ਬਜ਼ੁਰਗ ਸਾਡੇ ਸਮਾਜ ਦੀ ਅਨਮੋਲ ਵਿਰਾਸਤ : ਰਸਵਿੰਦਰ ਸਿੰਘ
ਬਜ਼ੁਰਗਾਂ ਦੀ ਸੇਵਾ ਬਣੀਂ ਮਿਸਾਲ
Publish Date: Sun, 14 Jun 2026 04:37 PM (IST)
Updated Date: Mon, 15 Jun 2026 04:00 AM (IST)

ਅੱਜ ਲਈ ਵਿਸ਼ੇਸ਼ ,ਉਨ੍ਹਾਂ ਦੇ ਤਜਰਬੇ ਤੇ ਜੀਵਨ ਭਰ ਦੀ ਕਮਾਈ ਹੋਈ ਸਿਆਣਪ ਸਮਾਜ ਨੂੰ ਦਿੰਦੀ ਸਹੀ ਦਿਸ਼ਾ ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ : ਹਰ ਸਾਲ 15 ਜੂਨ ਨੂੰ ਵਿਸ਼ਵ ਬਜ਼ੁਰਗ ਦੁਰਵਿਵਹਾਰ ਜਾਗਰੂਕਤਾ ਦਿਵਸ ਮਨਾਇਆ ਜਾਂਦਾ ਹੈ। ਇਸ ਮੌਕੇ ਤੇ ਜਿੱਥੇ ਦੁਨੀਆ ਭਰ ਵਿੱਚ ਬਜ਼ੁਰਗਾਂ ਦੇ ਅਧਿਕਾਰਾਂ, ਸੁਰੱਖਿਆ ਅਤੇ ਸਨਮਾਨ ਸਬੰਧੀ ਜਾਗਰੂਕਤਾ ਫੈਲਾਉਣ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਹੀ ਕੇਅਰ ਵਨ ਕੇਅਰ ਆਲ ਗਰੁੱਪ ਪੰਜਾਬ ਅਤੇ ਮਾਤਾ ਜੀਤੋ ਜੀ ਜੱਚਾ ਬੱਚਾ ਸੁਸਾਇਟੀ ਵੱਲੋਂ ਪਿਛਲੇ ਕਈ ਸਾਲਾਂ ਤੋਂ ਬਜ਼ੁਰਗਾਂ ਦੀ ਭਲਾਈ ਲਈ ਨਿਭਾਈ ਜਾ ਰਹੀ ਸੇਵਾ ਸਮਾਜ ਲਈ ਮਿਸਾਲ ਬਣੀ ਹੋਈ ਹੈ। ਦੋਵੇਂ ਸੰਸਥਾਵਾਂ ਵੱਲੋਂ ਲੋੜਵੰਦ ਅਤੇ ਬੇਸਹਾਰਾ ਬਜ਼ੁਰਗਾਂ ਦੇ ਮਾਣ-ਸਨਮਾਨ ਅਤੇ ਜੀਵਨ ਦੀਆਂ ਮੁੱਢਲੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਲਗਾਤਾਰ ਸੇਵਾ ਕਾਰਜ ਕੀਤੇ ਜਾ ਰਹੇ ਹਨ। ਕੇਅਰ ਵਨ ਕੇਅਰ ਆਲ ਗਰੁੱਪ ਪੰਜਾਬ ਦੇ ਪ੍ਰਧਾਨ ਰਸਵਿੰਦਰ ਸਿੰਘ ਅਤੇ ਮਾਤਾ ਜੀਤੋ ਜੀ ਜੱਚਾ ਬੱਚਾ ਸੁਸਾਇਟੀ ਦੀ ਪ੍ਰਧਾਨ ਹਰਜੀਤ ਕੌਰ ਨੇ ਸਾਂਝੇ ਤੌਰ ਤੇ ਦੱਸਿਆ ਕਿ ਉਨ੍ਹਾਂ ਦੀਆਂ ਸੰਸਥਾਵਾਂ ਵੱਲੋਂ ਕਰੀਬ 12 ਸਾਲਾਂ ਤੋਂ ਬਜ਼ੁਰਗਾਂ ਦੀ ਸੇਵਾ ਦਾ ਕਾਰਜ ਨਿਰੰਤਰ ਚਲਾਇਆ ਜਾ ਰਿਹਾ ਹੈ। ਇਸ ਸੇਵਾ ਦੇ ਤਹਿਤ ਹਰ ਮਹੀਨੇ ਲਗਭਗ 50 ਲੋੜਵੰਦ ਬਜ਼ੁਰਗਾਂ ਨੂੰ ਰਸੋਈ ਦਾ ਪੂਰਾ ਰਾਸ਼ਨ ਮੁਹੱਈਆ ਕਰਵਾਇਆ ਜਾਂਦਾ ਹੈ ਤਾਂ ਜੋ ਉਨ੍ਹਾਂ ਨੂੰ ਆਪਣੀਆਂ ਰੋਜ਼ਾਨਾ ਦੀਆਂ ਜ਼ਰੂਰਤਾਂ ਪੂਰੀਆਂ ਕਰਨ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਸੰਸਥਾਵਾਂ ਦੀ ਸੇਵਾ ਸਿਰਫ਼ ਰਾਸ਼ਨ ਵੰਡਣ ਤੱਕ ਸੀਮਿਤ ਨਹੀਂ ਹੈ। ਕਈ ਅਜਿਹੇ ਬਜ਼ੁਰਗ ਵੀ ਹਨ ਜਿਨ੍ਹਾਂ ਦਾ ਕੋਈ ਪਰਿਵਾਰਕ ਸਹਾਰਾ ਨਹੀਂ ਹੈ ਜਾਂ ਜੋ ਇਕੱਲੇ ਜੀਵਨ ਬਤੀਤ ਕਰ ਰਹੇ ਹਨ। ਅਜਿਹੇ ਕਰੀਬ ਦੱਸ ਬਜ਼ੁਰਗਾਂ ਦੀ ਹਰ ਲੋੜ ਦਾ ਵਿਸ਼ੇਸ਼ ਧਿਆਨ ਰੱਖਿਆ ਜਾਂਦਾ ਹੈ। ਉਨ੍ਹਾਂ ਨੂੰ ਲੋੜ ਅਨੁਸਾਰ ਦਵਾਈਆਂ, ਕੱਪੜੇ, ਘਰੇਲੂ ਵਰਤੋਂ ਦਾ ਸਮਾਨ ਅਤੇ ਹੋਰ ਜ਼ਰੂਰੀ ਵਸਤਾਂ ਉਨ੍ਹਾਂ ਦੇ ਘਰ ਤੱਕ ਪਹੁੰਚਾ ਕੇ ਦਿੱਤੀਆਂ ਜਾਂਦੀਆਂ ਹਨ। ਸੰਸਥਾ ਦੇ ਸੇਵਾਦਾਰ ਸਮੇਂ-ਸਮੇਂ ਤੇ ਉਨ੍ਹਾਂ ਦੀ ਖੈਰ-ਖ਼ਬਰ ਵੀ ਲੈਂਦੇ ਰਹਿੰਦੇ ਹਨ, ਤਾਂ ਜੋ ਉਹ ਆਪਣੇ ਆਪ ਨੂੰ ਇਕੱਲਾ ਜਾਂ ਅਣਗੌਲਿਆ ਮਹਿਸੂਸ ਨਾ ਕਰਨ। ਰਸਵਿੰਦਰ ਸਿੰਘ ਨੇ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦੀ ਅਨਮੋਲ ਵਿਰਾਸਤ ਹਨ। ਉਨ੍ਹਾਂ ਦੇ ਤਜਰਬੇ ਅਤੇ ਜੀਵਨ ਭਰ ਦੀ ਕਮਾਈ ਹੋਈ ਸਿਆਣਪ ਸਮਾਜ ਨੂੰ ਸਹੀ ਦਿਸ਼ਾ ਦਿੰਦੀ ਹੈ। ਇਸ ਲਈ ਉਨ੍ਹਾਂ ਦਾ ਸਨਮਾਨ ਕਰਨਾ ਅਤੇ ਉਨ੍ਹਾਂ ਦੀਆਂ ਲੋੜਾਂ ਦਾ ਖ਼ਿਆਲ ਰੱਖਣਾ ਹਰ ਇਨਸਾਨ ਦੀ ਜ਼ਿੰਮੇਵਾਰੀ ਬਣਦੀ ਹੈ। ਉਨ੍ਹਾਂ ਕਿਹਾ ਕਿ ਸੰਸਥਾ ਦੀ ਸਭ ਤੋਂ ਵੱਡੀ ਵਿਸ਼ੇਸ਼ਤਾ ਇਹ ਹੈ ਕਿ ਜਦੋਂ ਵੀ ਉਨ੍ਹਾਂ ਨੂੰ ਕਿਸੇ ਲੋੜਵੰਦ ਜਾਂ ਬੇਸਹਾਰਾ ਬਜ਼ੁਰਗ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਉਹ ਖੁਦ ਉਸ ਵਿਅਕਤੀ ਤੱਕ ਪਹੁੰਚ ਕਰਕੇ ਉਸ ਦੀਆਂ ਜ਼ਰੂਰਤਾਂ ਦਾ ਜਾਇਜ਼ਾ ਲੈਂਦੇ ਹਨ ਅਤੇ ਹਰ ਸੰਭਵ ਮਦਦ ਯਕੀਨੀ ਬਣਾਉਂਦੇ ਹਨ। ਹਰਜੀਤ ਕੌਰ ਨੇ ਦੱਸਿਆ ਕਿ ਹਰ ਸਾਲ ਲੋਹੜੀ ਦੇ ਮੌਕੇ ਤੇ ਵੀ ਵਿਸ਼ੇਸ਼ ਸਮਾਗਮ ਕਰਵਾਇਆ ਜਾਂਦਾ ਹੈ, ਜਿਸ ਦੌਰਾਨ ਲੋੜਵੰਦ ਬਜ਼ੁਰਗਾਂ ਨੂੰ ਬਿਸਤਰੇ, ਗਰਮ ਕੱਪੜੇ, ਦਵਾਈਆਂ ਅਤੇ ਹੋਰ ਲੋੜੀਂਦਾ ਸਮਾਨ ਦੇ ਕੇ ਸਨਮਾਨਿਤ ਕੀਤਾ ਜਾਂਦਾ ਹੈ। ਇਸ ਉਪਰਾਲੇ ਦਾ ਮਕਸਦ ਬਜ਼ੁਰਗਾਂ ਨੂੰ ਇਹ ਅਹਿਸਾਸ ਕਰਵਾਉਣਾ ਹੈ ਕਿ ਸਮਾਜ ਉਨ੍ਹਾਂ ਦੇ ਨਾਲ ਖੜ੍ਹਾ ਹੈ ਅਤੇ ਉਨ੍ਹਾਂ ਦੀ ਕਦਰ ਕਰਦਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰੇ ਸੇਵਾ ਕਾਰਜਾਂ ਵਿੱਚ ਡਾਕਟਰ ਪਰਮਜੀਤ ਸਿੰਘ ਆਸਟਰੇਲੀਆ ਵਾਲਿਆਂ ਦਾ ਵਿਸ਼ੇਸ਼ ਸਹਿਯੋਗ ਮਿਲਦਾ ਹੈ। ਉਨ੍ਹਾਂ ਦੇ ਸਹਿਯੋਗ ਅਤੇ ਦਾਨੀ ਸੱਜਣਾਂ ਦੇ ਯੋਗਦਾਨ ਨਾਲ ਹੀ ਸੰਸਥਾਵਾਂ ਲਗਾਤਾਰ ਲੋੜਵੰਦ ਬਜ਼ੁਰਗਾਂ ਤੱਕ ਮਦਦ ਪਹੁੰਚਾਉਣ ਵਿੱਚ ਸਫ਼ਲ ਹੋ ਰਹੀਆਂ ਹਨ। ਦੋਵੇਂ ਸੰਸਥਾਵਾਂ ਦੇ ਸੇਵਾਦਾਰ ਨਿਸ਼ਕਾਮ ਭਾਵਨਾ ਨਾਲ ਦਿਨ-ਰਾਤ ਸੇਵਾ ਵਿੱਚ ਜੁਟੇ ਰਹਿੰਦੇ ਹਨ। ਰਸਵਿੰਦਰ ਸਿੰਘ ਅਤੇ ਹਰਜੀਤ ਕੌਰ ਨੇ ਸਮਾਜ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਇਲਾਕੇ ਵਿੱਚ ਕੋਈ ਲੋੜਵੰਦ, ਬੇਸਹਾਰਾ ਜਾਂ ਆਰਥਿਕ ਤੌਰ ਤੇ ਕਮਜ਼ੋਰ ਬਜ਼ੁਰਗ ਰਹਿ ਰਿਹਾ ਹੋਵੇ ਤਾਂ ਉਸ ਦੀ ਜਾਣਕਾਰੀ ਸੰਸਥਾ ਤੱਕ ਜ਼ਰੂਰ ਪਹੁੰਚਾਈ ਜਾਵੇ। ਉਨ੍ਹਾਂ ਕਿਹਾ ਕਿ ਸੰਸਥਾਵਾਂ ਦੇ ਦਰਵਾਜ਼ੇ ਹਰ ਵੇਲੇ ਖੁੱਲ੍ਹੇ ਹਨ ਅਤੇ ਉਨ੍ਹਾਂ ਦੀ ਟੀਮ 24 ਘੰਟੇ ਸੇਵਾ ਲਈ ਤਿਆਰ ਰਹਿੰਦੀ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਸਮਾਜ ਦੇ ਸਹਿਯੋਗ ਨਾਲ ਹੋਰ ਵੀ ਵੱਧ ਬਜ਼ੁਰਗਾਂ ਤੱਕ ਮਦਦ ਪਹੁੰਚਾਈ ਜਾ ਸਕੇਗੀ ਅਤੇ ਉਨ੍ਹਾਂ ਦੀ ਜ਼ਿੰਦਗੀ ਨੂੰ ਸੁਖਾਲਾ ਬਣਾਇਆ ਜਾ ਸਕੇਗਾ।