- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
21 ਜੂਨ ਨੂੰ ਹੋਣ ਵਾਲੀ ਨੀਟ ਪ੍ਰੀਖਿਆ ਸਬੰਧੀ ਸਾਰੇ ਪ੍ਰਬੰਧ ਮੁਕੰਮਲ:ਡੀਸੀ ਡੇਚਲਵਾਲ

ਜ਼ਿਲ੍ਹੇ ਦੇ 5 ਸਕੂਲਾਂ ’ਚ ਹੋਵੇਗੀ ਨੀਟ ਪ੍ਰੀਖਿਆ, ਨੀਟ ਪ੍ਰੀਖਿਆ ਲਈ ਪੁਲਿਸ ਵੱਲੋਂ ਪੁਖਤਾ ਸੁਰੱਖਿਆ ਤੇ ਟ੍ਰੈਫਿਕ ਪ੍ਰਬੰਧ : ਮਨਿੰਦਰ ਸਿੰਘ
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਜ਼ਿਲ੍ਹਾ ਰੂਪਨਗਰ ਵਿਖੇ 21 ਜੂਨ ਦਿਨ ਐਤਵਾਰ ਨੂੰ ਹੋਣ ਵਾਲੀ ਨੀਟ ਦੀ ਪ੍ਰੀਖਿਆ ਸਬੰਧੀ ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਡੀਸੀ ਅਦਿੱਤਿਆ ਡੇਚਲਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਰੂਪਨਗਰ, ਸਕੂਲ ਆਫ਼ ਐਮੀਂਨਸ ਰੂਪਨਗਰ, ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ (ਸ੍ਰੀ ਚਮਕੌਰ ਸਾਹਿਬ), ਕੇਂਦਰੀ ਵਿਦਿਆਲਿਆ ਖਾਨਪੁਰ ਅਤੇ ਕੇਂਦਰੀ ਵਿਦਿਆਲਿਆ ਆਈਆਈਟੀ, ਰੂਪਨਗਰ ਵਿਖੇ 21 ਜੂਨ ਨੂੰ ਹੋਣ ਵਾਲੀ ਨੀਟ ਦੀ ਪ੍ਰੀਖਿਆ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਦੇ ਲਈ ਏਡੀਸੀ (ਜ) ਡਾ.ਅਕਸ਼ਿਤਾ ਗੁਪਤਾ ਨੂੰ ਨੋਡਲ ਅਫ਼ਸਰ ਲਗਾਇਆ ਗਿਆ ਹੈ, ਜਦਕਿ ਸੈਕਟਰ ਅਫ਼ਸਰ ਅਤੇ ਡਿਊਟੀ ਮੈਜਿਸਟਰੇਟ ਵੀ ਤਾਇਨਾਤ ਕੀਤੇ ਗਏ ਹਨ।
ਉਨ੍ਹਾਂ ਸਿੱਖਿਆ ਵਿਭਾਗ ਨੂੰ ਪ੍ਰੀਖਿਆ ਕੇਂਦਰਾਂ ਵਿਚ ਸਾਫ਼-ਸਫ਼ਾਈ, ਸੈਂਟਰਾਂ ਵਿਖੇ ਤਜਰਬੇਕਾਰ ਸਟਾਫ, ਪੀਣ ਵਾਲੇ ਸਾਫ਼ ਪਾਣੀ ਤੇ ਬਿਜਲੀ ਆਦਿ ਦੇ ਪ੍ਰਬੰਧਾਂ, ਪੁਲਿਸ ਵਿਭਾਗ ਨੂੰ ਸੁਰੱਖਿਆ ਪ੍ਰਬੰਧ, ਟ੍ਰੈਫਿਕ ਪੁਲਿਸ ਨੂੰ ਟ੍ਰੈਫਿਕ ਪਲਾਨ ਤਿਆਰ ਕਰਨ, ਬਿਜਲੀ ਵਿਭਾਗ ਨੂੰ ਨਿਰਵਿਘਨ ਬਿਜਲੀ ਦੀ ਸਪਲਾਈ ਮੁਹੱਈਆ ਕਰਵਾਉਣ, ਸਿਵਲ ਸਰਜਨ ਦਫ਼ਤਰ ਨੂੰ ਮੈਡੀਕਲ ਟੀਮ ਤਾਇਨਾਤ ਕਰਨ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਨੂੰ ਉਨ੍ਹਾਂ ਨਾਲ ਸਬੰਧਤ ਕੰਮਾਂ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਆਪੋ ਆਪਣੀਆਂ ਡਿਊਟੀਆਂ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ।
