ਵਿਕਾਸ ਕਾਰਜਾਂ ’ਚ ਢਿੱਲ ਨਹੀਂ ਹੋਵੇਗੀ ਬਰਦਾਸ਼ਤ : ਡਿਪਟੀ ਕਮਿਸ਼ਨਰ
ਵਿਕਾਸ ਕਾਰਜਾਂ ’ਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ:ਡਿਪਟੀ ਕ
Publish Date: Sat, 27 Jun 2026 04:57 PM (IST)
Updated Date: Sun, 28 Jun 2026 04:02 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਚੱਲ ਰਹੇ ਵਿਕਾਸ ਕਾਰਜਾਂ, ਲੋਕ ਭਲਾਈ ਸਕੀਮਾਂ ਅਤੇ ਵੱਖ-ਵੱਖ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ। ਇਸ ਮੀਟਿੰਗ ਦੌਰਾਨ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਵੱਲੋਂ ਲੋਕ ਭਲਾਈ ਲਈ ਜਾਰੀ ਕੀਤੇ ਜਾਂਦੇ ਫੰਡਾਂ ਦੀ ਸਮੇਂ ਸਿਰ ਅਤੇ ਪਾਰਦਰਸ਼ੀ ਵਰਤੋਂ ਯਕੀਨੀ ਬਣਾਈ ਜਾਵੇ ਤਾਂ ਜੋ ਹਰੇਕ ਯੋਜਨਾ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਸਮੇਂ ਸਿਰ ਪਹੁੰਚ ਸਕੇ। ਇਸ ਮੌਕੇ ਉਨ੍ਹਾਂ ਐੱਮਪੀ ਲੈਂਡ ਸਕੀਮ ਅਧੀਨ ਮਨਜ਼ੂਰਸ਼ੁਦਾ ਕੰਮਾਂ ਨੂੰ ਨਿਰਧਾਰਿਤ ਸਮਾਂ-ਸੀਮਾ ਅੰਦਰ ਮੁਕੰਮਲ ਕੀਤੇ ਜਾਣ ਅਤੇ ਜਿਨ੍ਹਾਂ ਕੰਮਾਂ ਦੇ ਵਰਤੋਂ ਸਰਟੀਫਿਕੇਟ ਬਕਾਇਆ ਹਨ, ਉਹ ਤੁਰੰਤ ਜਮ੍ਹਾਂ ਕਰਵਾਏ ਜਾਣ ਦੀ ਹਿਦਾਇਤ ਕੀਤੀ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਠੋਸ ਕੂੜਾ-ਕਰਕਟ ਦੇ ਵਿਗਿਆਨਕ ਪ੍ਰਬੰਧਨ ਲਈ ਬਣਾਏ ਜਾ ਰਹੇ ਪ੍ਰਬੰਧਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾਵੇ ਤਾਂ ਜੋ ਸਾਫ਼-ਸੁਥਰਾ ਅਤੇ ਸਿਹਤਮੰਦ ਪੇਂਡੂ ਵਾਤਾਵਰਨ ਯਕੀਨੀ ਬਣਾਇਆ ਜਾ ਸਕੇ ਤੇ ਸੋਲਿਡ ਵੇਸਟ ਦੇ ਚੱਲ ਰਹੇ ਕੰਮਾਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਕਿਹਾ ਕਿ ਊਰਜਾ ਸੰਭਾਲ ਅਤੇ ਵਾਤਾਵਰਨ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਜ਼ਿਲ੍ਹੇ ਵਿਚ ਸੋਲਰ ਸਟਰੀਟ ਲਾਈਟਾਂ ਲਗਾਉਣ ਸਬੰਧੀ ਕੰਮ ਤੇਜ਼ੀ ਨਾਲ ਮੁਕੰਮਲ ਕੀਤੇ ਜਾਣ ਤਾਂ ਜੋ ਪੇਂਡੂ ਖੇਤਰਾਂ ਵਿਚ ਲੋਕਾਂ ਨੂੰ ਬਿਹਤਰ ਰੌਸ਼ਨੀ ਦੀ ਸਹੂਲਤ ਮਿਲ ਸਕੇ। ਉਨ੍ਹਾਂ ਪਿੰਡਾਂ ਵਿਚ ਸਥਾਪਿਤ ਕੀਤੇ ਜਾ ਰਹੇ ਓਪਨ ਜਿੰਮਨੇਜ਼ੀਅਮਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ। ਇਸ ਤੋਂ ਇਲਾਵਾ ਉਨ੍ਹਾਂ ਮਾਡਲ ਪੇਂਡੂ ਖੇਡ ਮੈਦਾਨਾਂ ਲਈ ਜਾਰੀ ਫੰਡਾਂ ਦੀ ਮੈਪਿੰਗ ਅਤੇ ਪੰਚਾਇਤੀ ਰਾਜ ਵਿਭਾਗ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਵੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਇਸ ਮੀਟਿੰਗ ਦੌਰਾਨ ਉਨ੍ਹਾਂ ਆਰਪੀਵੀਐੱਸ (ਰੰਗਲਾ ਪੰਜਾਬ ਵਿਕਾਸ ਸਕੀਮ) ਅਧੀਨ ਪਿੰਡਾਂ ਵਿਚ ਬੁਨਿਆਦੀ ਢਾਂਚੇ ਦੇ ਵਿਕਾਸ, ਸਫ਼ਾਈ, ਜਨਤਕ ਸਹੂਲਤਾਂ ਅਤੇ ਹੋਰ ਲੋਕ ਭਲਾਈ ਕਾਰਜਾਂ ਨੂੰ ਤਰਜੀਹ ਦੇ ਕੇ ਸਮੇਂ ਸਿਰ ਮੁਕੰਮਲ ਕੀਤੇ ਜਾਣ ਦੀ ਹਿਦਾਇਤ ਕੀਤੀ। ਉਨ੍ਹਾਂ 15ਵੇਂ ਵਿੱਤ ਕਮਿਸ਼ਨ ਤਹਿਤ ਮਿਲੇ ਫੰਡਾਂ ਦੀ ਨਿਯਮਾਂ ਅਨੁਸਾਰ ਵਰਤੋਂ ਯਕੀਨੀ ਬਣਾਉਂਦੇ ਹੋਏ ਸਾਰੇ ਵਰਤੋਂ ਸਰਟੀਫਿਕੇਟ ਸਮੇਂ ਸਿਰ ਜਮ੍ਹਾਂ ਕਰਵਾਏ ਜਾਣ ਦੀ ਹਿਦਾਇਤ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਮੁੱਖ ਉਦੇਸ਼ ਸਰਕਾਰੀ ਸਕੀਮਾਂ ਦਾ ਲਾਭ ਹਰੇਕ ਯੋਗ ਵਿਅਕਤੀ ਤੱਕ ਪਹੁੰਚਾਉਣਾ ਅਤੇ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਵਾਉਣਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੌਕੇ ’ਤੇ ਜਾ ਕੇ ਕੰਮਾਂ ਦੀ ਨਿਯਮਿਤ ਨਿਗਰਾਨੀ ਕਰਨ ਅਤੇ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਾ ਕੀਤਾ ਜਾਵੇ। ਇਸ ਮੀਟਿੰਗ ਵਿਚ ਏਡੀਸੀ ਚੰਦਰਜਯੋਤੀ ਸਿੰਘ, ਡੀਡੀਪੀਓ ਬਲਜਿੰਦਰ ਸਿੰਘ ਗਰੇਵਾਲ, ਉਪ ਮੁੱਖ ਕਾਰਜਕਾਰੀ ਅਫਸਰ ਜ਼ਿਲ੍ਹਾ ਪ੍ਰੀਸ਼ਦ ਅਮਿਤ ਕੁਮਾਰ, ਐਕਸੀਅਨ ਜਲ ਸਪਲਾਈ ਵਿਭਾਗ ਹਰਜੀਤਪਾਲ ਸਿੰਘ, ਐਕਸੀਅਨ ਪੰਚਾਇਤੀ ਰਾਜ ਅਵਤਾਰ ਸਿੰਘ, ਬੀਡੀਪੀਓ ਰੂਪਨਗਰ ਅਮਿਤ ਸ਼ਰਮਾ, ਬੀਡੀਪੀਓ ਅਨੰਦਪੁਰ ਸਾਹਿਬ ਇਸ਼ਾਨ ਚੌਧਰੀ, ਬੀਡੀਪੀਓ ਮੋਰਿੰਡਾ/ਸ੍ਰੀ ਚਮਕੌਰ ਸਾਹਿਬ ਅਜੈਬ ਸਿੰਘ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।