ਅਦਾਲਤੀ ਸਟੇਅ ਦੇ ਬਾਵਜੂਦ ਦੇਰ ਰਾਤ ਜੇਸੀਬੀ ਮਸ਼ੀਨ ਨਾਲ ਢਾਹੀ ਦੁਕਾਨ ਅਦਾਲਤੀ ਸਟੇਅ ਦੇ ਬਾਵਜੂਦ ਦੇਰ ਰਾਤ ਜੇਸੀਬੀ ਮਸ਼ੀਨ ਨਾਲ ਢਾਹੀ ਦੁਕਾਨ
Publish Date: Sun, 05 Jul 2026 05:13 PM (IST)
Updated Date: Mon, 06 Jul 2026 04:03 AM (IST)
ਪੁਲਿਸ ’ਤੇ ਮਿਲੀਭੁਗਤ ਦੇ ਇਲਜ਼ਾਮ, ਗੁੱਸੇ ’ਚ ਆਏ ਲੋਕਾਂ ਨੇ ਸੜਕ ’ਤੇ ਲਾਇਆ ਜਾਮ ਅਮਰਜੀਤ ਧੀਮਾਨ, ਪੰਜਾਬੀ ਜਾਗਰਣ, ਮੋਰਿੰਡਾ : ਮੋਰਿੰਡਾ ਸ਼ਹਿਰ ਵਿਚ ਤੜਕਸਾਰ ਅਦਾਲਤੀ ਹੁਕਮਾਂ ਦੀਆਂ ਧੱਜੀਆਂ ਉਡਾਉਂਦੇ ਹੋਏ ਕੁਝ ਵਿਅਕਤੀਆਂ ਵੱਲੋਂ ਪੁਲਿਸ ਪ੍ਰਸ਼ਾਸਨ ਦੀ ਕਥਿਤ ਮਿਲੀਭੁਗਤ ਨਾਲ ਇੱਕ ਦੁਕਾਨਦਾਰ ਦੀ ਦੁਕਾਨ ਜੇਸੀਬੀ ਮਸ਼ੀਨ ਨਾਲ ਢਾਹੇ ਜਾਣ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਇਸ ਧੱਕੇਸ਼ਾਹੀ ਖਿਲਾਫ ਸ਼ਹਿਰ ਵਾਸੀਆਂ ਵਿਚ ਭਾਰੀ ਰੋਸ ਫੈਲ ਗਿਆ, ਜਿਸ ਦੇ ਸਿੱਟੇ ਵਜੋਂ ਲੋਕਾਂ ਨੇ ਇਕੱਤਰ ਹੋ ਕੇ ਮੋਰਿੰਡਾ-ਲੁਧਿਆਣਾ ਮੁੱਖ ਸੜਕ ’ਤੇ ਜ਼ੋਰਦਾਰ ਧਰਨਾ ਲਗਾ ਕੇ ਟਰੈਫਿਕ ਜਾਮ ਕਰ ਦਿੱਤਾ। ਇਹ ਜਾਮ ਕਰੀਬ 3-4 ਘੰਟੇ ਜਾਰੀ ਰਿਹਾ, ਜਿਸ ਕਾਰਨ ਵਾਹਨ ਚਾਲਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਆਖਿਰ ਐੱਸਐੱਚਓ ਮੋਰਿੰਡਾ ਗਗਨਦੀਪ ਸਿੰਘ ਵੱਲੋਂ ਕਾਰਵਾਈ ਦਾ ਭਰੋਸਾ ਦਿੱਤੇ ਜਾਣ ’ਤੇ ਲੋਕਾਂ ਵੱਲੋਂ ਧਰਨਾ ਹਟਾਇਆ ਗਿਆ। ਪੀੜਤ ਦੁਕਾਨਦਾਰ ਹਰਿੰਦਰ ਸਿੰਘ ਤੇ ਐਡਵੋਕੇਟ ਹਰਦੀਪ ਸਿੰਘ ਬਾਸੀ ਨੇ ਦੱਸਿਆ ਕਿ ਇਹ ਦੁਕਾਨ ਸਾਲ 1992-95 ਦੌਰਾਨ ਹਰਿੰਦਰ ਸਿੰਘ ਦੇ ਪਿਤਾ ਜਸਵਿੰਦਰ ਸਿੰਘ ਵੱਲੋਂ ਕਿਰਾਏ/ਰਹਿਣ ’ਤੇ ਲਈ ਗਈ ਸੀ। ਸਾਲ 2008 ਵਿਚ ਮਾਲਕਾਂ ਨੇ ਇਸ ਨੂੰ ਖਾਲੀ ਕਰਵਾਉਣ ਦੀ ਕੋਸ਼ਿਸ਼ ਕੀਤੀ, ਜਿਸ ’ਤੇ ਅਦਾਲਤ ਵੱਲੋਂ ਸਟੇਅ ਜਾਰੀ ਕਰ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਮਾਲਕਾਂ ਵੱਲੋਂ ਅਦਾਲਤ ਵਿਚ ਕਾਨੂੰਨੀ ਪ੍ਰਕਿਰਿਆ ਰਾਹੀਂ ਹੀ ਦੁਕਾਨ ਖਾਲੀ ਕਰਵਾਉਣ ਦੇ ਬਿਆਨ ਦਿੱਤੇ ਗਏ ਸਨ ਪ੍ਰੰਤੂ ਜਸਵਿੰਦਰ ਸਿੰਘ ਦੀ ਮੌਤ ਤੋਂ ਬਾਅਦ ਜਦੋਂ ਮਾਲਕਾਂ ਵੱਲੋਂ ਦੁਕਾਨ ਖਾਲੀ ਕਰਵਾਉਣ ਦੀ ਦੁਬਾਰਾ ਕੋਸ਼ਿਸ਼ ਕਰਨ ਦੀ ਸੂਚਨਾ ਮਿਲੀ, ਤਾਂ ਹਰਿੰਦਰ ਸਿੰਘ ਨੇ ਫਿਰ ਅਦਾਲਤ ਦਾ ਦਰਵਾਜ਼ਾ ਖੜਕਾਇਆ, ਜਿਸ ’ਤੇ ਅਦਾਲਤ ਵੱਲੋਂ ਬੀਤੀ 15 ਅਪ੍ਰੈਲ ਨੂੰ ਅਗਲੇ ਹੁਕਮਾਂ ਤੱਕ ਇਸ ’ਤੇ ਦੁਬਾਰਾ ਸਟੇਅ (ਰੋਕ) ਜਾਰੀ ਕਰ ਦਿੱਤਾ ਗਿਆ ਸੀ। ਪੀੜਤ ਹਰਿੰਦਰ ਸਿੰਘ ਨੇ ਆਰੋਪ ਲਾਇਆ ਕਿ ਅਦਾਲਤੀ ਆਦੇਸ਼ਾਂ ਦੀ ਪ੍ਰਵਾਹ ਨਾ ਕਰਦਿਆਂ, ਇਸ ਪ੍ਰਾਪਰਟੀ ਦੇ ਮਾਲਕਾਂ/ਖਰੀਦਦਾਰਾਂ ਨੇ ਪੁਲਿਸ ਪ੍ਰਸ਼ਾਸਨ ਦੀ ਕਥਿਤ ਮਿਲੀਭੁਗਤ ਨਾਲ ਸਵੇਰੇ ਤੜਕੇ ਲਗਭਗ ਸਾਢੇ 3 ਵਜੇ ਜੇਸੀਬੀ ਮਸ਼ੀਨ ਲਿਆ ਕੇ ਦੁਕਾਨ ਢਹਿ ਢੇਰੀ ਕਰ ਦਿੱਤੀ ਗਈ। ਉਸ ਨੇ ਦੱਸਿਆ ਕਿ ਦੁਕਾਨ ਢਾਹੇ ਜਾਣ ਕਾਰਨ ਲੈਂਟਰ ਦੀ ਛੱਤ ਥੱਲੇ ਦੁਕਾਨ ਵਿੱਚੋਂ ਮੁਰੰਮਤ ਲਈ ਆਏ 2-3 ਮੋਟਰਸਾਈਕਲ ਅਤੇ ਲੱਖਾਂ ਰੁਪਏ ਦਾ ਕੀਮਤੀ ਸਪੇਅਰ ਪਾਰਟਸ ਮਲਬੇ ਹੇਠ ਦੱਬ ਕੇ ਬਰਬਾਦ ਹੋ ਗਿਆ। ਐਡਵੋਕੇਟ ਹਰਦੀਪ ਸਿੰਘ ਬਾਸੀ ਨੇ ਦੱਸਿਆ ਕਿ ਸੂਚਨਾ ਮਿਲਣ ’ਤੇ ਉਹ ਤੁਰੰਤ ਮੌਕੇ ’ਤੇ ਪਹੁੰਚੇ ਤੇ ਇਸ ਘਟਨਾ ਸਬੰਧੀ ਸ਼ਹਿਰੀ ਪੁਲਿਸ ਨੂੰ ਸੂਚਿਤ ਕੀਤਾ ਗਿਆ। ਐਡਵੋਕੇਟ ਬਾਸੀ ਨੇ ਪੁਲਿਸ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦਿਆਂ ਦੱਸਿਆ ਕਿ ਜਦੋਂ ਉਹ ਹਰਿੰਦਰ ਸਿੰਘ ਨੂੰ ਨਾਲ ਲੈ ਕੇ ਸ਼ਹਿਰੀ ਪੁਲਿਸ ਸਟੇਸ਼ਨ ਪਹੁੰਚੇ ਤਾਂ ਉੱਥੇ ਕੋਈ ਵੀ ਡਿਊਟੀ ਅਫ਼ਸਰ ਮੌਜੂਦ ਨਹੀਂ ਸੀ। ਪੁਲਿਸ ਦੀ ਇਸ ਢਿੱਲੀ ਕਾਰਗੁਜ਼ਾਰੀ ਅਤੇ ਦੇਰੀ ਨਾਲ ਘਟਨਾ ਸਥਾਨ ’ਤੇ ਪਹੁੰਚਣ ਕਾਰਨ ਸ਼ਹਿਰ ਵਾਸੀਆਂ ਦਾ ਗੁੱਸਾ ਹੋਰ ਭੜਕ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਸੜਕ ਜਾਮ ਕਰ ਦਿੱਤੀ ਅਤੇ ਪੰਜਾਬ ਸਰਕਾਰ, ਪੁਲਿਸ ਪ੍ਰਸ਼ਾਸਨ ਤੇ ਦੁਕਾਨ ਢਾਹੁਣ ਵਾਲਿਆਂ ਖਿਲਾਫ ਜਬਰਦਸਤ ਨਾਅਰੇਬਾਜੀ ਕੀਤੀ। ਇਸ ਦੌਰਾਨ ਮੌਕੇ ’ਤੇ ਪਹੁੰਚੇ ਕੌਂਸਲਰ ਜਗਪਾਲ ਸਿੰਘ ਜੌਲੀ ਨੇ ਇਸ ਘਟਨਾ ਦੀ ਸਖਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ਨੂੰ ਲੋਕਤੰਤਰ ਅਤੇ ਅਦਾਲਤੀ ਹੁਕਮਾਂ ਦਾ ਸ਼ਰੇਆਮ ਕਤਲ ਕਰਾਰ ਦਿੱਤਾ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉੱਚ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪੀੜਤ ਦੁਕਾਨਦਾਰ ਨੂੰ ਇਨਸਾਫ਼ ਤੇ ਮੁਆਵਜਾ ਦਿੱਤਾ ਜਾਵੇ ਅਤੇ ਦੋਸ਼ੀਆਂ ਖ਼ਿਲਾਫ਼ ਪਰਚਾ ਦਰਜ ਕੀਤਾ ਜਾਵੇ। ਉੱਧਰ ਦੇਰੀ ਨਾਲ ਮੌਕੇ ’ਤੇ ਪਹੁੰਚੇ ਐੱਸਐੱਚਓ ਇੰਸਪੈਕਟਰ ਗਗਨਦੀਪ ਸਿੰਘ ਨੇ ਗੁੱਸੇ ਵਿਚ ਆਏ ਲੋਕਾਂ ਨੂੰ ਸ਼ਾਂਤ ਕੀਤਾ। ਉਨ੍ਹਾਂ ਭਰੋਸਾ ਦਿੱਤਾ ਕਿ ਇਸ ਗੈਰ-ਕਾਨੂੰਨੀ ਕਾਰਜ ਵਿਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਪੁਲਿਸ ਦੇ ਪੁਖਤਾ ਭਰੋਸੇ ਤੋਂ ਬਾਅਦ ਹੀ ਲੋਕਾਂ ਨੇ ਸੜਕ ਤੋਂ ਜਾਮ ਹਟਾਇਆ। ਇਸ ਸਬੰਧੀ ਗੱਲਬਾਤ ਕਰਦਿਆਂ ਇੰਸਪੈਕਟਰ ਗਗਨਦੀਪ ਸਿੰਘ ਨੇ ਦੱਸਿਆ ਕਿ ਪੀੜਤ ਹਰਿੰਦਰ ਸਿੰਘ ਦੇ ਬਿਆਨ ਦਰਜ ਕਰ ਲਏ ਗਏ ਹਨ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਾਰੀ ਕਾਰਵਾਈ ਪੂਰੀ ਤਰ੍ਹਾਂ ਕਾਨੂੰਨ ਦੇ ਦਾਇਰੇ ਵਿਚ ਰਹਿ ਕੇ ਅਮਲ ਵਿਚ ਲਿਆਂਦੀ ਜਾਵੇਗੀ।