ਇਸ ਮੌਕੇ ਐੱਸਐੱਸਪੀ ਰੂਪਨਗਰ ਮਨਿੰਦਰ ਸਿੰਘ ਨੇ ਕਿਹਾ ਕਿ ਨੀਟ ਪ੍ਰੀਖਿਆ ਨੂੰ ਸ਼ਾਂਤੀਪੂਰਨ, ਨਿਰਪੱਖ ਅਤੇ ਸੁਚਾਰੂੂ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਪੁਲਿਸ ਵੱਲੋਂ ਪੁਖਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਾਰੇ ਪ੍ਰੀਖਿਆ ਕੇਂਦਰਾਂ ’ਤੇ ਲੋੜੀਂਦਾ ਪੁਲਿਸ ਬਲ ਤਾਇਨਾਤ ਕੀਤਾ ਜਾਵੇਗਾ ਅਤੇ ਸੰਵੇਦਨਸ਼ੀਲ ਥਾਵਾਂ ’ਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾਵੇਗੀ। ਇਸ ਤੋਂ ਇਲਾਵਾ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਟ੍ਰੈਫਿਕ ਨੂੰ ਸੁਚਾਰੂ ਬਣਾਈ ਰੱਖਣ ਲਈ ਵਿਸ਼ੇਸ਼ ਟ੍ਰੈਫਿਕ ਪਲਾਨ ਵੀ ਤਿਆਰ ਕੀਤਾ ਗਿਆ ਹੈ ਤਾਂ ਜੋ ਪ੍ਰੀਖਿਆਰਥੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਪ੍ਰੀਖਿਆ ਕੇਂਦਰਾਂ ’ਤੇ ਪਹੁੰਚਣ ਅਤੇ ਪ੍ਰੀਖਿਆ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਨ।
ਇਸ ਮੌਕੇ ਸਹਾਇਕ ਕਮਿਸ਼ਨਰ (ਜ) ਸਚਿਨ ਪਾਠਕ, ਆਰਟੀਏ ਰਾਜਪਾਲ ਸਿੰਘ ਸੇਖੋਂ, ਐੱਸਡੀਐਮੱ ਮੋਰਿੰਡਾ ਚੇਤਨ ਬੰਗੜ, ਜ਼ਿਲ੍ਹਾ ਮਾਲ ਅਫਸਰ ਜਸਵਿੰਦਰ ਸਿੰਘ, ਜਨਰਲ ਮੈਨੇਜਰ ਰੋਡਵੇਜ਼ ਪਰਮਵੀਰ ਸਿੰਘ, ਜ਼ਿਲ੍ਹਾ ਫੂਡ ਸਪਲਾਈ ਅਫ਼ਸਰ ਡਾ.ਕਿੰਮੀਵਨੀਤ ਕੌਰ ਸੇਠੀ, ਸਿਹਤ ਵਿਭਾਗ ਤੋਂ ਡਾ.ਅੰਜਲੀ ਚੌਧਰੀ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਕੁਲਤਰਨ ਸਿੰਘ, ਪ੍ਰਿੰਸੀਪਲ ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਰਤਨ ਲਾਲ ਗੁਪਤਾ, ਪ੍ਰਿੰਸੀਪਲ ਸਸਸਸ (ਲੜਕੀਆਂ) ਸੰਦੀਪ ਕੌਰ, ਪ੍ਰਿੰਸੀਪਲ ਵਿਭਾ ਰਾਣੀ, ਪ੍ਰਿੰਸੀਪਲ ਅਪਰਣਾ ਰੇਅ, ਪ੍ਰਿੰਸੀਪਲ ਮਨੋਰੰਜਨ ਕੌਰ ਤੋਂ ਇਲਾਵਾ, ਜ਼ਿਲ੍ਹੇ ਦੇ ਸਮੂਹ ਤਹਿਸੀਲਦਾਰ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।