ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਟਕਰਾਅ ਹੋਇਆ ਹੋਰ ਗਹਿਰਾ
ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵਿਚਾਲੇ ਟਕਰਾਅ ਹੋਇਆ ਹੋਰ ਗਹਿਰਾ
Publish Date: Sun, 21 Jun 2026 06:09 PM (IST)
Updated Date: Sun, 21 Jun 2026 06:12 PM (IST)

ਭਾਈ ਚਾਵਲਾ ਨੇ ਹਰਜੋਤ ਬੈਂਸ ਦੀ ਕੀਤੀ ਸਖਤ ਨਿੰਦਾ ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ : ਸ੍ਰੀ ਅਨੰਦਪੁਰ ਸਾਹਿਬ ਨਾਲ ਸੰਬੰਧਿਤ ਵਿਕਾਸ ਕਾਰਜਾਂ, ਵਿਰਾਸਤੀ ਮਾਰਗ ਅਤੇ ਧਾਰਮਿਕ ਅਧਿਕਾਰ ਖੇਤਰ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚਾਲੇ ਚੱਲ ਰਹੀ ਖਿੱਚੋਤਾਣ ਹੁਣ ਇੱਕ ਨਵੇਂ ਮੋੜ ਤੇ ਪਹੁੰਚ ਗਈ ਹੈ। ਇੱਕ ਪਾਸੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਚੱਲ ਰਹੇ ਵਿਵਾਦ ਦੇ ਮੱਦੇਨਜ਼ਰ 29 ਜੂਨ ਨੂੰ ਪੰਜਾਬ ਮੰਤਰੀ ਮੰਡਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤੇ ਜਾਣ ਦੀ ਚਰਚਾ ਹੈ, ਜਦਕਿ ਦੂਜੇ ਪਾਸੇ ਸਿੱਖਿਆ ਮੰਤਰੀ ਅਤੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਵੱਲੋਂ ਜਾਰੀ ਕੀਤੀ ਗਈ ਇੱਕ ਵੀਡੀਓ ਨੇ ਨਵਾਂ ਵਿਵਾਦ ਖੜ੍ਹਾ ਕਰ ਦਿੱਤਾ ਹੈ। ਆਪਣੀ ਵੀਡੀਓ ਵਿੱਚ ਹਰਜੋਤ ਸਿੰਘ ਬੈਂਸ ਨੇ ਸ਼੍ਰੋਮਣੀ ਕਮੇਟੀ ਤੇ ਸਿੱਧੇ ਦੋਸ਼ ਲਗਾਉਂਦਿਆਂ ਕਿਹਾ ਕਿ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਵਿੱਚ ਦੁਕਾਨਾਂ ਦੀ ਨਿਲਾਮੀ ਰਾਹੀਂ ਹਰ ਸਾਲ ਲਗਭਗ ਅੱਠ ਕਰੋੜ ਰੁਪਏ ਦੀ ਆਮਦਨ ਪ੍ਰਾਪਤ ਕਰਦੀ ਹੈ ਪਰ ਇਸ ਰਕਮ ਦਾ ਇਲਾਕੇ ਦੇ ਵਿਕਾਸ ਲਈ ਕੋਈ ਢੁੱਕਵਾਂ ਉਪਯੋਗ ਨਹੀਂ ਕੀਤਾ ਗਿਆ। ਉਨ੍ਹਾਂ ਸਵਾਲ ਉਠਾਇਆ ਕਿ ਜੇਕਰ ਇੰਨੀ ਵੱਡੀ ਰਕਮ ਹਰ ਸਾਲ ਇਕੱਠੀ ਹੁੰਦੀ ਹੈ ਤਾਂ ਇਲਾਕੇ ਵਿੱਚ ਕੋਈ ਵੱਡਾ ਹਸਪਤਾਲ ਜਾਂ ਹੋਰ ਜਨਹਿਤ ਪ੍ਰਾਜੈਕਟ ਕਿਉਂ ਨਹੀਂ ਬਣਾਇਆ ਗਿਆ। ਬੈਂਸ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਵਿਕਾਸ ਲਈ ਕਈ ਯੋਜਨਾਵਾਂ ਤਿਆਰ ਕੀਤੀਆਂ ਗਈਆਂ ਹਨ ਪਰ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਨੂੰ ਲਾਗੂ ਕਰਨ ਵਿੱਚ ਰੁਕਾਵਟਾਂ ਪਾਈਆਂ ਜਾ ਰਹੀਆਂ ਹਨ। ਉਨ੍ਹਾਂ ਖ਼ਾਸ ਤੌਰ ਤੇ ਪਾਰਕਿੰਗ ਪ੍ਰਬੰਧ , ਵ੍ਹਾਈਟ ਸਟਰੀਟ ਅਤੇ ਹੋਰ ਵਿਕਾਸ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਲੋਕਾਂ ਤੇ ਸੰਗਤਾਂ ਦੀ ਸਹੂਲਤ ਲਈ ਕੰਮ ਕਰਨਾ ਚਾਹੁੰਦੀ ਹੈ ਪਰ ਇਸ ਨੂੰ ਅੱਗੇ ਨਹੀਂ ਵੱਧਣ ਦਿੱਤਾ ਜਾ ਰਿਹਾ। ਦੂਜੇ ਪਾਸੇ ਜਦੋਂ ਇਸ ਮਾਮਲੇ ਸਬੰਧੀ ਹਲਕੇ ਦੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਸਪਸ਼ਟ ਤੌਰ ਤੇ ਕਿਹਾ ਕਿ ਹਰਜੋਤ ਬੈਂਸ ਝੂਠ ਬੋਲ ਕੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ। ਉਨ੍ਹਾਂ ਦੇ ਅਨੁਸਾਰ ਸ਼ਤਾਬਦੀ ਸਮਾਗਮਾਂ ਤੋਂ ਪਹਿਲਾਂ ਸਰਕਾਰ ਵੱਲੋਂ ਸੜਕ ਦੇ ਵਿਚਕਾਰ ਵੱਡਾ ਖੱਡਾ ਪੁੱਟ ਦਿੱਤਾ ਗਿਆ ਸੀ, ਜਿਸ ਕਾਰਨ ਸੰਗਤਾਂ ਨੂੰ ਆਉਣ ਜਾਣ ਵਿੱਚ ਮੁਸ਼ਕਿਲ ਪੈ ਸਕਦੀ ਸੀ। ਇਸ ਲਈ ਉਸ ਕੰਮ ਨੂੰ ਰੋਕਿਆ ਗਿਆ ਸੀ। ਭਾਈ ਚਾਵਲਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਦੇ ਵਿਕਾਸ ਦੇ ਵਿਰੁੱਧ ਨਹੀਂ ਹੈ ਪਰ ਗੁਰਦੁਆਰਾ ਸਾਹਿਬਾਨ ਅਤੇ ਤਖ਼ਤ ਸਾਹਿਬ ਦੇ ਅਧਿਕਾਰ ਖੇਤਰ ਅੰਦਰ ਕਿਸੇ ਵੀ ਤਰ੍ਹਾਂ ਦਾ ਕੰਮ ਸ਼੍ਰੋਮਣੀ ਕਮੇਟੀ ਦੀ ਸਹਿਮਤੀ ਅਤੇ ਸਿੱਖ ਪਰੰਪਰਾਵਾਂ ਦੇ ਅਨੁਸਾਰ ਹੀ ਹੋ ਸਕਦਾ ਹੈ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਚੋਣਾਂ ਨੇੜੇ ਆਉਣ ਕਾਰਨ ਹਰਜੋਤ ਸਿੰਘ ਬੈਂਸ ਜਨਤਾ ਦਾ ਧਿਆਨ ਅਸਲ ਮੁੱਦਿਆਂ ਤੋਂ ਹਟਾਉਣ ਲਈ ਅਜਿਹੇ ਬਿਆਨ ਦੇ ਰਹੇ ਹਨ। ਮੁੱਖ ਕਾਰਨ ਹੈ ਵਿਰਾਸਤੀ ਮਾਰਗ ਇਸ ਸਾਰੇ ਵਿਵਾਦ ਦਾ ਕੇਂਦਰ ਉਹ ਵਿਸ਼ਵ ਪੱਧਰੀ ਵਿਰਾਸਤੀ ਮਾਰਗ ਹੈ, ਜਿਸ ਨੂੰ ਪੰਜਾਬ ਸਰਕਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਮੁੱਖ ਮਾਰਗ ਨਾਲ ਜੋੜਨ ਲਈ ਬਣਾਉਣਾ ਚਾਹੁੰਦੀ ਹੈ। ਇਸ ਪ੍ਰਾਜੈਕਟ ਲਈ ਲਗਭਗ 25 ਕਰੋੜ ਰੁਪਏ ਦੀ ਰਕਮ ਵੀ ਮਨਜ਼ੂਰ ਕੀਤੀ ਜਾ ਚੁੱਕੀ ਹੈ ਤੇ ਇਸ ਦਾ ਨੀਹ ਪੱਥਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰੱਖਿਆ ਵੀ ਜਾ ਚੁੱਕਾ ਹੈ ਪਰ ਸ਼੍ਰੋਮਣੀ ਕਮੇਟੀ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਇਹ ਕਹਿੰਦੇ ਹੋਏ ਕੰਮ ਰੋਕ ਦਿੱਤਾ ਗਿਆ ਸੀ ਕਿ ਖਾਲਸਾ ਪੰਥ ਦੇ ਸ਼ਤਾਬਦੀ ਸਮਾਗਮਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪਹਿਲਾਂ ਸਮਾਗਮ ਸੰਪੰਨ ਹੋਣ ਦਿੱਤੇ ਜਾਣ ਤੇ ਉਸ ਤੋਂ ਬਾਅਦ ਇਸ ਮਾਮਲੇ ਤੇ ਵਿਚਾਰ ਕੀਤਾ ਜਾਵੇ। ਪੰਜਾਬ ਸਰਕਾਰ ਨੇ ਬਣਾਈ ਛੇ ਮੈਂਬਰੀ ਕਮੇਟੀ ਇਸ ਦੌਰਾਨ ਪੰਜਾਬ ਸਰਕਾਰ ਨੇ ਇਸ ਪ੍ਰਾਜੈਕਟ ਨੂੰ ਅੱਗੇ ਵਧਾਉਣ ਲਈ ਇੱਕ ਛੇ ਮੈਂਬਰੀ ਕਮੇਟੀ ਦਾ ਗਠਨ ਵੀ ਕਰ ਦਿੱਤਾ ਹੈ। ਇਸ ਕਮੇਟੀ ਵਿੱਚ ਸੈਰ ਸਪਾਟਾ ਮੰਤਰੀ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਸੰਤ ਬਾਬਾ ਸਤਨਾਮ ਸਿੰਘ ਕਿਲਾ ਅਨੰਦਗੜ੍ਹ ਸਾਹਿਬ ਵਾਲੇ, ਸ਼੍ਰੋਮਣੀ ਕਮੇਟੀ ਦਾ ਇੱਕ ਨੁਮਾਇੰਦਾ ਅਤੇ ਸਬੰਧਤ ਵਿਭਾਗ ਦਾ ਉੱਚ ਅਧਿਕਾਰੀ ਸ਼ਾਮਲ ਕੀਤਾ ਗਿਆ ਹੈ। ਸੰਤ ਬਾਬਾ ਸਤਨਾਮ ਸਿੰਘ ਨੇ ਵੀ ਕਮੇਟੀ ਦੇ ਗਠਨ ਦੀ ਪੁਸ਼ਟੀ ਕੀਤੀ ਹੈ। ਸੂਤਰਾਂ ਮੁਤਾਬਕ ਸਰਕਾਰ ਵੱਲੋਂ ਇਸ ਸਬੰਧੀ ਅਧਿਕਾਰਕ ਪੱਤਰ ਵੀ ਜਾਰੀ ਕਰ ਦਿੱਤਾ ਗਿਆ ਹੈ। ਰਾਜਨੀਤਿਕ ਅਤੇ ਧਾਰਮਿਕ ਹਲਕਿਆਂ ਵਿੱਚ ਇਸ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਦੇਖਿਆ ਜਾ ਰਿਹਾ ਹੈ। ਇੱਕ ਪਾਸੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਜਾਬ ਸਰਕਾਰ ਵਿਚਾਲੇ ਚੱਲ ਰਹੀ ਤਣਾਅਪੂਰਨ ਸਥਿਤੀ ਹੈ, ਜਦਕਿ ਦੂਜੇ ਪਾਸੇ ਸ੍ਰੀ ਅਨੰਦਪੁਰ ਸਾਹਿਬ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਅਤੇ ਸਰਕਾਰ ਆਹਮੋ-ਸਾਹਮਣੇ ਨਜ਼ਰ ਆ ਰਹੀਆਂ ਹਨ। ਮਾਹਿਰਾਂ ਦਾ ਮੰਨਣਾ ਹੈ ਕਿ ਜੇਕਰ ਦੋਵੇਂ ਧਿਰਾਂ ਆਪਸੀ ਸਹਿਮਤੀ ਅਤੇ ਸੰਵਾਦ ਰਾਹੀਂ ਕੋਈ ਰਾਹ ਨਹੀਂ ਕੱਢਦੀਆਂ ਤਾਂ ਇਹ ਵਿਵਾਦ ਹੋਰ ਵੱਧ ਸਕਦਾ ਹੈ। ਫਿਲਹਾਲ ਸਾਰਿਆਂ ਦੀਆਂ ਨਜ਼ਰਾਂ ਵਿਰਾਸਤੀ ਮਾਰਗ ਪ੍ਰਾਜੈਕਟ, ਛੇ ਮੈਂਬਰੀ ਕਮੇਟੀ ਦੀਆਂ ਮੀਟਿੰਗਾਂ ਅਤੇ 29 ਜੂਨ ਤੋਂ ਬਾਅਦ ਬਣਨ ਵਾਲੀ ਸਥਿਤੀ ਤੇ ਟਿਕੀਆਂ ਹੋਈਆਂ ਹਨ। ਆਉਣ ਵਾਲਾ ਸਮਾਂ ਹੀ ਦੱਸੇਗਾ ਕਿ ਇਹ ਪ੍ਰਾਜੈਕਟ ਅਮਲੀ ਰੂਪ ਧਾਰਦਾ ਹੈ ਜਾਂ ਫਿਰ ਧਾਰਮਿਕ ਤੇ ਪ੍ਰਸ਼ਾਸਨਿਕ ਅਧਿਕਾਰਾਂ ਦੀ ਇਸ ਖਿੱਚੋਤਾਣ ’ਚ ਹੋਰ ਦੇਰੀ ਦਾ ਸ਼ਿਕਾਰ ਹੁੰਦਾ ਹੈ।