ਦੂਜੇ ਦਿਨ ਘਰ-ਘਰ ਜਾ ਕੇ 12979 ਬੱਚਿਆਂ ਨੂੰ ਪਿਲਾਈਆਂ ਪੋਲੀਓ ਬੂੰਦਾਂ ਜ਼ਿਲ੍ਹੇ 'ਚ ਪਲਸ ਪੋਲੀਓ ਮੁਹਿੰਮ ਦੇ ਦੂਜੇ ਦਿਨ ਘਰ-ਘਰ ਜਾ ਕੇ 12979 ਬੱਚਿਆਂ ਨੂੰ ਪਿਲਾਈਆਂ ਪੋਲੀਓ ਬੂੰਦਾਂ
Publish Date: Mon, 29 Jun 2026 05:36 PM (IST)
Updated Date: Tue, 30 Jun 2026 04:02 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਰਗਣ, ਰੂਪਨਗਰ : ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਪਲਸ ਪੋਲੀਓ ਮੁਹਿੰਮ ਦੇ ਦੂਸਰੇ ਦਿਨ ਅੱਜ 605 ਸਿਹਤ ਟੀਮਾਂ ਵੱਲੋਂ ਜ਼ਿਲ੍ਹਾ ਰੂਪਨਗਰ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿਚ ਘਰ-ਘਰ ਜਾ ਕੇ 0 ਤੋਂ 5 ਸਾਲ ਦੇ 12979 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ। ਇਸ ਦੌਰਾਨ ਕੋਈ ਵੀ ਬੱਚਾ ਪੋਲੀਓ ਦੀ ਦਵਾਈ ਤੋਂ ਵਾਂਝਾ ਨਾ ਰਹਿ ਜਾਵੇ, ਇਸ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਗਈਆਂ। ਸਿਵਲ ਸਰਜਨ ਰੂਪਨਗਰ ਡਾ. ਰਮਨ ਗੁਪਤਾ ਨੇ ਦੱਸਿਆ ਕਿ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਜ਼ਿਲ੍ਹੇ ਵਿਚ ਕੁੱਲ 605 ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਝੁੱਗੀਆਂ-ਝੌਂਪੜੀਆਂ, ਇੱਟਾਂ ਦੇ ਭੱਠਿਆਂ, ਡੇਰਿਆਂ ਅਤੇ ਦੂਰ-ਦੁਰਾਡੇ ਦੇ ਖੇਤਰਾਂ ਵਿਚ ਰਹਿੰਦੇ ਬੱਚਿਆਂ ਤੱਕ ਪਹੁੰਚ ਯਕੀਨੀ ਬਣਾਉਣ ਲਈ 23 ਵਿਸ਼ੇਸ਼ ਮੋਬਾਈਲ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਦੇ ਬਲਾਕ ਕੀਰਤਪੁਰ ਸਾਹਿਬ ਵਿਚ 2252, ਬਲਾਕ ਭਰਤਗੜ੍ਹ ਵਿਚ 2489 ਬਲਾਕ ਨੂਰਪੁਰਬੇਦੀ ਵਿਚ 1204 ਬਲਾਕ ਸ੍ਰੀ ਚਮਕੌਰ ਸਾਹਿਬ ਵਿਚ 1962, ਰੂਪਨਗਰ ਸ਼ਹਿਰ ਵਿਚ 2151 ਸ੍ਰੀ ਅਨੰਦਪੁਰ ਸਾਹਿਬ ਸ਼ਹਿਰ ਵਿਚ 897 ਨੰਗਲ ਸ਼ਹਿਰ ਵਿਚ 628 ਅਤੇ ਮੋਰਿੰਡਾ ਸ਼ਹਿਰ ਵਿਚ 1396 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਪੋਲੀਓ ਇੱਕ ਗੰਭੀਰ ਅਤੇ ਅਪੰਗਤਾ ਪੈਦਾ ਕਰਨ ਵਾਲੀ ਬਿਮਾਰੀ ਹੈ, ਜਿਸ ਤੋਂ ਬਚਾਅ ਲਈ ਹਰ ਬੱਚੇ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣਾ ਲਾਜ਼ਮੀ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਭਾਵੇਂ ਉਨ੍ਹਾਂ ਦੇ ਬੱਚਿਆਂ ਨੂੰ ਨਿਯਮਿਤ ਟੀਕਾਕਰਣ ਅਧੀਨ ਪੋਲੀਓ ਬੂੰਦਾਂ ਅਤੇ ਟੀਕੇ ਲੱਗ ਚੁੱਕੇ ਹੋਣ, ਫਿਰ ਵੀ ਪਲਸ ਪੋਲੀਓ ਮੁਹਿੰਮ ਦੌਰਾਨ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਜ਼ਰੂਰ ਪਿਲਾਈਆਂ ਜਾਣ। ਮੁਹਿੰਮ ਦਾ ਮੁੱਖ ਉਦੇਸ਼ ਪੋਲੀਓ ਨੂੰ ਪੂਰੀ ਤਰ੍ਹਾਂ ਖਤਮ ਕਰਨਾ ਸਟੇਟ ਇਮੀਉਨਾਈਜ਼ੇਸ਼ਨ ਅਫਸਰ ਡਾ. ਮੰਜੂ ਬੰਸਲ ਅਤੇ ਸਹਾਇਕ ਸਿਵਲ ਸਰਜਨ ਡਾ. ਬੋਬੀ ਗੁਲਾਟੀ ਵੱਲੋਂ ਜ਼ਿਲ੍ਹਾ ਰੂਪਨਗਰ ਦੇ ਵੱਖ-ਵੱਖ ਖੇਤਰਾਂ ਦਾ ਦੌਰਾ ਕਰਕੇ ਮੁਹਿੰਮ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਨੇ ਮੌਕੇ ’ਤੇ ਟੀਮਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ ਅਤੇ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਕਿ ਹਰ ਬੱਚੇ ਤੱਕ ਪੋਲੀਓ ਦੀ ਦਵਾਈ ਪਹੁੰਚੇ। ਡਾ. ਮੰਜੂ ਬੰਸਲ ਨੇ ਕਿਹਾ ਕਿ ਪਲਸ ਪੋਲੀਓ ਮੁਹਿੰਮ ਦਾ ਮੁੱਖ ਉਦੇਸ਼ ਪੋਲੀਓ ਨੂੰ ਪੂਰੀ ਤਰ੍ਹਾਂ ਖਤਮ ਕਰਨਾ ਹੈ ਅਤੇ ਇਸ ਵਿਚ ਸਿਹਤ ਕਰਮਚਾਰੀਆਂ ਦੇ ਨਾਲ-ਨਾਲ ਆਮ ਜਨਤਾ ਦਾ ਸਹਿਯੋਗ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਬੱਚਾ ਰਹਿ ਗਿਆ ਹੋਵੇ ਤਾਂ ਉਹ ਨਜ਼ਦੀਕੀ ਸਿਹਤ ਕੇਂਦਰ ਨਾਲ ਸੰਪਰਕ ਕਰਕੇ ਉਸ ਨੂੰ ਪੋਲੀਓ ਬੂੰਦਾਂ ਜ਼ਰੂਰ ਪਿਲਾਉਣ। ਉਨ੍ਹਾਂ ਨੇ ਦੱਸਿਆ ਕਿ ਮੁਹਿੰਮ ਦੌਰਾਨ ਮੋਬਾਈਲ ਟੀਮਾਂ, ਟ੍ਰਾਂਜ਼ਿਟ ਟੀਮਾਂ ਅਤੇ ਹਾਈ-ਰਿਸਕ ਖੇਤਰਾਂ ਵਿੱਚ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਕੋਈ ਵੀ ਬੱਚਾ ਟੀਕਾਕਰਨ ਤੋਂ ਬਚ ਨਾ ਸਕੇ। ਮੁਹਿੰਮ ਦੇ ਸਫਲ ਨਿਰਵਹਾਰ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਵਚਨਬੱਧ ਹੈ।