ਐੱਸਆਈਆਰ-2026 ਸਬੰਧੀ ਡੀਸੀ ਵੱਲੋਂ ਸਿਆਸੀ ਪਾਰਟੀਆਂ ਨਾਲ ਮੀਟਿੰਗ
ਐੱਸਆਈਆਰ-2026 ਸਬੰਧੀ ਡਿਪਟੀ ਕਮਿਸ਼ਨਰ ਦੀ ਰਾਜਨੀਤਿਕ ਪਾਰਟੀਆਂ ਨਾਲ
Publish Date: Sat, 20 Jun 2026 06:00 PM (IST)
Updated Date: Sun, 21 Jun 2026 04:04 AM (IST)

ਬੀਐੱਲਏ-1 ਤੇ ਬੀਐੱਲਏ-2 ਨਿਯੁਕਤ ਕਰਨ ਦੀ ਅਪੀਲ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਕਮੇਟੀ ਰੂਮ ਡੀਸੀ ਕੰਪਲੈਕਸ ਰੂਪਨਗਰ ਵਿਖੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਦੀ ਪ੍ਰਧਾਨਗੀ ਹੇਠ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸਆਈਆਰ) 2026 ਸਬੰਧੀ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ, ਸਕੱਤਰਾਂ ਅਤੇ ਨੁਮਾਇੰਦਿਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੌਰਾਨ ਉਨ੍ਹਾਂ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ (ਬੀਐੱਲਏ-1 ਅਤੇ ਬੀਐੱਲਏ-2) ਦੀ ਨਿਯੁਕਤੀ ਸਬੰਧੀ ਐਨੈਕਸਰ ਸਾਂਝਾ ਕਰਦਿਆਂ ਉਨ੍ਹਾਂ ਨੂੰ ਆਪਣੀ-ਆਪਣੀ ਪਾਰਟੀ ਦੇ ਬੀਐੱਲਏ ਨਿਯੁਕਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ 25 ਜੂਨ 2026 ਤੋਂ 24 ਜੁਲਾਈ 2026 ਤੱਕ ਬੀਐੱਲਓਜ਼ ਵੱਲੋਂ ਘਰ-ਘਰ ਜਾ ਕੇ ਵੋਟਰਾਂ ਦੇ ਐਨਯੂਮੇਰੇਸ਼ਨ ਫਾਰਮ ਭਰਵਾਏ ਜਾਣਗੇ। ਇਸ ਦੇ ਨਾਲ ਹੀ ਗੈਰ-ਹਾਜ਼ਰ, ਤਬਦੀਲ ਹੋ ਚੁੱਕੇ ਅਤੇ ਮ੍ਰਿਤਕ ਵੋਟਰਾਂ (ਏਐੱਸਡੀ ਲਿਸਟਾਂ-ਅਬਸੈਂਟ, ਸ਼ਿਫਟਡ ਤੇ ਮੌਤ) ਦੀਆਂ ਸੂਚੀਆਂ ਵੀ ਤਿਆਰ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਮਹੱਤਵਪੂਰਨ ਕਾਰਜ ਨੂੰ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਰਾਜਨੀਤਿਕ ਪਾਰਟੀਆਂ ਵੱਲੋਂ ਨਿਯੁਕਤ ਕੀਤੇ ਜਾਣ ਵਾਲੇ ਬੀਐੱਲਏ-1 ਅਤੇ ਬੀਐੱਲਏ-2, ਬੀਐੱਲਓਜ਼ ਦੀ ਸਹਾਇਤਾ ਕਰਨਗੇ, ਜਿਸ ਨਾਲ ਸ਼ੁੱਧ, ਪਾਰਦਰਸ਼ੀ ਅਤੇ ਗਲਤੀ ਰਹਿਤ ਵੋਟਰ ਸੂਚੀ ਦੀ ਪ੍ਰਕਾਸ਼ਨਾ ਯਕੀਨੀ ਬਣਾਈ ਜਾ ਸਕੇਗੀ। ਇਸ ਮੌਕੇ ਉਨ੍ਹਾਂਰਾਜਨੀਤਿਕ ਪਾਰਟੀਆਂ ਨੂੰ ਆਪਣੇ-ਆਪਣੇ ਸੰਸਦ ਮੈਂਬਰਾਂ (ਐੱਮਪੀ) ਅਤੇ ਵਿਧਾਇਕਾਂ (ਐੱਮਐੱਲਏ) ਦੀਆਂ ਸੂਚੀਆਂ ਸਾਂਝੀਆਂ ਕਰਨ ਲਈ ਵੀ ਕਿਹਾ ਤਾਂ ਜੋ ਉਨ੍ਹਾਂ ਨੂੰ ਵੀਆਈਪੀ ਵੋਟਰਾਂ ਦੀ ਸੂਚੀ ਵਿਚ ਦਰਜ ਕੀਤਾ ਜਾ ਸਕੇ। ਇਸ ਮੀਟਿੰਗ ਵਿਚ ਜ਼ਿਲ੍ਹਾ ਰੂਪਨਗਰ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟਰੇਟ ਵੀ ਮੌਜੂਦ ਰਹੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਹਲਕਿਆਂ ਵਿਚ ਰਾਜਨੀਤਿਕ ਪਾਰਟੀਆਂ ਵੱਲੋਂ ਨਿਯੁਕਤ ਕੀਤੇ ਜਾਣ ਵਾਲੇ ਬੀਐੱਲਏਜ਼ ਨੂੰ ਲੋੜੀਂਦੀ ਟ੍ਰੇਨਿੰਗ ਮੁਹੱਈਆ ਕਰਵਾਉਣ, ਤਾਂ ਜੋ ਐੱਸਆਈਆਰ-2026 ਦੀ ਇਸ ਮੁਹਿੰਮ ਨੂੰ ਸਫ਼ਲਤਾਪੂਰਵਕ ਅਤੇ ਸੁਚਾਰੂ ਢੰਗ ਨਾਲ ਮੁਕੰਮਲ ਕੀਤਾ ਜਾ ਸਕੇ। ਇਸ ਮੀਟਿੰਗ ਵਿਚ ਸੰਦੀਪ ਜੋਸ਼ੀ (ਆਮ ਆਦਮੀ ਪਾਰਟੀ), ਰਾਜੀਵ ਸ਼ਰਮਾ (ਸ਼੍ਰੋਮਣੀ ਅਕਾਲੀ ਦਲ), ਜਰਨੈਲ ਸਿੰਘ ਭਉਵਾਲ (ਭਾਰਤੀ ਜਨਤਾ ਪਾਰਟੀ), ਭੁਪਿੰਦਰ ਸਿੰਘ (ਇੰਡੀਅਨ ਨੈਸ਼ਨਲ ਕਾਂਗਰਸ), ਗੁਰਦੇਵ ਸਿੰਘ ਬਾਗੀ (ਸੀਪੀਆਈਐੱਮ), ਸੁਰਜੀਤ ਲਾਲ ਅਤੇ ਲਵਜੋਤ ਸਿੰਘ (ਬਹੁਜਨ ਸਮਾਜ ਪਾਰਟੀ) ਸਮੇਤ ਹੋਰ ਨੁਮਾਇੰਦੇ ਹਾਜ਼ਰ ਸਨ।