਸਮਾਜ ਲਈ ਤਿੰਨ ਵੱਖ-ਵੱਖ ਮੰਚ ਸਥਾਪਿਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਧਾਰਮਿਕ ਮਰਿਆਦਾ ਤੇ ਸੰਵੇਦਨਸ਼ੀਲਤਾਵਾਂ ਦਾ ਪੂਰਾ ਧਿਆਨ ਰੱਖਿਆ ਜਾਵੇ ਅਤੇ ਇਸ ਲਈ ਧਾਰਮਿਕ ਵਿਦਵਾਨਾਂ ਸੁਝਾਅ ਵੀ ਲਏ ਜਾਣ। ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮਾਗਮ ਦੌਰਾਨ ਸਾਫ਼ ਪੀਣ ਵਾਲੇ ਪਾਣੀ, ਟਾਇਲਟ ਸਹੂਲਤਾਂ, ਵਧੀਆ ਸਾਊਂਡ ਸਿਸਟਮ, ਪਾਰਕਿੰਗ ਅਤੇ ਲਗਾਤਾਰ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਕਿਹਾ। ਇਸ ਤੋਂ ਇਲਾਵਾ ਸੁਰੱਖਿਆ ਪ੍ਰਬੰਧ, ਟ੍ਰੈਫਿਕ ਕੰਟਰੋਲ ਅਤੇ ਮੈਡੀਕਲ ਸਹੂਲਤਾਂ ਨੂੰ ਵੀ ਸੁਚਾਰੂ ਢੰਗ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਕਿਹਾ ਕਿ ਫੁੱਲਾਂ ਦੀ ਸਜਾਵਟ ਅਤੇ ਹੋਰ ਧਾਰਮਿਕ ਰਵਾਇਤੀ ਪ੍ਰਬੰਧ ਪੂਰੀ ਮਰਿਆਦਾ ਅਨੁਸਾਰ ਕੀਤੇ ਜਾਣ। ਇਸ ਮੀਟਿੰਗ ਵਿਚ ਹਾਜ਼ਰ ਸਾਰੇ ਅਧਿਕਾਰੀਆਂ ਨੇ ਭਰੋਸਾ ਦਿਵਾਇਆ ਕਿ ਸਮਾਗਮ ਨੂੰ ਯਾਦਗਾਰ ਅਤੇ ਸੁਚੱਜੇ ਢੰਗ ਨਾਲ ਕਰਵਾਉਣ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ। ਇਸ ਮੀਟਿੰਗ ਵਿਚ ਏਡੀਸੀ ਚੰਦਰਜਯੋਤੀ ਸਿੰਘ, ਐੱਸਡੀਐੱਮ ਰੂਪਨਗਰ ਜਸਪ੍ਰੀਤ ਸਿੰਘ, ਐੱਸਡੀਐੱਮ ਮੋਰਿੰਡਾ ਚੇਤਨ ਬੰਗੜ, ਐੱਸਡੀਐੱਮ ਨੰਗਲ ਸਚਿਨ ਪਾਠਕ, ਐੱਸਡੀਐੱਮ ਸ੍ਰੀ ਅਨੰਦਪੁਰ ਸਾਹਿਬ ਸੁਖਪਾਲ ਸਿੰਘ, ਡੀਡੀਪੀਓ ਬਲਜਿੰਦਰ ਸਿੰਘ ਗਰੇਵਾਲ, ਡੀਐੱਸਓ ਜਗਜੀਵਨ ਸਿੰਘ, ਐਕਸੀਅਨ ਸੈਰ ਸਪਾਟਾ ਵਿਭਾਗ ਸੁਰਿੰਦਰਪਾਲ ਸਿੰਘ, ਐਕਸੀਅਨ ਲੋਕ ਨਿਰਮਾਣ ਵਿਭਾਗ ਐੱਸਐੱਸ ਭੁੱਲਰ, ਐਕਸੀਅਨ ਜਲ ਸਪਲਾਈ ਹਰਜੀਤਪਾਲ ਸਿੰਘ, ਏਟੀਓ ਸਰਬਜੀਤ ਸਿੰਘ ਸੈਣੀ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।