ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ : ਦਲਜੀਤ ਰਾਣਾ
ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ: ਦਲਜੀਤ ਸਿੰਘ ਰਾਣਾ
Publish Date: Sun, 12 Apr 2026 05:42 PM (IST)
Updated Date: Mon, 13 Apr 2026 04:08 AM (IST)

ਗੁਰਨਾਮ ਸਿੰਘ ਭੱਲੜੀ, ਪੰਜਾਬੀ ਜਾਗਰਣ, ਨੰਗਲ : ਪੰਜਾਬ ਪੁਲਿਸ ਵਿੱਚੋਂ ਡੀਆਈਜੀ ਜੇਲ੍ਹਾਂ ਦੇ ਅਹੁਦੇ ਤੋਂ ਸੇਵਾ ਮੁਕਤ ਹੋਏ ਦਲਜੀਤ ਸਿੰਘ ਰਾਣਾ ਵੱਲੋਂ ਨੰਗਲ ਵਿਖੇ ਪੱਤਰਕਾਰਾਂ ਨਾਲ ਇੱਕ ਵਿਸ਼ੇਸ਼ ਪ੍ਰੈਸ ਵਾਰਤਾਲਾਪ ਕੀਤੀ ਗਈ। ਜਿਸ ਵਿਚ ਉਨ੍ਹਾਂ ਨੇ ਇਲਾਕੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਉਣ ਅਤੇ ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਆਪਣੇ ਵਿਚਾਰ ਸਾਂਝੇ ਕੀਤੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਪੁਲਿਸ ਅਧਿਕਾਰੀ ਦਲਜੀਤ ਰਾਣਾ ਨੇ ਕਿਹਾ ਕਿ ਉਨ੍ਹਾਂ ਦਾ ਨੰਗਲ ਆਉਣ ਦਾ ਮੁੱਖ ਮਕਸਦ ਖੇਤਰ ਵਿਚ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨਾ ਹੈ। ਉਨ੍ਹਾਂ ਚਿੰਤਾ ਪ੍ਰਗਟਾਈ ਕਿ ਅੱਜ ਦੀ ਨੌਜਵਾਨ ਪੀੜ੍ਹੀ ਤੇਜ਼ੀ ਨਾਲ ਨਸ਼ਿਆਂ ਦੇ ਰਾਹ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਬੱਚਿਆਂ ਨੂੰ ਪਿੰਡਾਂ ਵਿਚ ਖੇਡ ਮੈਦਾਨ ਤਿਆਰ ਕਰਕੇ ਦੇਵਾਂਗੇ ਅਤੇ ਉਨ੍ਹਾਂ ਨੂੰ ਖੇਡਾਂ ਨਾਲ ਜੋੜਾਂਗੇ, ਤਾਂ ਹੀ ਅਸੀਂ ਇੱਕ ਸੁਨਹਿਰੀ ਭਵਿੱਖ ਦੀ ਸਿਰਜਣਾ ਕਰ ਸਕਦੇ ਹਾਂ। ਦੱਸਣਯੋਗ ਹੈ ਕਿ ਦਲਜੀਤ ਰਾਣਾ ਖੁਦ ਜੈਵਲਿਨ ਥਰੋ ਦੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਰਹੇ ਹਨ। ਅੰਤਰ ਰਾਸ਼ਟਰੀ ਪੱਧਰ ‘ਤੇ ਗੋਲਡ ਮੈਡਲ ਜਿੱਤ ਕੇ ਇਲਾਕੇ ਦਾ ਨਾਂ ਰੌਸ਼ਨ ਕੀਤਾ। ਉਨ੍ਹਾਂ ਭਾਵੁਕ ਹੁੰਦਿਆਂ ਕਿਹਾ ਕਿ ਉਹ ਇਸੇ ਮਿੱਟੀ ਦੇ ਜੰਮਪਲ ਹਨ ਅਤੇ ਖੇਡਾਂ ਸਦਕਾ ਹੀ ਉਹ ਪੁਲਿਸ ਵਿਭਾਗ ਵਿਚ ਇੰਨੇ ਵੱਡੇ ਮੁਕਾਮ ‘ਤੇ ਪਹੁੰਚੇ ਹਨ। ਉਨ੍ਹਾਂ ਅਫਸੋਸ ਜਤਾਇਆ ਕਿ ਇਸ ਇਲਾਕੇ ਵਿਚ ਕੋਈ ਵੀ ਮਿਆਰੀ ਖੇਡ ਅਕੈਡਮੀ ਨਹੀਂ ਹੈ। ਰਿਟਾਇਰਮੈਂਟ ਤੋਂ ਬਾਅਦ ਹੁਣ ਉਨ੍ਹਾਂ ਦਾ ਇੱਕੋ-ਇੱਕ ਟੀਚਾ ਪਿੰਡ-ਪਿੰਡ ਜਾ ਕੇ ਬੱਚਿਆਂ ਨੂੰ ਸਪੋਰਟਸ ਲਈ ਪ੍ਰੇਰਿਤ ਕਰਨਾ ਅਤੇ ਵਧੀਆ ਖਿਡਾਰੀ ਪੈਦਾ ਕਰਨਾ ਹੈ। ਜਦੋਂ ਪੱਤਰਕਾਰਾਂ ਨੇ ਉਨ੍ਹਾਂ ਨੂੰ ਰਾਜਨੀਤੀ ਵਿਚ ਆਉਣ ਬਾਰੇ ਸਵਾਲ ਪੁੱਛਿਆ, ਤਾਂ ਉਨ੍ਹਾਂ ਸਪੱਸ਼ਟ ਕੀਤਾ ਕਿ ਫਿਲਹਾਲ ਉਨ੍ਹਾਂ ਦਾ ਅਜਿਹਾ ਕੋਈ ਮਕਸਦ ਨਹੀਂ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪੂਰਾ ਧਿਆਨ ਸਿਰਫ਼ ਸਮਾਜ ਸੇਵਾ ਅਤੇ ਖੇਡਾਂ ਨੂੰ ਪ੍ਰਮੋਟ ਕਰਨ ‘ਤੇ ਹੈ। ਭਾਵੇਂ ਦਲਜੀਤ ਰਾਣਾ ਨੇ ਸਿਆਸਤ ਤੋਂ ਦੂਰੀ ਬਣਾਈ ਰੱਖਣ ਦੀ ਗੱਲ ਕਹੀ ਹੈ, ਪਰ ਹਲਕੇ ਵਿਚ ਉਨ੍ਹਾਂ ਦੀਆਂ ਵਧਦੀਆਂ ਗਤੀਵਿਧੀਆਂ ਨੇ ਸਿਆਸੀ ਪਾਰਾ ਚੜ੍ਹਾ ਦਿੱਤਾ ਹੈ। ਰਾਜਨੀਤਿਕ ਮਾਹਿਰਾਂ ਅਨੁਸਾਰ, ਲੋਕਾਂ ਵਿਚ ਉਨ੍ਹਾਂ ਦੀ ਲੋਕਪ੍ਰਿਯਤਾ ਨੂੰ ਦੇਖਦਿਆਂ ਅੰਦਾਜ਼ੇ ਲਗਾਏ ਜਾ ਰਹੇ ਹਨ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਿਸਮਤ ਅਜ਼ਮਾ ਸਕਦੇ ਹਨ।