ਮੁੱਖ ਮੰਤਰੀ ਮਾਨ ਦੀ ਫੇਕ ਵੀਡੀਓ ਵਾਇਰਲ ਕਰਨ ਦੇ ਮਾਮਲੇ ’ਚ ਭੜਕੀ ਆਪ
ਮੁੱਖ ਮੰਤਰੀ ਮਾਨ ਦੀ ਫੇਕ ਵੀਡੀਓ ਵਾਇਰਲ ਕਰਨ ਦੇ ਮਾਮਲੇ ’ਚ ਭੜਕੀ ਆਪ
Publish Date: Sat, 20 Jun 2026 06:51 PM (IST)
Updated Date: Sun, 21 Jun 2026 04:07 AM (IST)

ਵਿਧਾਇਕ ਚੱਢਾ ਦੀ ਅਗਵਾਈ ਹੇਠ ਅਕਾਲੀ ਦਲ ਤੇ ਭਾਜਪਾ ਖਿਲਾਫ ਤਿੱਖਾ ਰੋਸ ਪ੍ਰਦਰਸ਼ਨ, ਪੰਜਾਬ ਦੇ ਲੋਕ ਵਿਰੋਧੀ ਪਾਰਟੀਆਂ ਦੀਆਂ ਚਾਲਾਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ : ਵਿਧਾਇਕ ਚੱਢਾ ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਰੂਪਨਗਰ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਕਥਿਤ ਵਾਇਰਲ ਵੀਡੀਓ ਨੂੰ ਲੈ ਕੇ ਸਿਆਸੀ ਮਾਹੌਲ ਗਰਮਾਉਂਦਾ ਨਜ਼ਰ ਆ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਵਿਧਾਇਕ ਦਿਨੇਸ਼ ਚੱਢਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਰੂਪਨਗਰ ਦੀ ਸਮੁੱਚੀ ਟੀਮ ਵੱਲੋਂ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਖਿਲਾਫ਼ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਦੌਰਾਨ ਵਿਰੋਧੀ ਪਾਰਟੀਆਂ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਰੋਸ ਪ੍ਰਦਰਸ਼ਨ ਦੌਰਾਨ ਆਗੂਆਂ ਨੇ ਦੋਸ਼ ਲਗਾਇਆ ਕਿ ਵਿਰੋਧੀ ਧਿਰਾਂ ਵੱਲੋਂ ਸੋਸ਼ਲ ਮੀਡੀਆ ਦਾ ਗਲਤ ਇਸਤੇਮਾਲ ਕਰਦੇ ਹੋਏ ਲੋਕਾਂ ਨੂੰ ਗੁੰਮਰਾਹ ਕਰਨ ਅਤੇ ਸਰਕਾਰ ਦੀ ਛਵੀ ਖਰਾਬ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਇਸ ਰੋਸ ਪ੍ਰਦਰਸ਼ਨ ਦੌਰਾਨ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਪੰਜਾਬ ਦੇ ਲੋਕ ਵਿਰੋਧੀ ਪਾਰਟੀਆਂ ਦੀਆਂ ਚਾਲਾਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ ਅਤੇ ਝੂਠੇ ਪ੍ਰਚਾਰ ਰਾਹੀਂ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕਦੇ ਵੀ ਕਾਮਯਾਬ ਨਹੀਂ ਹੋਣਗੀਆਂ। ਉਨ੍ਹਾਂ ਕਿਹਾ ਕਿ ਜਦੋਂ ਤੋਂ ਪੰਜਾਬ ਵਿਚ ਆਪ ਦੀ ਸਰਕਾਰ ਨੇ ਲੋਕ-ਪੱਖੀ ਫੈਸਲੇ ਲੈਣੇ ਸ਼ੁਰੂ ਕੀਤੇ ਹਨ, ਉਦੋਂ ਤੋਂ ਹੀ ਵਿਰੋਧੀਆਂ ਦੀ ਨੀਂਦ ਉੱਡੀ ਹੋਈ ਹੈ। ਹੁਣ ਇਹ ਲੋਕ ਵਿਕਾਸ ਅਤੇ ਲੋਕਾਂ ਦੇ ਮੁੱਦਿਆਂ ’ਤੇ ਗੱਲ ਕਰਨ ਦੀ ਬਜਾਏ ਫੇਕ ਵੀਡੀਓਜ਼ ਅਤੇ ਝੂਠੇ ਪ੍ਰਚਾਰ ਦਾ ਸਹਾਰਾ ਲੈ ਰਹੇ ਹਨ। ਪੰਜਾਬ ਦੀ ਜਨਤਾ ਅਜਿਹੀ ਘਟੀਆ ਰਾਜਨੀਤੀ ਨੂੰ ਕਦੇ ਵੀ ਮਾਫ਼ ਨਹੀਂ ਕਰੇਗੀ। ਉਨ੍ਹਾਂ ਸਖਤ ਸ਼ਬਦਾਂ ਵਿਚ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਕੋਲ ਲੋਕਾਂ ਦੇ ਸਾਹਮਣੇ ਰੱਖਣ ਲਈ ਕੋਈ ਠੋਸ ਮੁੱਦਾ ਨਹੀਂ ਬਚਿਆ। ਇਸ ਲਈ ਉਹ ਸਾਜ਼ਿਸ਼ਾਂ ਅਤੇ ਭਰਮ ਫੈਲਾਉਣ ਵਾਲੀਆਂ ਮੁਹਿੰਮਾਂ ਚਲਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੇ ਵੀ ਜਾਅਲੀ ਸਮੱਗਰੀ ਤਿਆਰ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਹੈ ਤਾਂ ਉਸ ਖਿਲਾਫ਼ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਇਸ ਦੌਰਾਨ ਆਪ ਆਗੂਆਂ ਨੇ ਇਕਸੁਰ ਹੋ ਕੇ ਕਿਹਾ ਕਿ ਪੰਜਾਬ ਦੇ ਲੋਕ ਸੱਚ ਅਤੇ ਝੂਠ ਵਿਚ ਫ਼ਰਕ ਕਰਨਾ ਜਾਣਦੇ ਹਨ ਅਤੇ ਝੂਠੇ ਪ੍ਰਚਾਰ ਦੇ ਸਹਾਰੇ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕਰਨ ਵਾਲੀਆਂ ਤਾਕਤਾਂ ਨੂੰ ਲੋਕ ਆਉਣ ਵਾਲੇ ਸਮੇਂ ਵਿਚ ਕਰਾਰਾ ਜਵਾਬ ਦੇਣਗੇ। ਇਸ ਮੌਕੇ ਚੇਅਰਮੈਨ ਭਾਗ ਸਿੰਘ ਮਦਾਨ, ਜ਼ਿਲ੍ਹਾ ਪ੍ਰਧਾਨ ਡਾ.ਸੰਜੀਵ ਗੌਤਮ, ਐੱਮਸੀ ਰਾਜੂ ਸਤਿਆਲ, ਜ਼ਿਲ੍ਹਾ ਸਕੱਤਰ ਰਾਮ ਕੁਮਾਰ ਮੁਕਾਰੀ, ਐਡਵੋਕੇਟ ਗੌਰਵ ਕਪੂਰ, ਮੁਲਾਜ਼ਮ ਆਗੂ ਬਨਵਾਰੀ ਲਾਲ ਮੱਟੂ, ਕੁਲਦੀਪ ਸਿੰਘ, ਸਮਿਤੀ ਮੈਂਬਰ ਸਤਨਾਮ ਸਿੰਘ ਨਾਗਰਾ, ਜ਼ਿਲ੍ਹਾ ਪ੍ਰੀਸ਼ਦ ਵਾਈਸ ਚੇਅਰਮੈਨ ਦੇਸ਼ਰਾਜ ਸੈਣੀ, ਐੱਮਸੀ ਸੁਖਵਿੰਦਰ ਸਿੰਘ ਫੌਜੀ, ਸੁਖਦੇਵ ਸਿੰਘ ਮੀਆਂਪੁਰੀ ਆਦਿ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਦੇ ਅਹੁੱਦੇਦਾਰ ਅਤੇ ਵਰਕਰ ਹਾਜ਼ਰ ਸਨ।