ਸ਼ਹਿਰ ਨੂੰ ਸਾਫ਼ ਤੇ ਸੁੰਦਰ ਬਣਾ ਕੇ ਅਸਲ ’ਚ ਬਣਾਵਾਂਗੇ ਰੂਪਨਗਰ : ਵਿਧਾਇਕ ਚੱਢਾ
ਵਿਧਾਇਕ ਚੱਢਾ ਨੇ ਅਧਿਕਾਰੀਆਂ ਨਾਲ ਮੀਟਿੰਗ ਕਰ ਗੰਦੇ ਪਾਣੀ ਦੀ ਨਿਕਾਸੀ ਸਬੰਧੀ ਤਿਆਰ ਕੀਤਾ ਪਲਾਨ
Publish Date: Sun, 21 Jun 2026 04:01 PM (IST)
Updated Date: Mon, 22 Jun 2026 04:01 AM (IST)

ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਗੰਦੇ ਪਾਣੀ ਦੀ ਨਿਕਾਸੀ ਸਬੰਧੀ ਤਿਆਰ ਕੀਤਾ ਪਲਾਨ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਆਈਆਈਟੀ ਰੂਪਨਗਰ ਵਿਖੇ ਆਈਆਈਟੀ ਦੇ ਮਾਹਿਰ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦਾ ਮੁੱਖ ਉਦੇਸ਼ ਰੂਪਨਗਰ ਸ਼ਹਿਰ ਵਿਚ ਗੰਦੇ ਪਾਣੀ ਦੀ ਨਿਕਾਸੀ ਨਾਲ ਜੁੜੀਆਂ ਸਮੱਸਿਆਵਾਂ ਦਾ ਸਥਾਈ ਅਤੇ ਤਕਨੀਕੀ ਆਧਾਰ ’ਤੇ ਹੱਲ ਲੱਭਣਾ ਸੀ। ਮੀਟਿੰਗ ਦੌਰਾਨ ਵਿਧਾਇਕ ਨੇ ਨਗਰ ਕੌਂਸਲ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਕੋਲੋਂ ਸ਼ਹਿਰ ਦੇ ਸੀਵਰੇਜ ਅਤੇ ਡਰੇਨੇਜ ਸਿਸਟਮ ਸਬੰਧੀ ਵਿਸਥਾਰਪੂਰਵਕ ਰਿਪੋਰਟ ਪ੍ਰਾਪਤ ਕੀਤੀ। ਉਨ੍ਹਾਂ ਨੇ ਗੰਦੇ ਪਾਣੀ ਦੇ ਇਕੱਠੇ ਹੋਣ ਵਾਲੇ ਸੰਵੇਦਨਸ਼ੀਲ ਖੇਤਰਾਂ, ਪੁਰਾਣੀਆਂ ਸੀਵਰੇਜ ਲਾਈਨਾਂ ਦੀ ਸਥਿਤੀ ਅਤੇ ਬਰਸਾਤੀ ਮੌਸਮ ਦੌਰਾਨ ਪੈਦਾ ਹੋਣ ਵਾਲੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਆਈਆਈਟੀ ਰੋਪੜ ਦੇ ਤਕਨੀਕੀ ਮਾਹਿਰਾਂ ਨੇ ਸ਼ਹਿਰ ਦੇ ਡਰੇਨੇਜ ਨੈੱਟਵਰਕ ਦੀ ਵਿਗਿਆਨਕ ਜਾਂਚ, ਵਾਟਰ ਫਲੋ ਮਾਡਲਿੰਗ, ਭੂ-ਆਕ੍ਰਿਤੀ ਅਧਿਐਨ, ਵਰਖਾ ਜਲ ਪ੍ਰਬੰਧਨ ਅਤੇ ਆਧੁਨਿਕ ਸੀਵਰੇਜ ਪ੍ਰਣਾਲੀਆਂ ਸਬੰਧੀ ਆਪਣੀ ਰਾਏ ਦਿੱਤੀ। ਮਾਹਰਾਂ ਨੇ ਸੁਝਾਅ ਦਿੱਤਾ ਕਿ ਗੰਦੇ ਪਾਣੀ ਦੀ ਨਿਕਾਸੀ ਲਈ ਡਿਜੀਟਲ ਮੈਪਿੰਗ, ਡਾਟਾ ਅਧਾਰਿਤ ਯੋਜਨਾਬੰਦੀ ਅਤੇ ਭਵਿੱਖ ਦੀ ਆਬਾਦੀ ਨੂੰ ਧਿਆਨ ਵਿਚ ਰੱਖ ਕੇ ਢਾਂਚਾਗਤ ਸੁਧਾਰ ਕੀਤੇ ਜਾਣੇ ਚਾਹੀਦੇ ਹਨ। ਵਿਧਾਇਕ ਚੱਢਾ ਨੇ ਅਧਿਕਾਰੀਆਂ ਨਾਲ ਪਲਾਨ ਤਿਆਰ ਕਰਦੇ ਹੋਏ ਕਿਹਾ ਕਿ ਸ਼ਹਿਰ ਦੇ ਸਾਰੇ ਪ੍ਰਭਾਵਿਤ ਇਲਾਕਿਆਂ ਦਾ ਵਿਸਥਾਰਪੂਰਵਕ ਸਰਵੇ ਕਰ ਕੇ ਇਕ ਕਾਰਜਯੋਗ ਰੋਡਮੈਪ ਤਿਆਰ ਕੀਤਾ ਜਾਵੇ, ਤਾਂ ਜੋ ਸਮੱਸਿਆ ਦਾ ਸਥਾਈ ਹੱਲ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਕੰਮ ਵਿਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਰੂਪਨਗਰ ਸ਼ਹਿਰ ਦੀ ਗੰਦੇ ਪਾਣੀ ਦੀ ਸਮੱਸਿਆ ਨੂੰ ਵਿਗਿਆਨਕ ਅਤੇ ਤਕਨੀਕੀ ਢੰਗ ਨਾਲ ਹੱਲ ਕਰਨਾ ਸਾਡੀ ਪ੍ਰਾਥਮਿਕਤਾ ਹੈ। ਆਈਆਈਟੀ ਵਰਗੀ ਪ੍ਰਤਿਸ਼ਠਿਤ ਸੰਸਥਾ ਦੇ ਮਾਹਿਰਾਂ ਦੀ ਸਲਾਹ ਨਾਲ ਇੱਕ ਲੰਬੇ ਸਮੇਂ ਲਈ ਪ੍ਰਭਾਵਸ਼ਾਲੀ ਯੋਜਨਾ ਤਿਆਰ ਕੀਤੀ ਜਾ ਰਹੀ ਹੈ। ਸਾਡਾ ਮਕਸਦ ਸਿਰਫ਼ ਸਮੱਸਿਆ ਦਾ ਅਸਥਾਈ ਹੱਲ ਨਹੀਂ, ਸਗੋਂ ਇੱਕ ਅਜਿਹਾ ਮਜ਼ਬੂਤ ਬੁਨਿਆਦੀ ਢਾਂਚਾ ਤਿਆਰ ਕਰਨਾ ਹੈ ਜੋ ਭਵਿੱਖ ਦੀਆਂ ਲੋੜਾਂ ਨੂੰ ਵੀ ਪੂਰਾ ਕਰ ਸਕੇ। ਅਸੀਂ ਰੂਪਨਗਰ ਸ਼ਹਿਰ ਨੂੰ ਸਾਫ਼, ਸੁੰਦਰ ਅਤੇ ਵਿਕਸਤ ਬਣਾ ਕੇ ਅਸਲ ਅਰਥਾਂ ਵਿਚ ‘ਰੂਪਨਗਰ’ ਬਣਾਵਾਂਗੇ।