Ropar News : ਹੋਲਾ ਮਹੱਲਾ ਮੌਕੇ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਸਿੰਘ ਬਾਦਲ
ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਵਿਦੇਸ਼ਾਂ ਵਿੱਚ ਫਸੇ ਪੰਜਾਬੀਆਂ ਦੀ ਸਹਾਇਤਾ ਲਈ ਇੱਕ ਹੈਲਪਲਾਈਨ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਈ ਲੋਕਾਂ ਵੱਲੋਂ ਫੋਨ ਆ ਰਹੇ ਹਨ, ਪਰ ਬਹੁਤਿਆਂ ਨੂੰ ਸਥਿਤੀ ਬਾਰੇ ਪੂਰੀ ਜਾਣਕਾਰੀ ਨਹੀਂ ਹੈ, ਕਿਉਂਕਿ ਹਵਾਈ ਸੇਵਾਵਾਂ ਬੰਦ ਹੋਣ ਕਾਰਨ ਮੁਸ਼ਕਲਾਂ ਵਧ ਗਈਆਂ ਹਨ।
Publish Date: Mon, 02 Mar 2026 05:25 PM (IST)
Updated Date: Mon, 02 Mar 2026 05:28 PM (IST)
ਸੁਖਵਿੰਦਰ ਸੁੱਖੂ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ : ਖ਼ਾਲਸਾ ਪੰਥ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਕੌਮੀ ਤਿਉਹਾਰ ਹੋਲਾ ਮਹੱਲਾ ਦੇ ਪਾਵਨ ਅਵਸਰ ’ਤੇ ਸੁਖਬੀਰ ਸਿੰਘ ਬਾਦਲ, ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਅੱਜ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਸੂਬੇ ਦੇ ਲੋਕਾਂ ਅਤੇ ਖ਼ਾਲਸਾ ਪੰਥ ਨੂੰ ਵਧਾਈ ਦਿੱਤੀ ਅਤੇ ਪੰਜਾਬ ਵਿੱਚ ਅਮਨ-ਸ਼ਾਂਤੀ ਤੇ ਭਾਈਚਾਰਕ ਸਾਂਝ ਕਾਇਮ ਰਹਿਣ ਲਈ ਅਰਦਾਸ ਕੀਤੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਹਮੇਸ਼ਾਂ ਭਾਈਚਾਰੇ ਦੀ ਧਰਤੀ ਰਿਹਾ ਹੈ ਅਤੇ ਸੂਬੇ ਵਿੱਚ ਏਕਤਾ ਤੇ ਪਿਆਰ ਦੀ ਭਾਵਨਾ ਬਣੀ ਰਹਿਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਮੌਜੂਦਾ ਹਾਲਾਤ ਚਿੰਤਾਜਨਕ ਹਨ ਅਤੇ ਕਈ ਪਰਿਵਾਰ ਦੁੱਖ-ਚਿੰਤਾ ਦਾ ਸਾਹਮਣਾ ਕਰ ਰਹੇ ਹਨ।
ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਵਿਦੇਸ਼ ਵਿੱਚ ਫਸੇ ਪੰਜਾਬੀਆਂ ਦੀ ਸਹਾਇਤਾ ਲਈ ਇੱਕ ਹੈਲਪਲਾਈਨ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਈ ਲੋਕਾਂ ਵੱਲੋਂ ਫੋਨ ਆ ਰਹੇ ਹਨ, ਪਰ ਬਹੁਤਿਆਂ ਨੂੰ ਸਥਿਤੀ ਬਾਰੇ ਪੂਰੀ ਜਾਣਕਾਰੀ ਨਹੀਂ ਹੈ, ਕਿਉਂਕਿ ਹਵਾਈ ਸੇਵਾਵਾਂ ਬੰਦ ਹੋਣ ਕਾਰਨ ਮੁਸ਼ਕਲਾਂ ਵਧ ਗਈਆਂ ਹਨ। ਉਨ੍ਹਾਂ ਨੇ ਕਿਹਾ ਕਿ ਭਾਰਤੀ ਦੂਤਾਵਾਸ ਨਾਲ ਸੰਪਰਕ ਕਰ ਕੇ ਲੋਕਾਂ ਦੀ ਸਹਾਇਤਾ ਲਈ ਯਤਨ ਕੀਤੇ ਜਾ ਰਹੇ ਹਨ।
ਉਨ੍ਹਾਂ ਨੇ ਵਿਦੇਸ਼ਾਂ ਵਿੱਚ ਵੱਸਦੇ ਸਿੱਖ ਅਤੇ ਪੰਜਾਬੀ ਭਾਈਚਾਰੇ ਨੂੰ ਅਪੀਲ ਕੀਤੀ ਕਿ ਜਿੱਥੇ ਵੀ ਸੰਭਵ ਹੋਵੇ, ਉਹ ਆਪਣੇ ਭਰਾਵਾਂ ਦੀ ਮਦਦ ਲਈ ਅੱਗੇ ਆਉਣ। ਉਨ੍ਹਾਂ ਨੇ ਕਿਹਾ ਕਿ ਪੰਜਾਬੀ ਹਮੇਸ਼ਾਂ ਮੁਸ਼ਕਲ ਵੇਲੇ ਇਕ-ਦੂਜੇ ਦਾ ਸਹਾਰਾ ਬਣਦੇ ਆਏ ਹਨ ਅਤੇ ਇਸ ਵਾਰ ਵੀ ਸਾਰੇ ਮਿਲ ਕੇ ਸਹਿਯੋਗ ਕਰਨ।
ਇਸ ਮੌਕੇ ਸਾਬਕਾ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ, ਅੰਤਰਿਮ ਕਮੇਟੀ ਮੈਂਬਰ ਭਾਈ ਦਲਜੀਤ ਸਿੰਘ ਭਿੰਡਰ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਜ਼ਿਲ੍ਹਾ ਪ੍ਰਧਾਨ ਦਰਬਾਰਾ ਸਿੰਘ ਬਾਲਾ, ਜਰਨੈਲ ਸਿੰਘ ਗੁੰਬਰ, ਸੁਰਿੰਦਰ ਸਿੰਘ ਮਟੌਰ ਸਮੇਤ ਅਕਾਲੀ ਵਰਕਰ ਤੇ ਆਗੂ ਹਾਜ਼ਰ ਸਨ।