
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪਿੰਡ ਤਖਤਗੜ੍ਹ ਵਿਖੇ ਅੱਜ ਨਸ਼ਾ ਸਪਲਾਈ ਕਰਨ ਦੇ ਸ਼ੱਕ ਵਿੱਚ ਪਹੁੰਚੇ ਤਿੰਨ ਵਿਅਕਤੀਆਂ ਨੂੰ ਸਥਾਨਕ ਲੋਕਾਂ ਦੀ ਸੂਚਨਾ ਅਤੇ ਪੁਲਿਸ ਦੀ ਕਾਰਵਾਈ ਦੇ ਚਲਦਿਆਂ ਕਾਬੂ ਕੀਤਾ ਗਿਆ। ਪੁਲਿਸ ਨੇ ਤਿੰਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ।

ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ: ਪਿੰਡ ਤਖਤਗੜ੍ਹ ਵਿਖੇ ਅੱਜ ਨਸ਼ਾ ਸਪਲਾਈ ਕਰਨ ਦੇ ਸ਼ੱਕ ਵਿੱਚ ਪਹੁੰਚੇ ਤਿੰਨ ਵਿਅਕਤੀਆਂ ਨੂੰ ਸਥਾਨਕ ਲੋਕਾਂ ਦੀ ਸੂਚਨਾ ਅਤੇ ਪੁਲਿਸ ਦੀ ਕਾਰਵਾਈ ਦੇ ਚਲਦਿਆਂ ਕਾਬੂ ਕੀਤਾ ਗਿਆ। ਪੁਲਿਸ ਨੇ ਤਿੰਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ।
ਮੌਕੇ ’ਤੇ ਮੌਜੂਦ ਪਿੰਡ ਵਾਸੀਆਂ ਨੇ ਦੱਸਿਆ ਕਿ ਪਿਛਲੇ ਕੁਝ ਸਮੇਂ ਤੋਂ ਉਨ੍ਹਾਂ ਨੂੰ ਸ਼ੱਕ ਸੀ ਕਿ ਬਾਹਰੋਂ ਕੁਝ ਵਿਅਕਤੀ ਤਖਤਗੜ੍ਹ ਵਿੱਚ ਨਸ਼ਾ ਸਪਲਾਈ ਕਰਨ ਲਈ ਆਉਂਦੇ ਹਨ। ਇਸ ਦੇ ਮੱਦੇਨਜ਼ਰ ਪਿੰਡ ਵਾਸੀਆਂ ਵੱਲੋਂ ਅਜਿਹੇ ਸ਼ੱਕੀ ਵਿਅਕਤੀਆਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖੀ ਜਾ ਰਹੀ ਸੀ। ਅੱਜ ਜਦੋਂ ਤਿੰਨ ਵਿਅਕਤੀ ਇੱਕ ਗੱਡੀ ਵਿੱਚ ਸਵਾਰ ਹੋ ਕੇ ਤਖਤਗੜ੍ਹ ਵਿਖੇ ਪਹੁੰਚੇ ਤਾਂ ਸਥਾਨਕ ਲੋਕਾਂ ਨੂੰ ਉਨ੍ਹਾਂ ’ਤੇ ਸ਼ੱਕ ਹੋਇਆ। ਲੋਕਾਂ ਨੇ ਤੁਰੰਤ ਪੁਲਿਸ ਨੂੰ ਇਸ ਸਬੰਧੀ ਸੂਚਿਤ ਕੀਤਾ। ਇਸ ਦੌਰਾਨ ਉਕਤ ਵਿਅਕਤੀ ਮੌਕੇ ਤੋਂ ਗੱਡੀ ਸਮੇਤ ਫਰਾਰ ਹੋ ਗਏ। ਇਸ ਤੋਂ ਬਾਅਦ ਪੁਲਿਸ ਵੱਲੋਂ ਉਨ੍ਹਾਂ ਦਾ ਪਿੱਛਾ ਕੀਤਾ ਗਿਆ ਅਤੇ ਟਿੱਬਾ ਨੰਗਲ ਦੇ ਨੇੜੇ ਉਨ੍ਹਾਂ ਨੂੰ ਗੱਡੀ ਸਮੇਤ ਕਾਬੂ ਕਰ ਲਿਆ ਗਿਆ।
ਥਾਣਾ ਨੂਰਪੁਰ ਬੇਦੀ ਦੇ ਐੱਸਐੱਚਓ ਗੁਰਮੁਖ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਤਿੰਨਾਂ ਨੌਜਵਾਨਾਂ ਦੇ ਡੋਪ ਟੈਸਟ ਕਰਵਾਏ ਗਏ, ਜੋ ਪਾਜ਼ੇਟਿਵ ਪਾਏ ਗਏ। ਹਾਲਾਂਕਿ ਪੁਲਿਸ ਅਨੁਸਾਰ ਮੌਕੇ ’ਤੇ ਉਨ੍ਹਾਂ ਕੋਲੋਂ ਕਿਸੇ ਵੀ ਤਰ੍ਹਾਂ ਦਾ ਨਸ਼ੀਲਾ ਪਦਾਰਥ ਬਰਾਮਦ ਨਹੀਂ ਹੋਇਆ।
ਐੱਸਐੱਚਓ ਨੇ ਦੱਸਿਆ ਕਿ ਇਸ ਸਬੰਧੀ ਐੱਫਆਈਆਰ ਨੰਬਰ 124/2026 ਤਹਿਤ ਐੱਨਡੀਪੀਐੱਸ ਐਕਟ ਅਧੀਨ ਮਾਮਲਾ ਦਰਜ ਕਰਕੇ ਤਿੰਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਕਤ ਵਿਅਕਤੀ ਕਿੱਥੋਂ ਆਏ ਸਨ ਅਤੇ ਉਨ੍ਹਾਂ ਦੀ ਇਲਾਕੇ ਵਿੱਚ ਆਉਣ ਦਾ ਮਕਸਦ ਕੀ ਸੀ।